ਮਾਵਾਂ-ਧੀਆਂ ਸਤਿਕਾਰ ਸਕੀਮ ’ਚ ਨਿਯਮਾਂ ਦੀ ਉਲੰਘਣਾ ਦਾ ਮਾਮਲਾ, 1597 ਸਰਕਾਰੀ ਮੁਲਾਜ਼ਮਾਂ ਦੀਆਂ ਅਰਜ਼ੀਆਂ ਦੀ ਜਾਂਚ ਦੇ ਹੁਕਮ
ਸਰਕਾਰੀ ਨੌਕਰੀ ਅਤੇ ਪੈਨਸ਼ਨ ਲੈਣ ਵਾਲੀਆਂ ਔਰਤਾਂ ਨੇ ਵੀ ਮੰਗੀ ਮਹੀਨਾਵਾਰ ਸਹਾਇਤਾ; ਵਿਭਾਗਾਂ ਨੂੰ ਵਿੱਤੀ ਰਕਮ ਵਾਪਸ ਲੈਣ ਤੇ ਬਣਦੀ ਕਾਰਵਾਈ ਕਰਨ ਦੇ ਨਿਰਦੇਸ਼

ਲੁਧਿਆਣਾ : ਪੰਜਾਬ ਸਰਕਾਰ ਦੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਵਿੱਤੀ ਸਹਾਇਤਾ ਲਈ ਅਰਜ਼ੀਆਂ ਦੇਣ ਵਾਲੀਆਂ 1597 ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਾਮਲੇ ਸਾਹਮਣੇ ਆਏ ਹਨ। ਸਕੀਮ ਦੀਆਂ ਨਿਰਧਾਰਤ ਸ਼ਰਤਾਂ ਮੁਤਾਬਕ ਇਹ ਔਰਤਾਂ ਸਹਾਇਤਾ ਪ੍ਰਾਪਤ ਕਰਨ ਲਈ ਯੋਗ ਨਹੀਂ ਹਨ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਰਕਾਰ ਨੇ ਸਬੰਧਤ ਵਿਭਾਗਾਂ ਨੂੰ ਜਾਂਚ ਕਰਕੇ ਵਿੱਤੀ ਸਹਾਇਤਾ ਦੀ ਵਸੂਲੀ ਅਤੇ ਨਿਯਮਾਂ ਅਨੁਸਾਰ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।
ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਚੰਡੀਗੜ੍ਹ ਵੱਲੋਂ ਸੂਬੇ ਦੇ ਸਮੂਹ ਸਰਕਾਰੀ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਹੋਰ ਜਨਤਕ ਅਦਾਰਿਆਂ ਦੇ ਮੁਖੀਆਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ। ਇਸ ਵਿੱਚ ਯੋਜਨਾ ਅਧੀਨ ਲਾਭ ਲਈ ਫਾਰਮ ਭਰਨ ਵਾਲੀਆਂ ਰੈਗੂਲਰ ਮੁਲਾਜ਼ਮਾਂ ਦੇ ਮਾਮਲਿਆਂ ਦੀ ਪੜਤਾਲ ਕਰਨ ਲਈ ਕਿਹਾ ਗਿਆ ਹੈ।
ਸਰਕਾਰੀ ਨੌਕਰੀ ਤੇ ਪੈਨਸ਼ਨ ਲੈਣ ਵਾਲੀਆਂ ਔਰਤਾਂ ਸਕੀਮ ਦੇ ਦਾਇਰੇ ਤੋਂ ਬਾਹਰ
ਵਿਭਾਗੀ ਜਾਣਕਾਰੀ ਅਨੁਸਾਰ ਵੱਖ-ਵੱਖ ਸਰਕਾਰੀ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਜਨਤਕ ਅਦਾਰਿਆਂ ਵਿੱਚ ਕੰਮ ਕਰ ਰਹੀਆਂ 1597 ਪੱਕੀਆਂ ਕਰਮਚਾਰਨਾਂ ਅਤੇ ਪੈਨਸ਼ਨਰਾਂ ਵੱਲੋਂ ਯੋਜਨਾ ਦਾ ਲਾਭ ਲੈਣ ਲਈ ਅਰਜ਼ੀਆਂ ਭਰੀਆਂ ਗਈਆਂ ਸਨ। ਸਕੀਮ ਦੀਆਂ ਹਦਾਇਤਾਂ ਦੇ ਲੜੀ ਨੰਬਰ 6 ਅਨੁਸਾਰ ਇਹ ਵਰਗ ਵਿੱਤੀ ਸਹਾਇਤਾ ਲਈ ਅਯੋਗ ਹੈ।
ਇਨ੍ਹਾਂ ਸ਼ਰਤਾਂ ਮੁਤਾਬਕ ਪੰਜਾਬ ਸਰਕਾਰ, ਕੇਂਦਰ ਸਰਕਾਰ ਜਾਂ ਕਿਸੇ ਹੋਰ ਸੂਬੇ ਦੀ ਸਰਕਾਰ ਦੀਆਂ ਰੈਗੂਲਰ ਜਾਂ ਸੇਵਾਮੁਕਤ ਮਹਿਲਾ ਕਰਮਚਾਰੀਆਂ ਨੂੰ ਯੋਜਨਾ ਦਾ ਲਾਭ ਨਹੀਂ ਮਿਲ ਸਕਦਾ। ਇਸ ਤੋਂ ਇਲਾਵਾ ਸਰਕਾਰੀ ਪਬਲਿਕ ਸੈਕਟਰ ਅਦਾਰਿਆਂ, ਸੰਵਿਧਾਨਕ ਬੋਰਡਾਂ, ਕਾਰਪੋਰੇਸ਼ਨਾਂ, ਕਮਿਸ਼ਨਾਂ, ਕਮੇਟੀਆਂ, ਡਾਇਰੈਕਟੋਰੇਟਾਂ, ਸਹਿਕਾਰੀ ਸੰਸਥਾਵਾਂ ਅਤੇ ਟ੍ਰਿਬਿਊਨਲਾਂ ਤੋਂ ਪੈਨਸ਼ਨ ਲੈਣ ਵਾਲੀਆਂ ਔਰਤਾਂ ਵੀ ਇਸ ਸਹਾਇਤਾ ਲਈ ਯੋਗ ਨਹੀਂ ਹਨ।
ਆਮ ਵਰਗ ਲਈ 1000 ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਲਈ 1500 ਰੁਪਏ ਦੀ ਵਿਵਸਥਾ
ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਆਮ ਵਰਗ ਦੀਆਂ ਯੋਗ ਔਰਤਾਂ ਨੂੰ 1000 ਰੁਪਏ ਮਹੀਨਾਵਾਰ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਯੋਗ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਣੀ ਹੈ। ਇਸ ਦੇ ਨਾਲ ਹੀ ਆਮਦਨ ਕਰ ਅਦਾ ਕਰਨ ਵਾਲੀਆਂ ਔਰਤਾਂ ਨੂੰ ਵੀ ਇਸ ਯੋਜਨਾ ਦਾ ਲਾਭ ਦੇਣ ਦੀ ਵਿਵਸਥਾ ਨਹੀਂ ਹੈ।
ਸਰਕਾਰ ਵੱਲੋਂ ਹੁਣ ਸਬੰਧਤ ਵਿਭਾਗਾਂ ਨੂੰ 1597 ਮਾਮਲਿਆਂ ਦੀ ਜਾਂਚ ਕਰਕੇ ਪ੍ਰਾਪਤ ਕੀਤੀ ਵਿੱਤੀ ਸਹਾਇਤਾ ਦੀ ਰਕਮ ਦਾ ਪਤਾ ਲਗਾਉਣ ਲਈ ਕਿਹਾ ਗਿਆ ਹੈ। ਜਾਂਚ ਦੌਰਾਨ ਨਿਯਮਾਂ ਦੀ ਉਲੰਘਣਾ ਸਾਹਮਣੇ ਆਉਣ ’ਤੇ ਰਕਮ ਦੀ ਵਸੂਲੀ ਅਤੇ ਲਾਗੂ ਨਿਯਮਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।
-(ਪੰਜਾਬੀ ਜਾਗਰਣ)
ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


