ਪੰਜਾਬ ਦੇ ਮੁਲਾਜ਼ਮਾਂ ਲਈ ਮਾਨ ਦਾ ਵੱਡਾ ਐਲਾਨ, DA ਵਧ ਕੇ 53 ਫੀਸਦੀ ਹੋਇਆ
8 ਲੱਖ ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ ਮਿਲੇਗੀ ਰਾਹਤ, ਨਵੰਬਰ ਦੀ ਤਨਖਾਹ ਤੇ ਦਸੰਬਰ ਦੀ ਪੈਨਸ਼ਨ ’ਚ ਜੁੜੇਗਾ ਵਧਿਆ ਭੱਤਾ; ਨੌਕਰੀਆਂ, ED ਦੀ ਕਾਰਵਾਈ ਤੇ ਪ੍ਰਦੂਸ਼ਣ ਦੇ ਮੁੱਦੇ ’ਤੇ ਵੀ ਬੋਲੇ CM

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੱਡੀ ਰਾਹਤ ਦਿੰਦਿਆਂ ਮਹਿੰਗਾਈ ਭੱਤੇ (DA) ਦੀ 3 ਫੀਸਦੀ ਹੋਰ ਕਿਸ਼ਤ ਜਾਰੀ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਨੂੰ ਮੁਲਾਜ਼ਮਾਂ ਲਈ ਦੀਵਾਲੀ ਦਾ ਤੋਹਫ਼ਾ ਦੱਸਦਿਆਂ ਕਿਹਾ ਕਿ ਸਰਕਾਰ ਦੇ ਇਸ ਫ਼ੈਸਲੇ ਨਾਲ ਕਰੀਬ 8 ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਲਾਭ ਹੋਵੇਗਾ। ਨਵਾਂ ਵਾਧਾ ਨਵੰਬਰ ਦੀ ਤਨਖਾਹ ਅਤੇ ਦਸੰਬਰ ਵਿੱਚ ਮਿਲਣ ਵਾਲੀ ਪੈਨਸ਼ਨ ਵਿੱਚ ਸ਼ਾਮਲ ਕੀਤਾ ਜਾਵੇਗਾ।
ਮੁੱਖ ਮੰਤਰੀ ਅਨੁਸਾਰ, ਪਿਛਲੇ ਦੋ ਮਹੀਨਿਆਂ ਵਿੱਚ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ ਕੁੱਲ 11 ਫੀਸਦੀ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਨਾਲ ਸਾਲਾਨਾ 1088 ਕਰੋੜ ਰੁਪਏ ਮੁਲਾਜ਼ਮਾਂ ਦੇ ਖਾਤਿਆਂ ਵਿੱਚ ਜਾਣਗੇ, ਜਦਕਿ ਨਵੇਂ ਵਾਧੇ ਨਾਲ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ 363 ਕਰੋੜ ਰੁਪਏ ਦਾ ਵਾਧੂ ਲਾਭ ਮਿਲੇਗਾ।
ਸੱਤਾ ਸੰਭਾਲਣ ਵੇਲੇ 28 ਫੀਸਦੀ ਸੀ DA, ਹੁਣ 53 ਫੀਸਦੀ: ਮਾਨ
ਭਗਵੰਤ ਮਾਨ ਨੇ ਕਿਹਾ ਕਿ 2022 ਵਿੱਚ ਸਰਕਾਰ ਬਣਨ ਸਮੇਂ ਪੰਜਾਬ ਦੇ ਮੁਲਾਜ਼ਮਾਂ ਨੂੰ 28 ਫੀਸਦੀ ਮਹਿੰਗਾਈ ਭੱਤਾ ਮਿਲ ਰਿਹਾ ਸੀ, ਜੋ ਹੁਣ ਵਧ ਕੇ 53 ਫੀਸਦੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਆਰਥਿਕ ਰਾਹਤ ਦੇਣ ਲਈ ਲਗਾਤਾਰ ਯਤਨ ਕਰ ਰਹੀ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਸਰਕਾਰੀ ਭਰਤੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ 71,777 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ 600 ਤੋਂ ਵੱਧ ਹੋਰ ਨੌਕਰੀਆਂ ਦੇਣ ਦੀ ਪ੍ਰਕਿਰਿਆ ਵੀ ਤਿਆਰ ਹੈ।
ਮੋਗਾ ’ਚ ED ਦੀ ਕਾਰਵਾਈ ਨੂੰ ਚੋਣਾਂ ਨਾਲ ਜੋੜਿਆ
ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ਈਡੀ ਦੀ ਕਾਰਵਾਈ ਬਾਰੇ ਪੁੱਛੇ ਸਵਾਲ ’ਤੇ ਮੁੱਖ ਮੰਤਰੀ ਨੇ ਭਾਜਪਾ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਈਡੀ ਦੀਆਂ ਟੀਮਾਂ ਆਉਂਦੀਆਂ ਰਹਿੰਦੀਆਂ ਹਨ ਅਤੇ ਉਨ੍ਹਾਂ ਨੂੰ ਉੱਥੋਂ ਕੁਝ ਨਹੀਂ ਮਿਲੇਗਾ। ਮਾਨ ਨੇ ਦੋਸ਼ ਲਾਇਆ ਕਿ ਚੋਣਾਂ ਨੇੜੇ ਆਉਣ ’ਤੇ ਭਾਜਪਾ ਅਜਿਹੇ ਹਥਿਆਰ ਵਰਤਦੀ ਹੈ ਅਤੇ ਇਸ ਦਾ ਮਕਸਦ ਸਿਆਸੀ ਦਬਾਅ ਬਣਾਉਣਾ ਹੁੰਦਾ ਹੈ।
ਦਿੱਲੀ ਦੇ ਪ੍ਰਦੂਸ਼ਣ ’ਚ ਪੰਜਾਬ ਦਾ ਕੋਈ ਯੋਗਦਾਨ ਨਹੀਂ: CM
ਦਿੱਲੀ ਵਿੱਚ ਵਧ ਰਹੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਮੁੱਖ ਮੰਤਰੀ ਨੇ ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਦੇ ਦੋਸ਼ਾਂ ’ਤੇ ਵੀ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਾਲੇ ਵੱਡੇ ਪੱਧਰ ’ਤੇ ਝੋਨੇ ਦੀ ਕਟਾਈ ਵੀ ਨਹੀਂ ਹੋਈ, ਪਰ ਦਿੱਲੀ ਵਿੱਚ ਪ੍ਰਦੂਸ਼ਣ ਦਾ ਪੱਧਰ ਪਹਿਲਾਂ ਹੀ ਕਾਫ਼ੀ ਵਧਿਆ ਹੋਇਆ ਹੈ।
ਮਾਨ ਨੇ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਉਣ ਦੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦਿੱਲੀ ਸਰਕਾਰ ਨੂੰ ਪ੍ਰਦੂਸ਼ਣ ਦੇ ਅਸਲ ਕਾਰਨਾਂ ਬਾਰੇ ਜਵਾਬ ਦੇਣ ਲਈ ਕਿਹਾ।
2 ਹਜ਼ਾਰ ਲੋਕ ਕਰ ਰਹੇ ਤੀਰਥ ਯਾਤਰਾ, ਯੋਜਨਾ ਨੂੰ ਦੱਸਿਆ ਸਫਲ
ਮੁੱਖ ਮੰਤਰੀ ਨੇ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਸਫਲ ਕਰਾਰ ਦਿੱਤਾ। ਉਨ੍ਹਾਂ ਦੱਸਿਆ ਕਿ ਲਗਭਗ 2,000 ਲੋਕ ਇਸ ਯੋਜਨਾ ਤਹਿਤ ਵੱਖ-ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਕਰ ਰਹੇ ਹਨ। ਕੋਈ ਸਾਲਾਸਰ ਜਾ ਰਿਹਾ ਹੈ, ਕੋਈ ਵ੍ਰਿੰਦਾਵਨ ਅਤੇ ਕੋਈ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਜਾ ਰਿਹਾ ਹੈ। ਸਰਕਾਰ ਵੱਲੋਂ ਯਾਤਰੀਆਂ ਨੂੰ ਲੋੜੀਂਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।
‘ਅਸੀਂ ਕਦੇ ਖਜ਼ਾਨਾ ਖਾਲੀ ਹੋਣ ਦੀ ਗੱਲ ਨਹੀਂ ਕੀਤੀ’
ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਸੱਤਾ ਵਿੱਚ ਆਏ ਲਗਭਗ ਪੌਣੇ ਪੰਜ ਸਾਲ ਹੋ ਚੁੱਕੇ ਹਨ, ਪਰ ਉਨ੍ਹਾਂ ਕਦੇ ਵੀ ਖਜ਼ਾਨਾ ਖਾਲੀ ਹੋਣ ਦਾ ਦਾਅਵਾ ਨਹੀਂ ਕੀਤਾ। ਉਨ੍ਹਾਂ ਪਿਛਲੀਆਂ ਸਰਕਾਰਾਂ ਦੇ ਕੁਝ ਆਗੂਆਂ ’ਤੇ ਤੰਜ ਕੱਸਦਿਆਂ ਕਿਹਾ ਕਿ ਉਹ ਲਗਾਤਾਰ ਖਜ਼ਾਨਾ ਖਾਲੀ ਹੋਣ ਦੀ ਗੱਲ ਕਰਦੇ ਰਹੇ ਹਨ। ਇਸ ਦੌਰਾਨ ਉਨ੍ਹਾਂ ਅਜਿਹੇ ਆਗੂਆਂ ਨੂੰ ਵਿਅੰਗਮਈ ਢੰਗ ਨਾਲ ‘ਪੀਪਾ ਮੰਤਰੀ’ ਵੀ ਕਿਹਾ।
ਤਿੰਨ ਵਿਧਾਇਕਾਂ ਦੇ ਭਾਜਪਾ ’ਚ ਜਾਣ ’ਤੇ ਮਾਨ ਦਾ ਤਿੱਖਾ ਤੰਜ
ਆਮ ਆਦਮੀ ਪਾਰਟੀ ਦੇ ਤਿੰਨ ਵਿਧਾਇਕਾਂ ਵੱਲੋਂ ਅਸਤੀਫ਼ੇ ਦੇ ਕੇ ਭਾਜਪਾ ਵਿੱਚ ਸ਼ਾਮਲ ਹੋਣ ਦੇ ਮਾਮਲੇ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਜਾਣ ਨਾਲ ਪਾਰਟੀ ਨੂੰ ਕੋਈ ਫ਼ਰਕ ਨਹੀਂ ਪੈਂਦਾ।
ਉਨ੍ਹਾਂ ਤੰਜ ਕੱਸਦਿਆਂ ਕਿਹਾ ਕਿ ਭਾਜਪਾ ਵਿੱਚ ਜਾਣ ਤੋਂ ਪਹਿਲਾਂ ਇਨ੍ਹਾਂ ਵਿਧਾਇਕਾਂ ਨੂੰ ਕੈਪਟਨ ਅਮਰਿੰਦਰ ਸਿੰਘ ਨਾਲ ਗੱਲ ਕਰ ਲੈਣੀ ਚਾਹੀਦੀ ਸੀ। ਮਾਨ ਨੇ ਦਾਅਵਾ ਕੀਤਾ ਕਿ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਨੂੰ ਉੱਥੇ ਕੋਈ ਪੁੱਛਦਾ ਤੱਕ ਨਹੀਂ ਅਤੇ ਉਨ੍ਹਾਂ ਨੂੰ ਸਿਰਫ਼ ਬੰਨ੍ਹੇ ਲਾ ਦਿੱਤਾ ਗਿਆ ਹੈ।
-(ਟੀਵੀ 9 ਪੰਜਾਬੀ)
ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


