ਰਾਜੋਆਣਾ ਨੇ ਜਥੇਦਾਰ ਗੜਗੱਜ ਅੱਗੇ ਰੱਖੀ ਆਪਣੀ ਗੱਲ, ਕਿਹਾ- ਲੰਬਿਤ ਮਾਮਲੇ ਦਾ ਹੁਣ ਹੋਵੇ ਫੈਸਲਾ
ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੁਲਾਕਾਤ ਕੀਤੀ।

ਪਟਿਆਲਾ
ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਰਾਜੋਆਣਾ ਨਾਲ ਉਨ੍ਹਾਂ ਦੇ ਮਾਮਲੇ ਅਤੇ ਲੰਬਿਤ ਪਈ ਮਰਸੀ ਪਟੀਸ਼ਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਮੁਲਾਕਾਤ ਤੋਂ ਬਾਅਦ ਜਥੇਦਾਰ ਗੜਗੱਜ ਨੇ ਕਿਹਾ ਕਿ ਰਾਜੋਆਣਾ ਦੀ ਮੁੱਖ ਮੰਗ ਇਹ ਹੈ ਕਿ ਉਨ੍ਹਾਂ ਨਾਲ ਸਬੰਧਤ ਮਾਮਲੇ ’ਤੇ ਹੁਣ ਹੋਰ ਦੇਰੀ ਨਾ ਕੀਤੀ ਜਾਵੇ ਅਤੇ ਜਲਦ ਕੋਈ ਫੈਸਲਾ ਲਿਆ ਜਾਵੇ। ਉਨ੍ਹਾਂ ਮੁਤਾਬਕ ਰਾਜੋਆਣਾ ਨੇ ਕਿਹਾ ਕਿ ਉਹ ਕਿਸੇ ਤਰ੍ਹਾਂ ਦੀ ਰਹਿਮ ਦੀ ਮੰਗ ਨਹੀਂ ਕਰ ਰਹੇ, ਸਗੋਂ ਉਨ੍ਹਾਂ ਦਾ ਕਹਿਣਾ ਹੈ ਕਿ ਜੋ ਮਾਮਲਾ ਲੰਬੇ ਸਮੇਂ ਤੋਂ ਪੈਂਡਿੰਗ ਹੈ, ਉਸ ਦਾ ਨਿਪਟਾਰਾ ਹੋਣਾ ਚਾਹੀਦਾ ਹੈ।
‘ਫੈਸਲਾ ਜੋ ਵੀ ਹੋਵੇ, ਪਰ ਹੁਣ ਹੋਣਾ ਚਾਹੀਦਾ ਹੈ’
ਜਥੇਦਾਰ ਗੜਗੱਜ ਨੇ ਦੱਸਿਆ ਕਿ ਰਾਜੋਆਣਾ ਦਾ ਰੁਖ ਸਪੱਸ਼ਟ ਹੈ ਕਿ ਉਨ੍ਹਾਂ ਦੇ ਮਾਮਲੇ ਵਿੱਚ ਫੈਸਲਾ ਲਿਆ ਜਾਵੇ। ਉਨ੍ਹਾਂ ਕਿਹਾ ਕਿ ਰਾਜੋਆਣਾ ਨੇ ਇਹ ਗੱਲ ਰੱਖੀ ਹੈ ਕਿ ਫਾਂਸੀ ਦੀ ਸਜ਼ਾ ਹੋਵੇ ਜਾਂ ਕੋਈ ਹੋਰ ਫੈਸਲਾ, ਪਰ ਮਾਮਲਾ ਅਣਮਿੱਥੇ ਸਮੇਂ ਤੱਕ ਲਟਕਿਆ ਨਹੀਂ ਰਹਿਣਾ ਚਾਹੀਦਾ।
ਜਥੇਦਾਰ ਮੁਤਾਬਕ ਰਾਜੋਆਣਾ ਨੇ ਕਿਹਾ ਕਿ ਉਹ ਜ਼ਿੱਲਤ ਭਰੀ ਜ਼ਿੰਦਗੀ ਨਾਲੋਂ ਸ਼ਹਾਦਤ ਨੂੰ ਤਰਜੀਹ ਦੇਣਗੇ। ਉਨ੍ਹਾਂ ਇਹ ਵੀ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ SGPC ਵੱਲੋਂ ਵੀ ਇਸ ਮਾਮਲੇ ਨੂੰ ਲੈ ਕੇ ਜਲਦ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਜਥੇਦਾਰ ਗੜਗੱਜ ਨੇ ਕਿਹਾ ਕਿ ਮੁਲਾਕਾਤ ਦੌਰਾਨ ਰਾਜੋਆਣਾ ਚੜ੍ਹਦੀ ਕਲਾ ਵਿੱਚ ਨਜ਼ਰ ਆਏ। ਗੱਲਬਾਤ ਦੌਰਾਨ ਉਨ੍ਹਾਂ ਨੇ ਜਗਤਾਰ ਸਿੰਘ ਹਵਾਰਾ ਨਾਲ ਸਬੰਧਤ ਮਾਮਲੇ ਬਾਰੇ ਵੀ ਵਿਚਾਰ ਸਾਂਝੇ ਕੀਤੇ।
SGPC ਪ੍ਰਧਾਨ ਧਾਮੀ ਨੇ ਵੀ ਰੱਖਿਆ ਪੱਖ
SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੁਲਾਕਾਤ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਰਾਜੋਆਣਾ ਨੇ ਸਿੱਖ ਪਰੰਪਰਾਵਾਂ ਅਤੇ ਸ਼ਹਾਦਤ ਦੇ ਸੰਦਰਭ ਵਿੱਚ ਆਪਣੀ ਗੱਲ ਰੱਖੀ। ਉਨ੍ਹਾਂ ਮੁਤਾਬਕ ਰਾਜੋਆਣਾ ਨੇ ਕਿਹਾ ਕਿ ਉਹ ਆਪਣੇ ਮਾਮਲੇ ਵਿੱਚ ਫੈਸਲੇ ਲਈ ਤਿਆਰ ਹਨ।
ਧਾਮੀ ਨੇ ਕਿਹਾ ਕਿ ਰਾਜੋਆਣਾ ਦੀ ਮੰਗ ਹੈ ਕਿ ਉਨ੍ਹਾਂ ਦੀ ਪਟੀਸ਼ਨ ’ਤੇ ਸਰਕਾਰ ਫੈਸਲਾ ਲਵੇ ਜਾਂ ਫਿਰ ਸੁਪਰੀਮ ਕੋਰਟ ਵੱਲੋਂ ਇਸ ਮਾਮਲੇ ਦਾ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਮਾਮਲਾ ਲਟਕਿਆ ਰਹਿਣਾ ਵੀ ਇੱਕ ਗੰਭੀਰ ਮੁੱਦਾ ਹੈ।
ਸਿੰਘ ਸਾਹਿਬਾਨ ਨਾਲ ਕੀਤੀ ਜਾਵੇਗੀ ਵਿਚਾਰ-ਚਰਚਾ
ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਸਿੰਘ ਸਾਹਿਬਾਨ ਨਾਲ ਇਕੱਤਰਤਾ ਕਰਕੇ ਅਗਲੀ ਰਣਨੀਤੀ ਬਾਰੇ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਰਾਜੋਆਣਾ ਦੇ ਮਾਮਲੇ ਵਿੱਚ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਪੱਖ ਵੀ ਮਹੱਤਵਪੂਰਨ ਹੈ ਅਤੇ ਇਸ ’ਤੇ ਗੰਭੀਰਤਾ ਨਾਲ ਵਿਚਾਰ ਕਰਨ ਦੀ ਲੋੜ ਹੈ।
-(ਟੀਵੀ 9 ਪੰਜਾਬੀ)
ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


