2027 ਦੀ ਚੋਣ ਜੰਗ ਲਈ ਅਕਾਲੀ ਦਲ ਨੂੰ ਕਿਸਾਨ ਜਥੇਬੰਦੀ ਦਾ ਸਾਥ, BKU ਕਾਦੀਆਂ ਨੇ ਖੋਲ੍ਹਿਆ ਸਮਰਥਨ ਦਾ ਰਾਹ
ਹਰਮੀਤ ਸਿੰਘ ਕਾਦੀਆਂ ਨੇ ਸਾਥੀਆਂ ਸਣੇ ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ; ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਅਤੇ ਕਿਸਾਨਾਂ ਦੇ ਮਸਲੇ ਸੁਲਝਾਉਣ ਦਾ ਅਕਾਲੀ ਦਲ ਵੱਲੋਂ ਭਰੋਸਾ

ਚੰਡੀਗੜ੍ਹ : ਪੰਜਾਬ ਦੀ ਸਿਆਸਤ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਵੇਂ ਸਮੀਕਰਨ ਬਣਨ ਲੱਗੇ ਹਨ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਖੜ੍ਹਨ ਦਾ ਐਲਾਨ ਕਰਦਿਆਂ ਪਾਰਟੀ ਨੂੰ ਆਪਣਾ ਬਿਨਾਂ ਸ਼ਰਤ ਸਮਰਥਨ ਦੇ ਦਿੱਤਾ ਹੈ। ਯੂਨੀਅਨ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਇਹ ਫੈਸਲਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਕੀਤਾ। ਉਨ੍ਹਾਂ ਦੇ ਨਾਲ ਜਥੇਬੰਦੀ ਦੀ ਸਮੁੱਚੀ ਟੀਮ ਵੀ ਮੌਜੂਦ ਸੀ।
ਇਸ ਮੌਕੇ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਪੰਜਾਬ ਦੇ ਹਿੱਤਾਂ ਦੀ ਰਾਖੀ ਅਤੇ ਕਿਸਾਨੀ ਨੂੰ ਦਰਪੇਸ਼ ਮੁਸ਼ਕਲਾਂ ਦੂਰ ਕਰਨ ਲਈ ਸੂਬੇ ਦੀ ਆਪਣੀ ਖੇਤਰੀ ਪਾਰਟੀ ਨੂੰ ਤਾਕਤ ਦੇਣੀ ਸਮੇਂ ਦੀ ਲੋੜ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜਥੇਬੰਦੀ ਦੇ ਆਗੂ ਅਤੇ ਵਰਕਰ ਅਕਾਲੀ ਦਲ ਦੇ ਨਾਲ ਮਿਲ ਕੇ ਲੋਕਾਂ ਤੱਕ ਪਹੁੰਚ ਕਰਨਗੇ। ਉਨ੍ਹਾਂ ਹੋਰਨਾਂ ਵਰਗਾਂ ਅਤੇ ਜਥੇਬੰਦੀਆਂ ਨੂੰ ਵੀ ਇਸ ਮੁਹਿੰਮ ਨਾਲ ਜੁੜਨ ਦੀ ਅਪੀਲ ਕੀਤੀ।
ਕਿਸਾਨ ਜਥੇਬੰਦੀ ਦੇ ਫੈਸਲੇ ਨਾਲ ਪਾਰਟੀ ਨੂੰ ਮਿਲੇਗੀ ਮਜ਼ਬੂਤੀ : ਬਾਦਲ
ਸੁਖਬੀਰ ਸਿੰਘ ਬਾਦਲ ਨੇ ਬੀਕੇਯੂ ਕਾਦੀਆਂ ਵੱਲੋਂ ਦਿੱਤੇ ਸਮਰਥਨ ਦਾ ਸਵਾਗਤ ਕਰਦਿਆਂ ਕਿਹਾ ਕਿ ਹਰਮੀਤ ਸਿੰਘ ਕਾਦੀਆਂ ਅਤੇ ਉਨ੍ਹਾਂ ਦੀ ਟੀਮ ਦਾ ਇਹ ਫੈਸਲਾ ਅਕਾਲੀ ਦਲ ਲਈ ਅਹਿਮ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੀ ਕਿਸਾਨੀ ਦੇ ਹੱਕਾਂ ਦੀ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਅਨੁਸਾਰ ਪਾਰਟੀ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।
ਸਰਕਾਰ ਬਣਨ ’ਤੇ ਖੇਤੀਬਾੜੀ ਲਈ ਨਵੀਆਂ ਨੀਤੀਆਂ ਦਾ ਵਾਅਦਾ
ਅਕਾਲੀ ਦਲ ਦੇ ਪ੍ਰਧਾਨ ਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀਆਂ ਜਥੇਬੰਦੀਆਂ ਨੂੰ ਪਾਰਟੀ ਦਾ ਸਾਥ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਖੇਤੀਬਾੜੀ ਨੂੰ ਲਾਭ ਵਾਲਾ ਕਿੱਤਾ ਬਣਾਉਣ ਲਈ ਨੀਤੀਆਂ ਉਲੀਕੀਆਂ ਜਾਣਗੀਆਂ। ਇਸ ਦੇ ਨਾਲ ਹੀ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਕਦਮ ਚੁੱਕੇ ਜਾਣਗੇ।
ਸੁਖਬੀਰ ਬਾਦਲ ਨੇ ਹਰਮੀਤ ਸਿੰਘ ਕਾਦੀਆਂ ਅਤੇ ਉਨ੍ਹਾਂ ਦੀ ਪੂਰੀ ਟੀਮ ਦਾ ਧੰਨਵਾਦ ਕਰਦਿਆਂ ਪਾਰਟੀ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ।
-(ਪੀਟੀਸੀ ਨਿਊਜ)
ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


