ਝੋਟਾ ਕਤਲ ਮਾਮਲੇ ’ਤੇ ਕੇਂਦਰ ਸਰਕਾਰ ਹੋਈ ਸਰਗਰਮ, ਅਮਿਤ ਸ਼ਾਹ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ; ਦਿੜ੍ਹਬਾ ਖੁਦਕੁਸ਼ੀ ਮਾਮਲਾ ਵੀ ਉਠਾਇਆ
ਅਮਿਤ ਸ਼ਾਹ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਇਸ ਸਮੇਂ ਨਸ਼ਿਆਂ ਦੀ ਸਮੱਸਿਆ, ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਦੇ ਵਧਦੇ ਖ਼ਤਰੇ ਦਾ ਸਾਹਮਣਾ ਕਰ ਰਿਹਾ ਹੈ।

ਨਵੀਂ ਦਿੱਲੀ
ਪੰਜਾਬ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਅਤੇ ਸੰਗਰੂਰ ਦੇ ਦਿੜ੍ਹਬਾ ਵਿੱਚ ਇੱਕ ਵਿਅਕਤੀ ਵੱਲੋਂ ਖੁਦਕੁਸ਼ੀ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਸਰਕਾਰ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲਾ ਦੋਵਾਂ ਘਟਨਾਵਾਂ ਸਬੰਧੀ ਪੰਜਾਬ ਸਰਕਾਰ ਤੋਂ ਜਵਾਬ ਮੰਗੇਗਾ। ਇਨ੍ਹਾਂ ਮਾਮਲਿਆਂ ਨੇ ਸੂਬੇ ਦੀ ਕਾਨੂੰਨ ਵਿਵਸਥਾ ਅਤੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਨਵੀਂ ਸਿਆਸੀ ਚਰਚਾ ਛੇੜ ਦਿੱਤੀ ਹੈ।
ਅਮਿਤ ਸ਼ਾਹ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਇਸ ਸਮੇਂ ਨਸ਼ਿਆਂ ਦੀ ਸਮੱਸਿਆ, ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਦੇ ਵਧਦੇ ਖ਼ਤਰੇ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸਵਾਲ ਕਰਦਿਆਂ ਕਿਹਾ ਕਿ ਸੂਬੇ ਦੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਆਖ਼ਰ ਕੌਣ ਨਿਭਾਏਗਾ।
ਦਿਨ-ਦਿਹਾੜੇ ਕਤਲ ਅਤੇ ਖੁਦਕੁਸ਼ੀ ਦੀ ਘਟਨਾ ’ਤੇ ਚੁੱਕੇ ਸਵਾਲ
ਗ੍ਰਹਿ ਮੰਤਰੀ ਨੇ ਦਿੜ੍ਹਬਾ ਵਿੱਚ ਇੱਕ ਪਿਤਾ ਵੱਲੋਂ ਕਥਿਤ ਦਬਾਅ ਕਾਰਨ ਖੁਦਕੁਸ਼ੀ ਕੀਤੇ ਜਾਣ ਅਤੇ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਦਿਨ-ਦਿਹਾੜੇ ਹੱਤਿਆ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਬਾਰੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।
ਖ਼ਬਰ ਅਨੁਸਾਰ, ਪਰਵਿੰਦਰ ਸਿੰਘ ਝੋਟਾ ਦੇ ਪਿਤਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਸਬੰਧਤ ਵਿਧਾਇਕ ’ਤੇ ਗੰਭੀਰ ਦੋਸ਼ ਲਗਾਏ ਹਨ। ਅਮਿਤ ਸ਼ਾਹ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲਾ ਦੋਵਾਂ ਮਾਮਲਿਆਂ ’ਤੇ ਪੰਜਾਬ ਸਰਕਾਰ ਤੋਂ ਜਵਾਬ ਤਲਬ ਕਰੇਗਾ।
ਨਸ਼ਿਆਂ ਅਤੇ ਗੈਂਗਸਟਰਵਾਦ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ
ਅਮਿਤ ਸ਼ਾਹ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਨਸ਼ਿਆਂ ਦੇ ਕਾਰੋਬਾਰ ਅਤੇ ਸੰਗਠਿਤ ਅਪਰਾਧ ਦਾ ਖ਼ਤਰਾ ਵਧ ਰਿਹਾ ਹੈ। ਉਨ੍ਹਾਂ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਚਿੰਤਾ ਪ੍ਰਗਟਾਈ।
ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਿਰਫ਼ ਪ੍ਰਚਾਰ ਅਤੇ ਐਲਾਨਾਂ ਦੀ ਬਜਾਏ ਠੋਸ ਨਤੀਜੇ ਚਾਹੀਦੇ ਹਨ। ਉਨ੍ਹਾਂ ਨਸ਼ਿਆਂ ਦੇ ਨੈੱਟਵਰਕ ਵਿਰੁੱਧ ਫ਼ੈਸਲਾਕੁੰਨ ਕਾਰਵਾਈ ਕਰਨ ਅਤੇ ਅਪਰਾਧੀਆਂ ਨੂੰ ਮਿਲਣ ਵਾਲੀ ਕਿਸੇ ਵੀ ਕਥਿਤ ਸਿਆਸੀ ਸਰਪ੍ਰਸਤੀ ਦੀ ਨਿਰਪੱਖ ਜਾਂਚ ਕਰਨ ਦੀ ਮੰਗ ਕੀਤੀ।
ਪੰਜਾਬ ਨੂੰ ਨਸ਼ਾ ਮੁਕਤ ਅਤੇ ਗੈਂਗਸਟਰ ਮੁਕਤ ਬਣਾਉਣ ਦਾ ਦਾਅਵਾ
ਅਮਿਤ ਸ਼ਾਹ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਸੂਬੇ ਨੂੰ ਨਸ਼ਾ ਮੁਕਤ, ਗੈਂਗਸਟਰ ਮੁਕਤ ਅਤੇ ਸੁਰੱਖਿਅਤ ਬਣਾਉਣ ਲਈ ਪੂਰੀ ਤਾਕਤ ਨਾਲ ਕੰਮ ਕੀਤਾ ਜਾਵੇਗਾ।
ਉਨ੍ਹਾਂ ਨਸ਼ਿਆਂ ਦੇ ਕਾਰੋਬਾਰ ’ਤੇ ਰੋਕ ਲਗਾਉਣ, ਨੌਜਵਾਨਾਂ ਦੇ ਭਵਿੱਖ ਦੀ ਰੱਖਿਆ ਕਰਨ, ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਕਾਨੂੰਨ ਦਾ ਰਾਜ ਸਥਾਪਤ ਕਰਨ ਨੂੰ ਆਪਣੀਆਂ ਮੁੱਖ ਤਰਜੀਹਾਂ ਦੱਸਿਆ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਜਿਹਾ ਮਾਹੌਲ ਹੋਣਾ ਚਾਹੀਦਾ ਹੈ, ਜਿੱਥੇ ਕਿਸੇ ਵੀ ਨਾਗਰਿਕ ਨੂੰ ਡਰ ਦੇ ਸਾਏ ਹੇਠ ਰਹਿਣ ਲਈ ਮਜਬੂਰ ਨਾ ਹੋਣਾ ਪਵੇ।
ਝੋਟਾ ਕਤਲ ਮਾਮਲੇ ਅਤੇ ਦਿੜ੍ਹਬਾ ਦੀ ਘਟਨਾ ਨੂੰ ਲੈ ਕੇ ਕੇਂਦਰ ਵੱਲੋਂ ਪੰਜਾਬ ਸਰਕਾਰ ਤੋਂ ਜਵਾਬ ਮੰਗਣ ਦੇ ਐਲਾਨ ਨਾਲ ਸੂਬੇ ਦੀ ਸਿਆਸਤ ਵਿੱਚ ਇਹ ਮੁੱਦਾ ਹੋਰ ਭਖਣ ਦੇ ਆਸਾਰ ਹਨ।
-(ਪੀਟੀਸੀ ਨਿਊਜ)
ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


