ਮੋਟਰਸਾਈਕਲ ਰੇਹੜੀਆਂ ਨਹੀਂ ਕੀਤੀਆਂ ਜਾਣਗੀਆਂ ਬੰਦ, ਅਸੀਂ ਰੁਜ਼ਗਾਰ ਦੇਣਾ ਹੈ ਖੋਹਣਾ ਨਹੀਂ :- ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ, 25 ਅਪ੍ਰੈਲ – (ਪੰਜਾਬ ਡਾਇਰੀ) ਪੰਜਾਬ ਸਰਕਾਰ ਵੱਲੋਂ ਨਵਾਂ ਹੁਕਮ ਜਾਰੀ ਕੋਈ ਵੀ ਅਫਸਰ ਮੋਟਰਸਾਈਕਲ ਰੇਹੜੀ ਵਾਲਿਆਂ ਨੂੰ ਨਹੀਂ ਕਰੇਗਾ ਤੰਗ, ਸਰਕਾਰ ਦਾ ਕੰਮ ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਨਾ ਕੇ ਖੋਹਣਾ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਰਾਂਪੋਰਟਰ ਮਹਿਕਮੇ ਤੇ ਟ੍ਰੈਫਿਕ ਪੁਲਿਸ ਦੇ ਅਫਸਰਾਂ ਦੀ ਮੀਟਿੰਗ ਬੁਲਾਈ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ, ਪੰਜਾਬ ਵਿੱਚ ਹਜ਼ਾਰਾਂ ਲੋਕ ਦਿਨ-ਰਾਤ ਮਿਹਨਤ ਕਰਕੇ ਮੋਟਰਸਾਈਕਲ ਰੇਹੜੀ ਤੋਂ ਆਪਣੀ ਦੋ ਵਕ਼ਤ ਦੀ ਰੋਟੀ ਕਮਾਉਂਦੇ ਹਨ। ਮੈਂ ਵਿਭਾਗ ਦੀ ਮੀਟਿੰਗ ਤਲਬ ਕਰਕੇ ਹੁਕਮ ਦੇ ਦਿੱਤੇ ਹਨ ਕਿ ਕੋਈ ਵੀ ਮੋਟਰ ਰੇਹੜੀ ਬੰਦ ਨਹੀਂ ਹੋਣੀ ਚਾਹੀਦੀ। ਸਾਡੀ ਸਰਕਾਰ ਦਾ ਮਕਸਦ ਸਾਰਿਆਂ ਨੂੰ ਰੁਜ਼ਗਾਰ ਦੇਣਾ ਹੈ, ਕਿਸੇ ਦਾ ਰੁਜ਼ਗਾਰ ਖੋਹਣਾ ਨਹੀਂ। ਦੱਸ ਦਈਏ ਕਿ ਪਿਛਲੀਆਂ ਚੋਣਾਂ ਵਿੱਚ ਇਨ੍ਹਾਂ ਰੇਹੜੀ ਵਾਲਿਆਂ ਨੇ ਆਮ ਆਦਮੀ ਪਾਰਟੀ ਲਈ ਚੋਣ ਪ੍ਰਚਾਰ ਕੀਤਾ ਸੀ। ਜਦੋਂ ਇਨ੍ਹਾਂ ਰੇਹੜੀਆਂ ਉੱਪਰ ਕਾਰਵਾਈ ਸ਼ੁਰੂ ਹੋਈ ਤਾਂ ਇਹ ਤਸਵੀਰਾਂ ਵੀ ਧੜਾਧੜ ਸ਼ੇਅਰ ਹੋਣ ਲੱਗੀਆਂ। ਵਿਰੋਧੀ ਵੀ ਬਦਲਵੇਂ ਪ੍ਰਬੰਧਾਂ ਤੋਂ ਬਿਨਾਂ ਕਾਰਵਾਈ ‘ਤੇ ਸਵਾਲ ਉਠਾਉਣ ਲੱਗੇ। ਇਸ ਮਗਰੋਂ ਸਰਕਾਰ ਨੇ ਫੈਸਲਾ ਵਾਪਸ ਲੈ ਲਿਆ। ਅਹਿਮ ਗੱਲ ਹੈ ਕਿ ਮਾਨ ਸਰਕਾਰ ਦਾ ਇੱਕ ਮਹੀਨੇ ਵਿੱਚ ਇਹ ਤੀਜਾ ਫੈਸਲਾ ਹੈ, ਜਿਸ ਨੂੰ ਬਦਲਣ ਲਈ ਉਨ੍ਹਾਂ ਨੂੰ ਮਜਬੂਰ ਹੋਣਾ ਪਿਆ ਹੈ। ਪੰਜਾਬ ਦੇ ਏਡੀਜੀਪੀ ਟ੍ਰੈਫਿਕ ਨੇ ਪਹਿਲਾਂ ਜੁਗਾੜੂ ਮੋਟਰਸਾਈਕਲ ਰੇਹੜੀਆਂ ਨੂੰ ਬੰਦ ਕਰਨ ਲਈ ਕਿਹਾ ਸੀ। ਹੁਣ ਪੁਲਿਸ ਦੇ ਟ੍ਰੈਫਿਕ ਐਜੂਕੇਸ਼ਨ ਸੈੱਲ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਦੱਸ ਦੇਈਏ ਕਿ ਮੋਟਰ ਵਹੀਕਲ ਐਕਟ, ਸੁਪਰੀਮ ਕੋਰਟ ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਇਹ ਗੈਰ-ਕਾਨੂੰਨੀ ਹੈ।