Wednesday, October 21, 2026
Google search engine
Homeਤਾਜ਼ਾ ਖਬਰਝੋਟਾ ਕਤਲ ਕੇਸ ਦੀ ਜਾਂਚ ਲਈ ਮਾਨਸਾ ਪਹੁੰਚੀ CBI, ਪਰਿਵਾਰ ਨਾਲ ਅੱਜ...

ਝੋਟਾ ਕਤਲ ਕੇਸ ਦੀ ਜਾਂਚ ਲਈ ਮਾਨਸਾ ਪਹੁੰਚੀ CBI, ਪਰਿਵਾਰ ਨਾਲ ਅੱਜ ਹੋ ਸਕਦੀ ਹੈ ਮੁਲਾਕਾਤ

ਝੋਟਾ ਕਤਲ ਕੇਸ ਦੀ ਜਾਂਚ ਲਈ ਮਾਨਸਾ ਪਹੁੰਚੀ CBI, ਪਰਿਵਾਰ ਨਾਲ ਅੱਜ ਹੋ ਸਕਦੀ ਹੈ ਮੁਲਾਕਾਤ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪਰਿਵਾਰ ਨੂੰ ਨਿਰਪੱਖ ਜਾਂਚ ਅਤੇ ਇਨਸਾਫ਼ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਜਾਂਚ ਏਜੰਸੀ ਦੀ ਆਮਦ ਨੂੰ ਅਹਿਮ ਮੰਨਿਆ ਜਾ ਰਿਹਾ ਹੈ।

ਮਾਨਸਾ

ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਜਾਂਚ ਨੇ ਤੇਜ਼ੀ ਫੜ ਲਈ ਹੈ। ਮਾਮਲੇ ਦੀ ਜਾਂਚ ਆਪਣੇ ਹੱਥਾਂ ਵਿੱਚ ਲੈਣ ਲਈ ਕੇਂਦਰੀ ਜਾਂਚ ਬਿਊਰੋ (CBI) ਦੀ ਟੀਮ ਮੰਗਲਵਾਰ ਦੇਰ ਰਾਤ ਮਾਨਸਾ ਪਹੁੰਚ ਗਈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪਰਿਵਾਰ ਨੂੰ ਨਿਰਪੱਖ ਜਾਂਚ ਅਤੇ ਇਨਸਾਫ਼ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਜਾਂਚ ਏਜੰਸੀ ਦੀ ਆਮਦ ਨੂੰ ਅਹਿਮ ਮੰਨਿਆ ਜਾ ਰਿਹਾ ਹੈ।

ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਹੀ ਪੰਜਾਬ ਸਰਕਾਰ ਨੇ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦਾ ਐਲਾਨ ਕੀਤਾ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਸਾਂਝੀ ਕੀਤੀ ਸੀ।

ਕੇਂਦਰੀ ਗ੍ਰਹਿ ਮੰਤਰੀ ਦੇ ਪੰਜਾਬ ਤੋਂ ਰਵਾਨਾ ਹੋਣ ਤੋਂ ਕੁਝ ਘੰਟਿਆਂ ਬਾਅਦ ਹੀ ਸੀਬੀਆਈ ਦੀ ਟੀਮ ਮਾਨਸਾ ਪਹੁੰਚ ਗਈ ਅਤੇ ਸਥਾਨਕ ਪੁਲਿਸ ਅਧਿਕਾਰੀਆਂ ਨਾਲ ਸੰਪਰਕ ਕੀਤਾ। ਜਾਣਕਾਰੀ ਅਨੁਸਾਰ ਮਾਨਸਾ ਪੁਲਿਸ ਨੇ ਮਾਮਲੇ ਨਾਲ ਸਬੰਧਤ ਫਾਈਲ ਵੀ ਸੀਬੀਆਈ ਦੇ ਹਵਾਲੇ ਕਰ ਦਿੱਤੀ ਹੈ। ਹੁਣ ਜਾਂਚ ਏਜੰਸੀ ਵੱਲੋਂ ਕੇਸ ਨਾਲ ਜੁੜੇ ਤੱਥਾਂ, ਸਬੂਤਾਂ ਅਤੇ ਹੋਰ ਪਹਿਲੂਆਂ ਦੀ ਪੜਤਾਲ ਕੀਤੀ ਜਾਵੇਗੀ।

ਧਰਨੇ ਦਾ ਨੌਵਾਂ ਦਿਨ, ਮੰਗਾਂ ਪੂਰੀਆਂ ਹੋਣ ਤੱਕ ਅੰਤਿਮ ਰਸਮਾਂ ਤੋਂ ਇਨਕਾਰ

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪਰਿਵਾਰ ਅਤੇ ਸਮਰਥਕਾਂ ਵੱਲੋਂ ਲਗਾਇਆ ਗਿਆ ਧਰਨਾ ਬੁੱਧਵਾਰ ਨੂੰ ਨੌਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਪਰਿਵਾਰ ਆਪਣੀਆਂ ਮੰਗਾਂ ਨੂੰ ਲੈ ਕੇ ਅਡੋਲ ਹੈ। ਪਰਿਵਾਰ ਨੇ ਮੰਗਾਂ ਪੂਰੀਆਂ ਹੋਣ ਤੱਕ ਮ੍ਰਿਤਕ ਦੇਹ ਦਾ ਪੋਸਟਮਾਰਟਮ ਨਾ ਕਰਵਾਉਣ ਦੇ ਆਪਣੇ ਫ਼ੈਸਲੇ ’ਤੇ ਕਾਇਮ ਰਹਿਣ ਦੀ ਗੱਲ ਕਹੀ ਹੈ।

ਪਰਿਵਾਰ ਦੀਆਂ ਮੁੱਖ ਮੰਗਾਂ ਵਿੱਚੋਂ ਇੱਕ ਇਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣਾ ਵੀ ਸੀ। ਹੁਣ ਜਾਂਚ ਟੀਮ ਦੇ ਮਾਨਸਾ ਪਹੁੰਚਣ ਤੋਂ ਬਾਅਦ ਬੁੱਧਵਾਰ ਨੂੰ ਪਰਿਵਾਰ ਨਾਲ ਮੁਲਾਕਾਤ ਹੋਣ ਦੀ ਸੰਭਾਵਨਾ ਹੈ। ਹਾਲਾਂਕਿ, ਇਸ ਮੁਲਾਕਾਤ ਦੇ ਸਮੇਂ ਅਤੇ ਜਾਂਚ ਦੀ ਅਗਲੀ ਕਾਰਵਾਈ ਬਾਰੇ ਅਧਿਕਾਰਤ ਪੁਸ਼ਟੀ ਦੀ ਉਡੀਕ ਹੈ।

ਅਮਿਤ ਸ਼ਾਹ ਨੇ ਪਰਿਵਾਰ ਨੂੰ ਦਿੱਤਾ ਸੀ ਨਿਰਪੱਖ ਜਾਂਚ ਦਾ ਭਰੋਸਾ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 20 ਅਕਤੂਬਰ ਨੂੰ ਆਪਣੇ ਪੰਜਾਬ ਦੌਰੇ ਦੌਰਾਨ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਲੁਧਿਆਣਾ ਵਿੱਚ ਪ੍ਰੈੱਸ ਕਾਨਫਰੰਸ ਕਰਦਿਆਂ ਮਾਮਲੇ ਦੀ ਜਾਂਚ ਬਾਰੇ ਗੱਲ ਕੀਤੀ ਸੀ।

ਮੁਲਾਕਾਤ ਦੌਰਾਨ ਅਮਿਤ ਸ਼ਾਹ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਸੀ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾਈ ਜਾਵੇਗੀ ਅਤੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਸੀ ਕਿ ਸੀਬੀਆਈ ਦੀ ਟੀਮ ਬੁੱਧਵਾਰ ਨੂੰ ਮਾਨਸਾ ਪਹੁੰਚੇਗੀ।

ਅਮਿਤ ਸ਼ਾਹ ਨੇ ਪੰਜਾਬ ਸਰਕਾਰ ਵੱਲੋਂ ਜਾਂਚ ਸੀਬੀਆਈ ਨੂੰ ਸੌਂਪਣ ਦੇ ਫ਼ੈਸਲੇ ਦਾ ਵੀ ਸਵਾਗਤ ਕੀਤਾ ਸੀ। ਉਨ੍ਹਾਂ ਸਪੱਸ਼ਟ ਕੀਤਾ ਸੀ ਕਿ ਜਾਂਚ ਦੌਰਾਨ ਜੇਕਰ ਕੋਈ ਵੀ ਵਿਅਕਤੀ ਇਸ ਮਾਮਲੇ ਵਿੱਚ ਸ਼ਾਮਲ ਪਾਇਆ ਜਾਂਦਾ ਹੈ, ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ, ਭਾਵੇਂ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ।

ਪਰਿਵਾਰ ਨੂੰ ਜਲਦ ਇਨਸਾਫ਼ ਮਿਲਣ ਦੀ ਆਸ

ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਪਹਿਲਾਂ ਕਿਹਾ ਸੀ ਕਿ ਕੇਂਦਰੀ ਗ੍ਰਹਿ ਮੰਤਰੀ ਨੇ ਉਨ੍ਹਾਂ ਨੂੰ ਜਲਦ ਇਨਸਾਫ਼ ਮਿਲਣ ਦਾ ਭਰੋਸਾ ਦਿੱਤਾ ਹੈ। ਪਰਿਵਾਰ ਦੀ ਮੰਗ ਹੈ ਕਿ ਕਤਲ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇ ਅਤੇ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਹੋਵੇ।

ਹੁਣ ਸੀਬੀਆਈ ਦੀ ਟੀਮ ਦੇ ਮਾਨਸਾ ਪਹੁੰਚਣ ਨਾਲ ਪਰਿਵਾਰ ਅਤੇ ਸਮਰਥਕਾਂ ਦੀਆਂ ਉਮੀਦਾਂ ਵਧੀਆਂ ਹਨ। ਸਭ ਦੀਆਂ ਨਜ਼ਰਾਂ ਜਾਂਚ ਏਜੰਸੀ ਦੀ ਅਗਲੀ ਕਾਰਵਾਈ ਅਤੇ ਪਰਿਵਾਰ ਨਾਲ ਹੋਣ ਵਾਲੀ ਸੰਭਾਵੀ ਮੁਲਾਕਾਤ ’ਤੇ ਟਿਕੀਆਂ ਹੋਈਆਂ ਹਨ।

-(ਟੀਵੀ 9 ਪੰਜਾਬੀ)

ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments