Friday, October 23, 2026
Google search engine
Homeਰਾਜਨੀਤੀਵੋਟਰ ਸੂਚੀਆਂ ਦੀ ਸੋਧ ਨੂੰ ਲੈ ਕੇ ਪੰਜਾਬ ਵਿਧਾਨ ਸਭਾ ’ਚ ਮਤਾ...

ਵੋਟਰ ਸੂਚੀਆਂ ਦੀ ਸੋਧ ਨੂੰ ਲੈ ਕੇ ਪੰਜਾਬ ਵਿਧਾਨ ਸਭਾ ’ਚ ਮਤਾ ਪਾਸ, ਚੋਣ ਕਮਿਸ਼ਨ ਦੀ ਜਾਂਚ ਕਰਵਾਉਣ ਦੀ ਮੰਗ

ਵੋਟਰ ਸੂਚੀਆਂ ਦੀ ਸੋਧ ਨੂੰ ਲੈ ਕੇ ਪੰਜਾਬ ਵਿਧਾਨ ਸਭਾ ’ਚ ਮਤਾ ਪਾਸ, ਚੋਣ ਕਮਿਸ਼ਨ ਦੀ ਜਾਂਚ ਕਰਵਾਉਣ ਦੀ ਮੰਗ

ਹਰਪਾਲ ਚੀਮਾ ਨੇ SIR ਪ੍ਰਕਿਰਿਆ ’ਤੇ ਚੁੱਕੇ ਸਵਾਲ, ਮਨਪ੍ਰੀਤ ਇਆਲੀ ਨੇ ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਕੀਤੀ ਮੰਗ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰਾਈ ਨਾਲ ਸੋਧ (SIR) ਦੀ ਪ੍ਰਕਿਰਿਆ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ। ਸਦਨ ਵਿੱਚ ਸਰਕਾਰੀ ਮਤੇ ਰਾਹੀਂ ਵੋਟਰ ਸੂਚੀਆਂ ਵਿੱਚੋਂ ਯੋਗ ਵੋਟਰਾਂ ਦੇ ਨਾਂ ਕੱਟੇ ਜਾਣ ’ਤੇ ਚਿੰਤਾ ਜਤਾਈ ਗਈ। ਮਤੇ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਅਗਵਾਈ ਹੇਠ ਚੋਣ ਕਮਿਸ਼ਨ ਦੇ ਕੰਮਕਾਜ ਅਤੇ ਕਥਿਤ ਬੇਨਿਯਮੀਆਂ ਦੀ ਸੁਤੰਤਰ ਤੇ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ। ਇਸ ਦੇ ਨਾਲ ਹੀ ਜਾਂਚ ਦੌਰਾਨ ਕਿਸੇ ਅਪਰਾਧਿਕ ਉਲੰਘਣਾ ਦੇ ਸਬੂਤ ਮਿਲਣ ’ਤੇ ਸਬੰਧਤ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਗੱਲ ਵੀ ਕਹੀ ਗਈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਦਨ ਵਿੱਚ SIR ਪ੍ਰਕਿਰਿਆ ਵਿਰੁੱਧ ਮਤਾ ਪੇਸ਼ ਕਰਦਿਆਂ ਕਿਹਾ ਕਿ ਵੋਟਰਾਂ ਦੇ ਨਾਂ ਸੂਚੀਆਂ ਵਿੱਚੋਂ ਹਟਾਏ ਜਾਣ ਦਾ ਮਾਮਲਾ ਲੋਕਤੰਤਰ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਵਿੱਚ 40 ਹਜ਼ਾਰ ਵੋਟਾਂ ਕੱਟੇ ਜਾਣ ਕਾਰਨ ਭਾਜਪਾ ਨੂੰ ਅਰਵਿੰਦ ਕੇਜਰੀਵਾਲ ਨੂੰ ਹਰਾਉਣ ਵਿੱਚ ਫ਼ਾਇਦਾ ਮਿਲਿਆ। ਉਨ੍ਹਾਂ ਕਿਹਾ ਕਿ ਲੋਕਤੰਤਰੀ ਅਧਿਕਾਰਾਂ ਦੀ ਰਾਖੀ ਕਰਨ ਵਾਲਿਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਇਸ ਲਈ ਸਦਨ ਨੂੰ ਸਰਬਸੰਮਤੀ ਨਾਲ ਇਸ ਪ੍ਰਕਿਰਿਆ ਵਿਰੁੱਧ ਮਤਾ ਪਾਸ ਕਰਨਾ ਚਾਹੀਦਾ ਹੈ।

ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ਦੀ ਜਾਂਚ ਲਈ ਕੇਂਦਰ ਨੂੰ ਅਪੀਲ

ਸਦਨ ਵਿੱਚ ਪੇਸ਼ ਕੀਤੇ ਗਏ ਮਤੇ ਰਾਹੀਂ ਕੇਂਦਰ ਸਰਕਾਰ ਨੂੰ ਚੋਣ ਕਮਿਸ਼ਨ ਦੀ ਆਜ਼ਾਦੀ, ਨਿਰਪੱਖਤਾ ਅਤੇ ਜਵਾਬਦੇਹੀ ਯਕੀਨੀ ਬਣਾਉਣ ਦੀ ਅਪੀਲ ਕੀਤੀ ਗਈ। ਮਤੇ ਵਿੱਚ ਦੋਸ਼ ਲਾਇਆ ਗਿਆ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਕਾਰਜਕਾਲ ਦੌਰਾਨ ਵੋਟਰਾਂ ਦੇ ਵੋਟ ਪਾਉਣ ਦੇ ਅਧਿਕਾਰ ਪ੍ਰਭਾਵਿਤ ਹੋਏ ਹਨ। ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਵੀ ਰੱਖੀ ਗਈ।

ਮਤੇ ਵਿੱਚ ਇਹ ਵੀ ਪ੍ਰਸਤਾਵ ਰੱਖਿਆ ਗਿਆ ਕਿ ਇਸ ਦੀ ਇੱਕ ਕਾਪੀ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਮੁੱਖ ਚੋਣ ਕਮਿਸ਼ਨਰ ਨੂੰ ਭੇਜੀ ਜਾਵੇ, ਤਾਂ ਜੋ ਮਾਮਲੇ ਵੱਲ ਸਬੰਧਤ ਅਧਿਕਾਰੀਆਂ ਦਾ ਧਿਆਨ ਦਿਵਾਇਆ ਜਾ ਸਕੇ।

ਮਨਪ੍ਰੀਤ ਇਆਲੀ ਨੇ ਵੀ ਚੋਣ ਪ੍ਰਕਿਰਿਆ ’ਤੇ ਜਤਾਇਆ ਇਤਰਾਜ਼

ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਵੀ SIR ਪ੍ਰਕਿਰਿਆ ਨੂੰ ਲੈ ਕੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ’ਤੇ ਨਿਰਪੱਖ ਚੋਣਾਂ ਕਰਵਾਉਣ ਦੀ ਵੱਡੀ ਜ਼ਿੰਮੇਵਾਰੀ ਹੈ, ਪਰ ਮੌਜੂਦਾ ਸੋਧ ਪ੍ਰਕਿਰਿਆ ਵਿਵਾਦਾਂ ਵਿੱਚ ਘਿਰੀ ਹੋਈ ਹੈ।

ਇਆਲੀ ਨੇ ਦੋਸ਼ ਲਾਇਆ ਕਿ ਮੁੱਖ ਚੋਣ ਕਮਿਸ਼ਨਰ ਕੇਂਦਰ ਦੀ ਭਾਜਪਾ ਸਰਕਾਰ ਨੂੰ ਲਾਭ ਪਹੁੰਚਾਉਣ ਦੇ ਉਦੇਸ਼ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਨੂੰ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਹੋ ਚੁੱਕੇ ਹਨ।

ਵੋਟਰਾਂ ਦੇ ਅਧਿਕਾਰਾਂ ਨੂੰ ਲੈ ਕੇ ਸਿਆਸੀ ਚਰਚਾ ਤੇਜ਼

ਵਿਧਾਨ ਸਭਾ ਵਿੱਚ SIR ਪ੍ਰਕਿਰਿਆ ਨੂੰ ਲੈ ਕੇ ਪੇਸ਼ ਕੀਤੇ ਗਏ ਮਤੇ ਦੌਰਾਨ ਵੋਟਰ ਸੂਚੀਆਂ ਦੀ ਸ਼ੁੱਧਤਾ, ਚੋਣ ਕਮਿਸ਼ਨ ਦੀ ਜਵਾਬਦੇਹੀ ਅਤੇ ਵੋਟ ਪਾਉਣ ਦੇ ਅਧਿਕਾਰਾਂ ਦੀ ਰਾਖੀ ਵਰਗੇ ਮੁੱਦੇ ਚਰਚਾ ਦੇ ਕੇਂਦਰ ਵਿੱਚ ਰਹੇ। ਸੱਤਾਧਿਰ ਅਤੇ ਵਿਰੋਧੀ ਧਿਰ ਦੇ ਆਗੂਆਂ ਨੇ ਇਸ ਪ੍ਰਕਿਰਿਆ ਬਾਰੇ ਆਪਣੇ ਵਿਚਾਰ ਰੱਖੇ ਅਤੇ ਚੋਣ ਪ੍ਰਣਾਲੀ ਦੀ ਨਿਰਪੱਖਤਾ ਯਕੀਨੀ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ।

-(ਟੀਵੀ 9 ਪੰਜਾਬੀ)

ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments