ਚਾਵਲਾ ਖ਼ਿਲਾਫ਼ ਕੇਸ ’ਚ ਤਿੰਨ ਹੋਰ ਵਿਅਕਤੀ ਘਿਰੇ, ਪੁਲਿਸ ਨੇ ਵਧਾਈਆਂ ਧਾਰਾਵਾਂ
ਬਹਿਰੀਨ ਤੋਂ ਆਈ ਮਹਿਲਾ ਦੀ ਸ਼ਿਕਾਇਤ ’ਤੇ ਜਾਂਚ ਤੇਜ਼; BNS ਦੀਆਂ ਚਾਰ ਧਾਰਾਵਾਂ ਅਤੇ IT ਐਕਟ ਦੀ ਧਾਰਾ 67 ਵੀ ਐੱਫਆਈਆਰ ’ਚ ਜੋੜੀ, ਚਾਵਲਾ ਨੇ ਦੋਸ਼ਾਂ ਨੂੰ ਦੱਸਿਆ ਬੇਬੁਨਿਆਦ

ਸ੍ਰੀ ਅਨੰਦਪੁਰ ਸਾਹਿਬ: ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਜਬਰ-ਜਨਾਹ ਦੇ ਮਾਮਲੇ ਵਿੱਚ ਪੁਲਿਸ ਨੇ ਜਾਂਚ ਦਾ ਘੇਰਾ ਹੋਰ ਵਿਸ਼ਾਲ ਕਰ ਦਿੱਤਾ ਹੈ। ਮਾਮਲੇ ਦੀ ਪੜਤਾਲ ਦੌਰਾਨ ਤਿੰਨ ਹੋਰ ਵਿਅਕਤੀਆਂ ਨੂੰ ਐੱਫਆਈਆਰ ਵਿੱਚ ਨਾਮਜ਼ਦ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਭਾਰਤੀ ਨਿਆ ਸੰਹਿਤਾ (BNS) ਦੀਆਂ ਧਾਰਾਵਾਂ 75, 78, 296 ਅਤੇ 299 ਦੇ ਨਾਲ ਸੂਚਨਾ ਤਕਨਾਲੋਜੀ ਐਕਟ ਦੀ ਧਾਰਾ 67 ਵੀ ਜੋੜ ਦਿੱਤੀ ਗਈ ਹੈ। ਇਹ ਕਾਰਵਾਈ ਸ੍ਰੀ ਅਨੰਦਪੁਰ ਸਾਹਿਬ ਥਾਣੇ ਵਿੱਚ ਦਰਜ ਐੱਫਆਈਆਰ ਨੰਬਰ 149/26 ਤਹਿਤ ਕੀਤੀ ਗਈ ਹੈ।
ਤਿੰਨ ਵਿਅਕਤੀਆਂ ਨੂੰ ਜਾਂਚ ਦੇ ਘੇਰੇ ’ਚ ਲਿਆਂਦਾ
ਪੁਲਿਸ ਵੱਲੋਂ ਨਵੇਂ ਨਾਮਜ਼ਦ ਕੀਤੇ ਗਏ ਵਿਅਕਤੀਆਂ ਵਿੱਚ ਮੇਜਰ ਸਿੰਘ ਵਾਸੀ ਪਿੰਡ ਸਬਰਾ, ਤਹਿਸੀਲ ਪੱਟੀ, ਜ਼ਿਲ੍ਹਾ ਤਰਨਤਾਰਨ, ਮਲਕੀਤ ਸਿੰਘ ਵਾਸੀ ਸੁਲਤਾਨਵਿੰਡ ਰੋਡ, ਅੰਮ੍ਰਿਤਸਰ ਅਤੇ ਮੋਹਨ ਸਿੰਘ ਵਾਸੀ ਮੁਹੱਲਾ ਕੁਰਾਲੀਵਾਲਾ, ਸ੍ਰੀ ਅਨੰਦਪੁਰ ਸਾਹਿਬ ਦੇ ਨਾਂ ਸ਼ਾਮਲ ਹਨ। ਹਾਲਾਂਕਿ, ਇਨ੍ਹਾਂ ਵਿਅਕਤੀਆਂ ਦੀ ਇਸ ਮਾਮਲੇ ਵਿੱਚ ਕੀ ਭੂਮਿਕਾ ਰਹੀ ਹੈ, ਇਸ ਬਾਰੇ ਪੁਲਿਸ ਵੱਲੋਂ ਅਜੇ ਕੋਈ ਵਿਸਥਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।
ਬਹਿਰੀਨ ਤੋਂ ਪਰਤੀ ਮਹਿਲਾ ਨੇ ਲਾਏ ਸਨ ਦੋਸ਼
ਜ਼ਿਕਰਯੋਗ ਹੈ ਕਿ ਇਹ ਮਾਮਲਾ ਬਹਿਰੀਨ ਤੋਂ ਆਈ ਇੱਕ ਮਹਿਲਾ ਦੀ ਸ਼ਿਕਾਇਤ ਤੋਂ ਬਾਅਦ ਦਰਜ ਕੀਤਾ ਗਿਆ ਸੀ। ਮਹਿਲਾ ਨੇ ਆਪਣੇ ਬਿਆਨ ਵਿੱਚ ਦੋਸ਼ ਲਾਇਆ ਸੀ ਕਿ ਉਹ ਧਾਰਮਿਕ ਯਾਤਰਾ ਲਈ ਸ੍ਰੀ ਅਨੰਦਪੁਰ ਸਾਹਿਬ ਆਈ ਸੀ, ਜਿੱਥੇ ਅਮਰਜੀਤ ਸਿੰਘ ਚਾਵਲਾ ਉਸ ਨੂੰ ਵੱਖ-ਵੱਖ ਥਾਵਾਂ ’ਤੇ ਲੈ ਗਿਆ ਅਤੇ ਕਈ ਵਾਰ ਜਬਰ-ਜਨਾਹ ਕੀਤਾ।
ਸ਼ਿਕਾਇਤਕਰਤਾ ਅਨੁਸਾਰ, ਵਿਰੋਧ ਕਰਨ ’ਤੇ ਉਸ ਨੂੰ ਧਮਕੀਆਂ ਦਿੱਤੀਆਂ ਗਈਆਂ ਅਤੇ ਕੁਝ ਸਮੇਂ ਲਈ ਕਮਰੇ ਵਿੱਚ ਬੰਦ ਵੀ ਰੱਖਿਆ ਗਿਆ। ਮਹਿਲਾ ਨੇ ਮਾਨਸਿਕ ਤੌਰ ’ਤੇ ਤੰਗ-ਪਰੇਸ਼ਾਨ ਕਰਨ ਦੇ ਦੋਸ਼ ਵੀ ਲਾਏ ਸਨ।
ਚਾਵਲਾ ਨੇ ਦੋਸ਼ਾਂ ਨੂੰ ਦੱਸਿਆ ਝੂਠਾ
ਦੂਜੇ ਪਾਸੇ, ਅਮਰਜੀਤ ਸਿੰਘ ਚਾਵਲਾ ਨੇ ਆਪਣੇ ਖ਼ਿਲਾਫ਼ ਲੱਗੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਇਨ੍ਹਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ। ਉਨ੍ਹਾਂ ਨੇ ਖ਼ੁਦ ਨੂੰ ਬੇਕਸੂਰ ਦੱਸਿਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਤਿੰਨ ਨਵੇਂ ਵਿਅਕਤੀਆਂ ਦੀ ਭੂਮਿਕਾ ਸਮੇਤ ਸ਼ਿਕਾਇਤ ਨਾਲ ਜੁੜੇ ਹੋਰ ਪਹਿਲੂਆਂ ਦੀ ਜਾਂਚ ਤੋਂ ਬਾਅਦ ਹੀ ਅਗਲੀ ਕਾਰਵਾਈ ਦੀ ਤਸਵੀਰ ਸਪੱਸ਼ਟ ਹੋਵੇਗੀ।
-(ਟੀਵੀ 9 ਪੰਜਾਬੀ)
ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


