LPU ਵਿਵਾਦ ’ਤੇ ਪੁਲਿਸ ਦਾ ਵੱਡਾ ਐਕਸ਼ਨ, DGP ਨੇ ਕਿਹਾ- ਜਾਂਚ ’ਚ ਦੋਸ਼ੀ ਮਿਲਿਆ ਤਾਂ ਹੋਵੇਗੀ ਕਾਨੂੰਨੀ ਕਾਰਵਾਈ
ਡੀਜੀਪੀ ਨੇ ਦੱਸਿਆ ਕਿ ਵਿਦਿਆਰਥੀਆਂ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਵਿਚਾਲੇ ਪੈਦਾ ਹੋਏ ਮਤਭੇਦਾਂ ਨੂੰ ਗੱਲਬਾਤ ਰਾਹੀਂ ਸੁਲਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦੀ ਤਰਜੀਹ ਵਿਦਿਆਰਥੀਆਂ ਦੀਆਂ ਸ਼ਿਕਾਇਤਾਂ ਸੁਣ ਕੇ ਉਨ੍ਹਾਂ ਦਾ ਹੱਲ ਕਰਨਾ ਹੈ।

ਫਗਵਾੜਾ
ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਪਿਛਲੇ ਦੋ ਦਿਨਾਂ ਤੋਂ ਬਣੇ ਤਣਾਅਪੂਰਨ ਮਾਹੌਲ ਦਰਮਿਆਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਯੂਨੀਵਰਸਿਟੀ ਦਾ ਦੌਰਾ ਕਰਕੇ ਮੌਜੂਦਾ ਹਾਲਾਤ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਜੋ ਵੀ ਵਿਅਕਤੀ ਦੋਸ਼ੀ ਪਾਇਆ ਗਿਆ, ਉਸ ਨੂੰ ਕਾਨੂੰਨ ਮੁਤਾਬਕ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।
ਡੀਜੀਪੀ ਨੇ ਦੱਸਿਆ ਕਿ ਵਿਦਿਆਰਥੀਆਂ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਵਿਚਾਲੇ ਪੈਦਾ ਹੋਏ ਮਤਭੇਦਾਂ ਨੂੰ ਗੱਲਬਾਤ ਰਾਹੀਂ ਸੁਲਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦੀ ਤਰਜੀਹ ਵਿਦਿਆਰਥੀਆਂ ਦੀਆਂ ਸ਼ਿਕਾਇਤਾਂ ਸੁਣ ਕੇ ਉਨ੍ਹਾਂ ਦਾ ਹੱਲ ਕਰਨਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਬੱਚਿਆਂ ਵਾਂਗ ਦੱਸਦਿਆਂ ਕਿਹਾ ਕਿ ਪੁਲਿਸ ਵੱਲੋਂ ਸਥਿਤੀ ਨੂੰ ਸ਼ਾਂਤੀਪੂਰਵਕ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਬੀਤੇ ਦਿਨ ਪ੍ਰਦਰਸ਼ਨ ਦੌਰਾਨ ਪਥਰਾਅ ਅਤੇ ਕੁਝ ਵਾਹਨਾਂ ਨੂੰ ਅੱਗ ਲਗਾਉਣ ਦੀ ਘਟਨਾ ਤੋਂ ਬਾਅਦ ਪੁਲਿਸ ਵੱਲੋਂ ਬਲ ਦੀ ਵਰਤੋਂ ਕੀਤੀ ਗਈ ਸੀ। ਇਸ ਸਬੰਧੀ ਡੀਜੀਪੀ ਨੇ ਕਿਹਾ ਕਿ ਪੁਲਿਸ ਦੀ ਕੋਸ਼ਿਸ਼ ਸੀ ਕਿ ਵਿਦਿਆਰਥੀਆਂ ਖ਼ਿਲਾਫ਼ ਬਲ ਦੀ ਵਰਤੋਂ ਨਾ ਕੀਤੀ ਜਾਵੇ, ਪਰ ਹਾਲਾਤ ਵਿਗੜਨ ਅਤੇ ਉਕਸਾਵੇ ਤੋਂ ਬਾਅਦ ਸੀਮਤ ਬਲ ਦੀ ਵਰਤੋਂ ਕਰਨੀ ਪਈ।
ਡੀਜੀਪੀ ਨੇ ਇਹ ਵੀ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਗਰਲਜ਼ ਹੋਸਟਲ ਵਿੱਚ ਸਿਰਫ਼ ਮਹਿਲਾ ਕਰਮਚਾਰੀਆਂ ਦੀ ਤਾਇਨਾਤੀ ਸਮੇਤ ਕੁਝ ਮੰਗਾਂ ਰੱਖੀਆਂ ਗਈਆਂ ਸਨ। ਪੁਲਿਸ ਨੇ ਵਿਦਿਆਰਥੀਆਂ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਵਿਚਾਲੇ ਮੀਟਿੰਗ ਕਰਵਾ ਕੇ ਇਨ੍ਹਾਂ ਮੁੱਦਿਆਂ ਨੂੰ ਸੁਲਝਾਉਣ ਦੀ ਕੋਸ਼ਿਸ਼ ਕੀਤੀ ਹੈ।
FIR ਦਰਜ, SIT ਕਰ ਰਹੀ ਮਾਮਲੇ ਦੀ ਜਾਂਚ
ਵਿਦਿਆਰਥੀਆਂ ਵੱਲੋਂ ਲਗਾਏ ਗਏ ਦੋਸ਼ਾਂ ਬਾਰੇ ਡੀਜੀਪੀ ਨੇ ਕਿਹਾ ਕਿ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਜਾ ਚੁੱਕੀ ਹੈ ਅਤੇ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਾਂਚ ਨੂੰ ਡੂੰਘਾਈ ਨਾਲ ਅੱਗੇ ਵਧਾਇਆ ਜਾਵੇਗਾ ਅਤੇ ਜੇਕਰ ਕੋਈ ਵੀ ਵਿਅਕਤੀ ਮਾਮਲੇ ਵਿੱਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਹੋਵੇਗੀ।
ਉਨ੍ਹਾਂ ਸਪੱਸ਼ਟ ਕੀਤਾ ਕਿ ਕਾਰਵਾਈ ਤੋਂ ਕਿਸੇ ਨੂੰ ਵੀ ਛੋਟ ਨਹੀਂ ਦਿੱਤੀ ਜਾਵੇਗੀ। ਚਾਹੇ ਕੋਈ ਵੱਡਾ ਅਧਿਕਾਰੀ ਹੋਵੇ ਜਾਂ ਯੂਨੀਵਰਸਿਟੀ ਪ੍ਰਸ਼ਾਸਨ ਨਾਲ ਸਬੰਧਤ ਵਿਅਕਤੀ, ਜਾਂਚ ਵਿੱਚ ਦੋਸ਼ੀ ਪਾਏ ਜਾਣ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਭੰਨਤੋੜ ਕਰਨ ਵਾਲਿਆਂ ਦੀ ਵੀ ਹੋਵੇਗੀ ਜਾਂਚ
ਯੂਨੀਵਰਸਿਟੀ ਅੰਦਰ ਹੋਈ ਭੰਨਤੋੜ ਦੇ ਮਾਮਲੇ ’ਤੇ ਡੀਜੀਪੀ ਨੇ ਕਿਹਾ ਕਿ ਘਟਨਾ ਦੀ ਵਿਗਿਆਨਕ ਅਤੇ ਤਕਨੀਕੀ ਢੰਗ ਨਾਲ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਨੂੰਨ ਆਪਣੇ ਹੱਥ ਵਿੱਚ ਲੈਣ ਵਾਲੇ ਕਿਸੇ ਵੀ ਵਿਅਕਤੀ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਡੀਜੀਪੀ ਗੌਰਵ ਯਾਦਵ ਨੇ ਲੋਕਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ਜਾਂ ਹੋਰ ਸਰੋਤਾਂ ਰਾਹੀਂ ਫੈਲ ਰਹੀਆਂ ਅਫਵਾਹਾਂ ’ਤੇ ਵਿਸ਼ਵਾਸ ਨਾ ਕਰਨ ਅਤੇ ਮਾਮਲੇ ਸਬੰਧੀ ਸਿਰਫ਼ ਅਧਿਕਾਰਤ ਜਾਣਕਾਰੀ ’ਤੇ ਭਰੋਸਾ ਕਰਨ।
-(ਟੀਵੀ 9 ਪੰਜਾਬੀ)
ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


