Tuesday, October 6, 2026
Google search engine
Homeਤਾਜ਼ਾ ਖਬਰDA-DR ਮਾਮਲੇ ’ਚ ਪੰਜਾਬ ਸਰਕਾਰ ਦੀਆਂ ਮੁਸ਼ਕਲਾਂ ਵਧੀਆਂ, ਹਾਈ ਕੋਰਟ ਨੇ ਮੁੱਖ...

DA-DR ਮਾਮਲੇ ’ਚ ਪੰਜਾਬ ਸਰਕਾਰ ਦੀਆਂ ਮੁਸ਼ਕਲਾਂ ਵਧੀਆਂ, ਹਾਈ ਕੋਰਟ ਨੇ ਮੁੱਖ ਸਕੱਤਰ ਨੂੰ ਮੁੜ ਕੀਤਾ ਤਲਬ

DA-DR ਮਾਮਲੇ ’ਚ ਪੰਜਾਬ ਸਰਕਾਰ ਦੀਆਂ ਮੁਸ਼ਕਲਾਂ ਵਧੀਆਂ, ਹਾਈ ਕੋਰਟ ਨੇ ਮੁੱਖ ਸਕੱਤਰ ਨੂੰ ਮੁੜ ਕੀਤਾ ਤਲਬ

ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਅਦਾਲਤ ਨੂੰ ਦੱਸਿਆ ਗਿਆ ਕਿ DA-DR ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਅਪੀਲ ਦਾਇਰ ਕੀਤੀ ਜਾ ਚੁੱਕੀ ਹੈ ਅਤੇ ਇਸ ਸਬੰਧੀ ਸਾਰੇ ਇਤਰਾਜ਼ ਵੀ ਦੂਰ ਕਰ ਦਿੱਤੇ ਗਏ ਹਨ।

ਚੰਡੀਗੜ੍ਹ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲੰਬਿਤ ਮਹਿੰਗਾਈ ਭੱਤੇ (DA) ਤੇ ਮਹਿੰਗਾਈ ਰਾਹਤ (DR) ਦੇ ਭੁਗਤਾਨ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਰੁਖ ਅਪਣਾਇਆ ਹੈ। ਪਿਛਲੇ ਹੁਕਮਾਂ ਦੀ ਪਾਲਣਾ ਨਾ ਹੋਣ ਅਤੇ ਸੁਪਰੀਮ ਕੋਰਟ ਵਿੱਚ ਅਪੀਲ ਦਾਇਰ ਕਰਨ ਦੀ ਸਥਿਤੀ ਬਾਰੇ ਅਦਾਲਤ ਨੂੰ ਸਹੀ ਜਾਣਕਾਰੀ ਨਾ ਦੇਣ ਦੇ ਦੋਸ਼ਾਂ ’ਤੇ ਹਾਈ ਕੋਰਟ ਨੇ ਸੂਬਾ ਸਰਕਾਰ ਤੋਂ ਜਵਾਬ ਮੰਗਿਆ ਹੈ।

ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਅਦਾਲਤ ਨੂੰ ਦੱਸਿਆ ਗਿਆ ਕਿ DA-DR ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਅਪੀਲ ਦਾਇਰ ਕੀਤੀ ਜਾ ਚੁੱਕੀ ਹੈ ਅਤੇ ਇਸ ਸਬੰਧੀ ਸਾਰੇ ਇਤਰਾਜ਼ ਵੀ ਦੂਰ ਕਰ ਦਿੱਤੇ ਗਏ ਹਨ। ਦੂਜੇ ਪਾਸੇ ਪਟੀਸ਼ਨਰ ਵੱਲੋਂ ਪੇਸ਼ ਹੋਏ ਵਕੀਲ ਨੇ ਦਲੀਲ ਦਿੱਤੀ ਕਿ ਸਰਕਾਰ ਵੱਲੋਂ ਜਾਣਬੁੱਝ ਕੇ ਅਪੀਲ ’ਤੇ ਲੱਗੇ ਇਤਰਾਜ਼ ਦੂਰ ਨਹੀਂ ਕੀਤੇ ਜਾ ਰਹੇ ਅਤੇ ਹਾਈ ਕੋਰਟ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਅਦਾਲਤ ਨੇ ਸੁਪਰੀਮ ਕੋਰਟ ਦੀ ਰਜਿਸਟਰੀ ਤੋਂ ਪੰਜਾਬ ਸਰਕਾਰ ਵੱਲੋਂ ਦਾਇਰ ਕੀਤੀ ਅਪੀਲ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਮੰਗੀ ਹੈ। ਇਸ ਦੇ ਨਾਲ ਹੀ ਸੁਣਵਾਈ ਅਗਲੇ ਦਿਨ ਲਈ ਮੁਲਤਵੀ ਕਰ ਦਿੱਤੀ ਗਈ।

ਮੁੱਖ ਸਕੱਤਰ ਖੁਦ ਅਦਾਲਤ ’ਚ ਹੋਏ ਪੇਸ਼

ਹਾਈ ਕੋਰਟ ਦੇ ਪਿਛਲੇ ਹੁਕਮਾਂ ਤਹਿਤ ਪੰਜਾਬ ਦੇ ਮੁੱਖ ਸਕੱਤਰ ਸੋਮਵਾਰ ਨੂੰ ਖੁਦ ਅਦਾਲਤ ਵਿੱਚ ਪੇਸ਼ ਹੋਏ ਅਤੇ ਸਰਕਾਰ ਵੱਲੋਂ ਆਪਣਾ ਪੱਖ ਰੱਖਿਆ। ਹਾਲਾਂਕਿ ਅਦਾਲਤ ਉਨ੍ਹਾਂ ਵੱਲੋਂ ਦਿੱਤੀਆਂ ਦਲੀਲਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਨਹੀਂ ਹੋਈ।

ਪਿਛਲੀ ਸੁਣਵਾਈ ਦੌਰਾਨ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੀ ਬੈਂਚ ਨੇ ਮੁੱਖ ਸਕੱਤਰ ਨੂੰ 5 ਅਕਤੂਬਰ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਸਨ। ਅਦਾਲਤ ਨੇ ਕਿਹਾ ਸੀ ਕਿ 3 ਅਗਸਤ ਦੇ ਹੁਕਮਾਂ ਦੇ ਬਾਵਜੂਦ ਹੁਕਮਾਂ ਦੀ ਪਾਲਣਾ ਸਬੰਧੀ ਮੁੱਖ ਸਕੱਤਰ ਵੱਲੋਂ ਹਲਫ਼ਨਾਮਾ ਦਾਇਰ ਨਹੀਂ ਕੀਤਾ ਗਿਆ।

ਸਰਕਾਰ ਨੂੰ ਅਪੀਲ ਕਰਨ ਦਾ ਹੱਕ, ਪਰ ਮਾਮਲਾ ਲਟਕਾਇਆ ਨਹੀਂ ਜਾ ਸਕਦਾ

ਹਾਈ ਕੋਰਟ ਨੇ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਨੂੰ ਆਪਣੇ ਖ਼ਿਲਾਫ਼ ਆਏ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ ਵਿੱਚ ਅਪੀਲ ਕਰਨ ਦਾ ਪੂਰਾ ਅਧਿਕਾਰ ਹੈ। ਪਰ ਇਸ ਅਧਿਕਾਰ ਦੀ ਵਰਤੋਂ ਕਾਰਵਾਈ ਨੂੰ ਬੇਵਜ੍ਹਾ ਜਾਂ ਅਣਮਿੱਥੇ ਸਮੇਂ ਤੱਕ ਲਟਕਾਉਣ ਲਈ ਨਹੀਂ ਕੀਤੀ ਜਾ ਸਕਦੀ।

ਪਟੀਸ਼ਨਰਾਂ ਨੇ ਦਲੀਲ ਦਿੱਤੀ ਕਿ ਸਰਕਾਰ ਵੱਲੋਂ ਇਹ ਪ੍ਰਭਾਵ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਦੋਵੇਂ ਧਿਰਾਂ ਵਿਚਕਾਰ ਕਿਸੇ ਤਰ੍ਹਾਂ ਦਾ ਸਮਝੌਤਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੰਗ ਸਿਰਫ਼ ਹਾਈ ਕੋਰਟ ਦੇ ਪਹਿਲਾਂ ਜਾਰੀ ਹੁਕਮਾਂ ਨੂੰ ਲਾਗੂ ਕਰਵਾਉਣ ਤੱਕ ਸੀਮਿਤ ਹੈ।

ਅਦਾਲਤ ਨੇ ਇਹ ਵੀ ਕਿਹਾ ਕਿ ਸਰਕਾਰ ਵੱਖ-ਵੱਖ ਯੋਜਨਾਵਾਂ ਤਹਿਤ ਵੱਡੀਆਂ ਰਕਮਾਂ ਖਰਚ ਕਰ ਰਹੀ ਹੈ, ਜਦਕਿ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਬਕਾਇਆ ਹੱਕਾਂ ਦੇ ਭੁਗਤਾਨ ਦਾ ਮਾਮਲਾ ਲੰਬਿਤ ਹੈ। ਜੇਕਰ ਅਪੀਲ ਨੂੰ ਜਾਣਬੁੱਝ ਕੇ ਲਟਕਾਇਆ ਜਾ ਰਿਹਾ ਹੈ ਤਾਂ ਇਹ ਗੰਭੀਰ ਮਾਮਲਾ ਹੋ ਸਕਦਾ ਹੈ।

3 ਅਗਸਤ ਨੂੰ ਹਾਈ ਕੋਰਟ ਨੇ ਦਿੱਤੇ ਸਨ ਭੁਗਤਾਨ ਦੇ ਹੁਕਮ

ਦੱਸਣਯੋਗ ਹੈ ਕਿ ਹਾਈ ਕੋਰਟ ਦੀ ਬੈਂਚ ਨੇ 3 ਅਗਸਤ ਨੂੰ ਪੰਜਾਬ ਸਰਕਾਰ ਅਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੂੰ ਸਾਰੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਲੰਬਿਤ DA-DR ਦੀ ਅਪਡੇਟ ਕੀਤੀ ਕਿਸ਼ਤ ਜਾਰੀ ਕਰਨ ਦੇ ਹੁਕਮ ਦਿੱਤੇ ਸਨ। ਅਦਾਲਤ ਨੇ ਇਹ ਭੁਗਤਾਨ ਅਖਿਲ ਭਾਰਤੀ ਸੇਵਾਵਾਂ ਦੇ ਅਧਿਕਾਰੀਆਂ ਨੂੰ ਮਿਲ ਰਹੀ ਕੇਂਦਰੀ ਦਰ ਦੇ ਅਨੁਸਾਰ ਕਰਨ ਲਈ ਕਿਹਾ ਸੀ।

ਅਦਾਲਤ ਨੇ ਭੁਗਤਾਨ ਲਈ ਦੋ ਹਫ਼ਤਿਆਂ ਦੀ ਸਮਾਂ-ਸੀਮਾ ਤੈਅ ਕੀਤੀ ਸੀ। ਹੁਕਮਾਂ ਮੁਤਾਬਕ ਜੇਕਰ ਨਿਰਧਾਰਤ ਸਮੇਂ ਵਿੱਚ ਭੁਗਤਾਨ ਨਹੀਂ ਕੀਤਾ ਜਾਂਦਾ ਤਾਂ ਬਕਾਇਆ ਰਕਮ ’ਤੇ 6 ਫ਼ੀਸਦੀ ਸਾਲਾਨਾ ਸਧਾਰਨ ਵਿਆਜ ਦੇਣ ਦੀ ਹਦਾਇਤ ਵੀ ਕੀਤੀ ਗਈ ਸੀ। ਇਸ ਦੇ ਨਾਲ ਹੀ ਮੁੱਖ ਸਕੱਤਰ ਨੂੰ ਹੁਕਮਾਂ ਦੀ ਪਾਲਣਾ ਸਬੰਧੀ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਗਿਆ ਸੀ।

ਸੁਣਵਾਈ ਦੌਰਾਨ ਸਰਕਾਰ ਵੱਲੋਂ ਅਦਾਲਤ ਨੂੰ ਦੱਸਿਆ ਗਿਆ ਕਿ 1 ਸਤੰਬਰ ਨੂੰ ਇਸ ਮਾਮਲੇ ਸਬੰਧੀ ਸੁਪਰੀਮ ਕੋਰਟ ਵਿੱਚ ਅਪੀਲ ਦਾਇਰ ਕੀਤੀ ਗਈ ਸੀ। ਹੁਣ ਹਾਈ ਕੋਰਟ ਨੇ ਸੁਪਰੀਮ ਕੋਰਟ ਰਜਿਸਟਰੀ ਤੋਂ ਇਸ ਅਪੀਲ ਦੀ ਮੌਜੂਦਾ ਸਥਿਤੀ ਦੀ ਜਾਣਕਾਰੀ ਮੰਗੀ ਹੈ।

-(ਪੰਜਾਬੀ ਜਾਗਰਣ)

ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments