ਮੁਲਾਜ਼ਮਾਂ ਦੀ ਹੜਤਾਲ ’ਤੇ ਪੰਜਾਬ ਸਰਕਾਰ ਦਾ ਅਗਲਾ ਕਦਮ, ਬਿਨਾਂ ਮਨਜ਼ੂਰੀ ਡਿਊਟੀ ਛੱਡਣ ਵਾਲਿਆਂ ਦਾ ਮੰਗਿਆ ਵੇਰਵਾ
ਸਾਰੇ ਵਿਭਾਗਾਂ ਦੇ ਮੁਖੀਆਂ ਅਤੇ ਡੀਸੀਜ਼ ਨੂੰ ਹਦਾਇਤਾਂ ਜਾਰੀ, 21 ਅਕਤੂਬਰ ਨੂੰ ਗੈਰ-ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਦਾ ਰਿਕਾਰਡ ਹੋਵੇਗਾ ਤਿਆਰ

ਚੰਡੀਗੜ੍ਹ: ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਦਰਮਿਆਨ ਸੂਬਾ ਸਰਕਾਰ ਨੇ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਦੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ। ਸਰਕਾਰ ਨੇ ਉਨ੍ਹਾਂ ਮੁਲਾਜ਼ਮਾਂ ਦੀਆਂ ਸੂਚੀਆਂ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ, ਜਿਹੜੇ 21 ਅਕਤੂਬਰ 2026 ਨੂੰ ਸਮਰੱਥ ਅਧਿਕਾਰੀ ਤੋਂ ਪਹਿਲਾਂ ਛੁੱਟੀ ਮਨਜ਼ੂਰ ਕਰਵਾਏ ਬਿਨਾਂ ਡਿਊਟੀ ’ਤੇ ਨਹੀਂ ਪਹੁੰਚੇ।
ਇਸ ਸਬੰਧੀ ਪੰਜਾਬ ਸਰਕਾਰ ਦੇ ਆਮ ਪ੍ਰਸ਼ਾਸਨ ਵਿਭਾਗ ਦੀ ਸਥਾਪਨਾ-5 ਸ਼ਾਖਾ ਵੱਲੋਂ ਅਧਿਕਾਰਤ ਪੱਤਰ ਜਾਰੀ ਕੀਤਾ ਗਿਆ ਹੈ। ਇਸ ਵਿੱਚ ਸਾਰੇ ਪ੍ਰਸ਼ਾਸਕੀ ਸਕੱਤਰਾਂ, ਵਿਭਾਗੀ ਮੁਖੀਆਂ ਅਤੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਗੈਰ-ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਦਾ ਪੂਰਾ ਰਿਕਾਰਡ ਤਿਆਰ ਕਰਨ ਲਈ ਕਿਹਾ ਗਿਆ ਹੈ।
ਬਿਨਾਂ ਮਨਜ਼ੂਰਸ਼ੁਦਾ ਛੁੱਟੀ ਗੈਰ-ਹਾਜ਼ਰ ਰਹਿਣ ਵਾਲਿਆਂ ਦਾ ਬਣੇਗਾ ਰਿਕਾਰਡ
ਸਰਕਾਰ ਵੱਲੋਂ ਜਾਰੀ ਹਦਾਇਤਾਂ ਮੁਤਾਬਕ, 21 ਅਕਤੂਬਰ ਨੂੰ ਕਈ ਸਰਕਾਰੀ ਦਫ਼ਤਰਾਂ ਵਿੱਚ ਮੁਲਾਜ਼ਮਾਂ ਦੇ ਡਿਊਟੀ ’ਤੇ ਨਾ ਪਹੁੰਚਣ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਸਨ। ਇਨ੍ਹਾਂ ਵਿੱਚ ਉਹ ਕਰਮਚਾਰੀ ਸ਼ਾਮਲ ਹਨ, ਜਿਨ੍ਹਾਂ ਨੇ ਸਮਰੱਥ ਅਧਿਕਾਰੀ ਤੋਂ ਪਹਿਲਾਂ ਛੁੱਟੀ ਦੀ ਪ੍ਰਵਾਨਗੀ ਨਹੀਂ ਲਈ ਸੀ।
ਇਸ ਸਥਿਤੀ ਦੇ ਮੱਦੇਨਜ਼ਰ ਸਰਕਾਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਗੈਰ-ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਦੀਆਂ ਸੂਚੀਆਂ ਤਿਆਰ ਕੀਤੀਆਂ ਜਾਣ। ਇਹ ਕਦਮ 21 ਅਤੇ 22 ਅਕਤੂਬਰ ਨੂੰ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਕੀਤੀ ਜਾ ਰਹੀ ਹੜਤਾਲ ਦੌਰਾਨ ਚੁੱਕਿਆ ਗਿਆ ਹੈ।

ਪੱਤਰ ਵਿੱਚ ਸਜ਼ਾ ਦਾ ਸਪੱਸ਼ਟ ਜ਼ਿਕਰ ਨਹੀਂ
ਸਰਕਾਰ ਦੇ ਪੱਤਰ ਵਿੱਚ ਫਿਲਹਾਲ ਗੈਰ-ਹਾਜ਼ਰ ਮੁਲਾਜ਼ਮਾਂ ਦਾ ਵੇਰਵਾ ਇਕੱਠਾ ਕਰਨ ਅਤੇ ਰਿਕਾਰਡ ਤਿਆਰ ਕਰਨ ਦੀ ਹਦਾਇਤ ਦਿੱਤੀ ਗਈ ਹੈ। ਹਾਲਾਂਕਿ, ਇਸ ਪੱਤਰ ਵਿੱਚ ਮੁਲਾਜ਼ਮਾਂ ਵਿਰੁੱਧ ਕਿਸੇ ਵਿਸ਼ੇਸ਼ ਸਜ਼ਾ ਜਾਂ ਦੰਡਾਤਮਕ ਕਾਰਵਾਈ ਦਾ ਸਪੱਸ਼ਟ ਐਲਾਨ ਨਹੀਂ ਕੀਤਾ ਗਿਆ।
ਹੁਣ ਸਬੰਧਤ ਵਿਭਾਗਾਂ ਵੱਲੋਂ ਤਿਆਰ ਕੀਤੀਆਂ ਜਾਣ ਵਾਲੀਆਂ ਸੂਚੀਆਂ ਅਤੇ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਅੱਗੇ ਲਏ ਜਾਣ ਵਾਲੇ ਫ਼ੈਸਲਿਆਂ ’ਤੇ ਨਜ਼ਰ ਰਹੇਗੀ।
ਪੁਰਾਣੀ ਪੈਨਸ਼ਨ ਸਮੇਤ ਕਈ ਮੰਗਾਂ ਨੂੰ ਲੈ ਕੇ ਹੜਤਾਲ
ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ 21 ਅਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਹੜਤਾਲ ਕੀਤੀ। ਮੁਲਾਜ਼ਮ ਜਥੇਬੰਦੀਆਂ ਵੱਲੋਂ ਤਨਖ਼ਾਹਾਂ, ਭੱਤਿਆਂ, ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਅਤੇ ਹੋਰ ਮੰਗਾਂ ਨੂੰ ਲੈ ਕੇ ਸਰਕਾਰ ਪ੍ਰਤੀ ਰੋਸ ਪ੍ਰਗਟਾਇਆ ਜਾ ਰਿਹਾ ਹੈ।
ਜਥੇਬੰਦੀਆਂ ਦਾ ਉਦੇਸ਼ ਹੜਤਾਲ ਰਾਹੀਂ ਸਰਕਾਰ ’ਤੇ ਆਪਣੀਆਂ ਮੰਗਾਂ ਸਬੰਧੀ ਫ਼ੈਸਲਾ ਲੈਣ ਲਈ ਦਬਾਅ ਬਣਾਉਣਾ ਹੈ। ਦੂਜੇ ਪਾਸੇ, ਸਰਕਾਰ ਵੱਲੋਂ ਗੈਰ-ਹਾਜ਼ਰ ਮੁਲਾਜ਼ਮਾਂ ਦਾ ਰਿਕਾਰਡ ਮੰਗੇ ਜਾਣ ਤੋਂ ਬਾਅਦ ਇਸ ਮਾਮਲੇ ਵਿੱਚ ਅਗਲੇ ਪ੍ਰਸ਼ਾਸਕੀ ਕਦਮਾਂ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ।
-(ਟੀਵੀ 9 ਪੰਜਾਬੀ)
ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


