‘ਝੋਟੇ ਦੀ ਸ਼ਹਾਦਤ ਦਾ ਮੁੱਲ ਨਹੀਂ ਲੱਗ ਸਕਦਾ’, ਸਰਕਾਰੀ ਸਹਾਇਤਾ ’ਤੇ ਪਿਤਾ ਭੀਮ ਸਿੰਘ ਨੇ ਜਤਾਇਆ ਇਤਰਾਜ਼
‘ਸਾਨੂੰ ਨਾ ਨੌਕਰੀ ਚਾਹੀਦੀ ਹੈ ਤੇ ਨਾ ਹੀ ਪੈਸੇ’, PGI ’ਚ ਪੁੱਤ ਦੇ ਪੋਸਟਮਾਰਟਮ ਮੌਕੇ ਭਾਵੁਕ ਹੋਏ ਪਿਤਾ ਨੇ ਪੰਜਾਬੀਆਂ ਨੂੰ ਨਸ਼ਿਆਂ ਖ਼ਿਲਾਫ਼ ਡਟਣ ਦਾ ਦਿੱਤਾ ਸੱਦਾ

ਚੰਡੀਗੜ੍ਹ: ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਲੜਦਿਆਂ ਗੋਲੀ ਮਾਰ ਕੇ ਕਤਲ ਕੀਤੇ ਗਏ ਪਰਵਿੰਦਰ ਸਿੰਘ ਝੋਟਾ ਦਾ ਚੰਡੀਗੜ੍ਹ ਸਥਿਤ ਪੀਜੀਆਈ ਵਿੱਚ ਪੋਸਟਮਾਰਟਮ ਕੀਤਾ ਗਿਆ। ਦੇਰ ਰਾਤ ਮਾਨਸਾ ਤੋਂ ਝੋਟਾ ਦੀ ਮ੍ਰਿਤਕ ਦੇਹ ਚੰਡੀਗੜ੍ਹ ਪਹੁੰਚੀ, ਜਿੱਥੇ ਉਨ੍ਹਾਂ ਦੇ ਪਿਤਾ ਭੀਮ ਸਿੰਘ ਅਤੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਇਸ ਮੌਕੇ ਭੀਮ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਰਿਵਾਰ ਨੂੰ ਮੁਆਵਜ਼ਾ, ਨੌਕਰੀ ਅਤੇ ਹੋਰ ਸਹੂਲਤਾਂ ਦੇਣ ਦੀਆਂ ਪੇਸ਼ਕਸ਼ਾਂ ’ਤੇ ਸਖ਼ਤ ਇਤਰਾਜ਼ ਪ੍ਰਗਟਾਇਆ।
‘ਸਰਕਾਰ ਦੀ ਨੌਕਰੀ ਤੇ ਪੈਸੇ ਆਪਣੇ ਕੋਲ ਰੱਖੋ’
ਭੀਮ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੂੰ ਸਰਕਾਰ ਦੀ ਕਿਸੇ ਵੀ ਤਰ੍ਹਾਂ ਦੀ ਵਿੱਤੀ ਸਹਾਇਤਾ ਜਾਂ ਨੌਕਰੀ ਦੀ ਲੋੜ ਨਹੀਂ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ, ‘‘ਛੱਡੀ ਤੁਹਾਡੀ ਨੌਕਰੀ, ਝਾੜੂ ਸਰਕਾਰੇ, ਸਾਨੂੰ ਕਿਸੇ ਚੈੱਕ ਦੀ ਲੋੜ ਨਹੀਂ, ਪਾ ਪਾਇਓ ਚੈੱਕ।’’
ਉਨ੍ਹਾਂ ਦੇਸ਼-ਵਿਦੇਸ਼ ਵਿੱਚ ਰਹਿੰਦੇ ਸਮਾਜ ਸੇਵੀਆਂ ਨੂੰ ਵੀ ਅਪੀਲ ਕੀਤੀ ਕਿ ਝੋਟਾ ਦੇ ਪਰਿਵਾਰ ਲਈ ਕੋਈ ਪੈਸਾ ਇਕੱਠਾ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਜਿਹਾ ਕਰਦਾ ਹੈ ਜਾਂ ਪੈਸਾ ਦਿੰਦਾ ਹੈ ਤਾਂ ਇਹ ਉਸ ਦੀ ਆਪਣੀ ਜ਼ਿੰਮੇਵਾਰੀ ਹੋਵੇਗੀ।
‘ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੀ ਮੇਰੇ ਪੁੱਤ ਨੂੰ ਸੱਚੀ ਸ਼ਰਧਾਂਜਲੀ’
ਝੋਟਾ ਦੇ ਪਿਤਾ ਨੇ ਪੰਜਾਬ ਦੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਉਹ ਹੁਣ ਅੰਨ੍ਹ ਨਹੀਂ ਖਾਣਗੇ ਅਤੇ ਜੇਕਰ ਉਨ੍ਹਾਂ ਦੀ ਜਾਨ ਵੀ ਚਲੀ ਜਾਂਦੀ ਹੈ ਤਾਂ ਵੀ ਪੰਜਾਬ ਵਿੱਚੋਂ ਨਸ਼ੇ ਦਾ ਖ਼ਾਤਮਾ ਹੋਣਾ ਚਾਹੀਦਾ ਹੈ।
ਉਨ੍ਹਾਂ ਪੰਜਾਬੀਆਂ ਨੂੰ ਸੰਦੇਸ਼ ਦਿੰਦਿਆਂ ਕਿਹਾ, ‘‘ਪੰਜਾਬ ਦੇ ਲੋਕੋ, ਜੇ ਮੈਂ ਮਰ ਗਿਆ ਤਾਂ ਤੁਸੀਂ ਨਸ਼ੇ ਨੂੰ ਖ਼ਤਮ ਕਰ ਦਿਓ।’’
‘ਭਗਵੰਤ ਮਾਨ, ਮੇਰੀ ਸੁਰੱਖਿਆ ਵੀ ਵਾਪਸ ਲੈ ਲਓ’
ਭੀਮ ਸਿੰਘ ਨੇ ਪਰਿਵਾਰ ਨੂੰ ਦਿੱਤੀ ਗਈ ਸੁਰੱਖਿਆ ’ਤੇ ਵੀ ਸਵਾਲ ਖੜ੍ਹੇ ਕੀਤੇ। ਉਨ੍ਹਾਂ ਦੱਸਿਆ ਕਿ ਉਹ ਸਾਬਕਾ ਫ਼ੌਜੀ ਹਨ ਅਤੇ ਉਨ੍ਹਾਂ ਨੂੰ ਪੈਨਸ਼ਨ ਮਿਲਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਦੀ ਨੂੰਹ ਵੀ ਕੰਮ ਕਰਦੀ ਹੈ, ਜਿਸ ਕਾਰਨ ਪਰਿਵਾਰ ਨੂੰ ਕਿਸੇ ਵਿੱਤੀ ਸਹਾਇਤਾ ਦੀ ਲੋੜ ਨਹੀਂ ਹੈ।
ਉਨ੍ਹਾਂ ਕਿਹਾ ਕਿ ਜਦੋਂ ਪਰਵਿੰਦਰ ਸਿੰਘ ਝੋਟਾ ਨਸ਼ਿਆਂ ਖ਼ਿਲਾਫ਼ ਲੜ ਰਿਹਾ ਸੀ, ਉਸ ਸਮੇਂ ਕੋਈ ਵੀ ਉਸ ਦੇ ਨਾਲ ਨਹੀਂ ਆਇਆ ਅਤੇ ਨਾ ਹੀ ਉਸ ਨੂੰ ਲੋੜੀਂਦਾ ਸਾਥ ਮਿਲਿਆ। ਹੁਣ ਪਰਿਵਾਰ ਨੂੰ 6-6 ਸੁਰੱਖਿਆ ਮੁਲਾਜ਼ਮ ਦਿੱਤੇ ਗਏ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੂੰ ਸੰਬੋਧਨ ਕਰਦਿਆਂ ਭੀਮ ਸਿੰਘ ਨੇ ਕਿਹਾ ਕਿ ਉਹ ਪਰਿਵਾਰ ਨੂੰ ਦਿੱਤੀ ਸੁਰੱਖਿਆ ਵੀ ਵਾਪਸ ਲੈ ਲੈਣ, ਕਿਉਂਕਿ ਮੁੱਖ ਮੰਤਰੀ ਕੋਲ ਖ਼ੁਦ ਸੁਰੱਖਿਆ ਮੁਲਾਜ਼ਮਾਂ ਦੀ ਘਾਟ ਹੈ।
-(ਪੀਟੀਸੀ ਨਿਊਜ)
ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


