ਪੰਜਾਬ ’ਚ ਪਰਾਲੀ ਨੂੰ ਅੱਗ ਲਾਉਣ ਵਾਲਿਆਂ ’ਤੇ ਕਾਰਵਾਈ ਤੇਜ਼, 5,517 ਥਾਵਾਂ ’ਤੇ ਸਾੜੀ ਗਈ ਰਹਿੰਦ-ਖੂੰਹਦ
ਫਿਰੋਜ਼ਪੁਰ 728 ਮਾਮਲਿਆਂ ਨਾਲ ਸੂਬੇ ’ਚ ਮੋਹਰੀ, 85.90 ਲੱਖ ਰੁਪਏ ਦੇ ਜੁਰਮਾਨੇ ਤੈਅ; ਪਟਿਆਲਾ ’ਚ ਵੀ 374 ਘਟਨਾਵਾਂ ਆਈਆਂ ਸਾਹਮਣੇ

ਚੰਡੀਗੜ੍ਹ- ਪੰਜਾਬ ਵਿੱਚ ਝੋਨੇ ਦੀ ਕਟਾਈ ਦਾ ਸੀਜ਼ਨ ਆਖਰੀ ਪੜਾਅ ’ਤੇ ਪਹੁੰਚਣ ਦੇ ਬਾਵਜੂਦ ਖੇਤਾਂ ਵਿੱਚ ਪਰਾਲੀ ਸਾੜਨ ਦਾ ਰੁਝਾਨ ਜਾਰੀ ਹੈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਜਾਰੀ 11 ਨਵੰਬਰ ਤੱਕ ਦੇ ਅੰਕੜਿਆਂ ਮੁਤਾਬਕ ਸੂਬੇ ਭਰ ਵਿੱਚ ਅੱਗ ਲਾਉਣ ਦੀਆਂ 5,517 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚ 374 ਮਾਮਲੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਹਨ, ਜੋ ਇਸ ਸੂਚੀ ਵਿੱਚ ਪੰਜਵੇਂ ਨੰਬਰ ’ਤੇ ਹੈ।
ਬੋਰਡ ਦੀ ਰਿਪੋਰਟ ਅਨੁਸਾਰ ਸੂਬੇ ਵਿੱਚ ਝੋਨੇ ਦੀ ਬਿਜਾਈ ਹੇਠ ਕੁੱਲ 32.87 ਲੱਖ ਹੈਕਟੇਅਰ ਰਕਬੇ ਵਿੱਚੋਂ 96.65 ਫ਼ੀਸਦੀ ਫ਼ਸਲ ਦੀ ਕਟਾਈ ਹੋ ਚੁੱਕੀ ਹੈ। ਇਸ ਦੇ ਬਾਵਜੂਦ ਖੇਤਾਂ ਵਿੱਚ ਅੱਗ ਲਾਉਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਨ੍ਹਾਂ ਨੂੰ ਰੋਕਣ ਲਈ ਪ੍ਰਸ਼ਾਸਨ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਨਿਗਰਾਨੀ ਦੇ ਨਾਲ-ਨਾਲ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਰਹੀ ਹੈ।
ਅੰਕੜਿਆਂ ਮੁਤਾਬਕ ਪਰਾਲੀ ਸਾੜਨ ਵਾਲਿਆਂ ’ਤੇ ਵਾਤਾਵਰਣ ਮੁਆਵਜ਼ੇ ਵਜੋਂ ਕੁੱਲ 85.90 ਲੱਖ ਰੁਪਏ ਦੇ ਜੁਰਮਾਨੇ ਲਾਏ ਗਏ ਹਨ, ਜਿਨ੍ਹਾਂ ਵਿੱਚੋਂ 37.55 ਲੱਖ ਰੁਪਏ ਦੀ ਰਕਮ ਵਸੂਲ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ 1,259 ਮਾਮਲਿਆਂ ਵਿੱਚ ਐੱਫਆਈਆਰ ਦਰਜ ਹੋਈਆਂ ਹਨ ਅਤੇ 1,637 ਮਾਮਲਿਆਂ ਵਿੱਚ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਕੀਤੀ ਗਈ ਹੈ। ਉੱਥੇ ਹੀ, ਸਬੰਧਤ ਅਧਿਕਾਰੀਆਂ ਵੱਲੋਂ 1,435 ਚਿਤਾਵਨੀ ਅਤੇ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਗਏ ਹਨ।
ਪਟਿਆਲਾ ਦੇ ਕਿਸਾਨਾਂ ਨੂੰ 6.70 ਲੱਖ ਰੁਪਏ ਦਾ ਮੁਆਵਜ਼ਾ ਭਰਨ ਦੇ ਹੁਕਮ
ਪਟਿਆਲਾ ਜ਼ਿਲ੍ਹੇ ਵਿੱਚ ਝੋਨੇ ਹੇਠ ਕੁੱਲ 2.314 ਲੱਖ ਹੈਕਟੇਅਰ ਰਕਬੇ ਵਿੱਚੋਂ 98 ਫ਼ੀਸਦੀ ਫ਼ਸਲ ਦੀ ਕਟਾਈ ਹੋ ਚੁੱਕੀ ਹੈ। ਇਸ ਦੇ ਬਾਵਜੂਦ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ 374 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ।
ਜ਼ਿਲ੍ਹੇ ਵਿੱਚ ਵਾਤਾਵਰਣ ਮੁਆਵਜ਼ੇ ਤਹਿਤ 6.70 ਲੱਖ ਰੁਪਏ ਦੇ ਜੁਰਮਾਨੇ ਲਾਏ ਗਏ ਹਨ, ਜਿਨ੍ਹਾਂ ਵਿੱਚੋਂ 2.60 ਲੱਖ ਰੁਪਏ ਵਸੂਲੇ ਜਾ ਚੁੱਕੇ ਹਨ। ਇਸ ਤੋਂ ਇਲਾਵਾ 153 ਮਾਮਲਿਆਂ ਵਿੱਚ ਐੱਫਆਈਆਰ ਦਰਜ ਕੀਤੀਆਂ ਗਈਆਂ ਹਨ, ਜਦਕਿ 120 ਮਾਮਲਿਆਂ ਵਿੱਚ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਕੀਤੀ ਗਈ ਹੈ। ਚਿਤਾਵਨੀ ਅਤੇ ਕਾਰਨ ਦੱਸੋ ਨੋਟਿਸਾਂ ਦੇ ਮਾਮਲੇ ਵਿੱਚ ਵੀ ਪਟਿਆਲਾ ਦਾ ਅੰਕੜਾ 390 ਤੱਕ ਪਹੁੰਚ ਗਿਆ ਹੈ।
ਪਰਾਲੀ ਸਾੜਨ ’ਚ ਫਿਰੋਜ਼ਪੁਰ ਸਭ ਤੋਂ ਅੱਗੇ, ਤਰਨਤਾਰਨ ਦੂਜੇ ਨੰਬਰ ’ਤੇ
ਜ਼ਿਲ੍ਹਾ-ਵਾਰ ਅੰਕੜਿਆਂ ’ਤੇ ਨਜ਼ਰ ਮਾਰੀਏ ਤਾਂ ਫਿਰੋਜ਼ਪੁਰ ਵਿੱਚ ਸਭ ਤੋਂ ਵੱਧ 728 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ। ਤਰਨਤਾਰਨ 687 ਮਾਮਲਿਆਂ ਨਾਲ ਦੂਜੇ, ਸੰਗਰੂਰ 628 ਨਾਲ ਤੀਜੇ ਅਤੇ ਬਠਿੰਡਾ 499 ਮਾਮਲਿਆਂ ਨਾਲ ਚੌਥੇ ਸਥਾਨ ’ਤੇ ਹੈ। ਇਸ ਤੋਂ ਬਾਅਦ ਪਟਿਆਲਾ ਵਿੱਚ 374 ਘਟਨਾਵਾਂ ਸਾਹਮਣੇ ਆਈਆਂ ਹਨ। ਇਹ ਅੰਕੜੇ ਦਰਸਾਉਂਦੇ ਹਨ ਕਿ ਫ਼ਸਲ ਦੀ ਕਟਾਈ ਲਗਭਗ ਮੁਕੰਮਲ ਹੋਣ ਦੇ ਬਾਵਜੂਦ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਪਰਾਲੀ ਪ੍ਰਬੰਧਨ ਦੀ ਚੁਣੌਤੀ ਬਰਕਰਾਰ ਹੈ।
-(ਪੰਜਾਬੀ ਜਾਗਰਣ)
ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


