ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸੰਗਤਾਂ ਦੀ ਉਡੀਕ ਖ਼ਤਮ ਕਰਨ ਦੀ ਮੰਗ, CM ਮਾਨ ਨੇ PM ਮੋਦੀ ਨੂੰ ਲਿਖੀ ਅਪੀਲ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲਾਂਘਾ ਖੋਲ੍ਹਣ ਦਾ ਐਲਾਨ ਕਰਨ ਦੀ ਕੀਤੀ ਅਪੀਲ; 7 ਮਈ 2025 ਤੋਂ ਬੰਦ ਪਈ ਹੈ ਯਾਤਰਾ, ਵਿਧਾਨ ਸਭਾ ਵੀ ਪਾਸ ਕਰ ਚੁੱਕੀ ਹੈ ਮਤਾ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਨੂੰ ਲਾਂਘਾ ਮੁੜ ਖੋਲ੍ਹਣ ਦਾ ਐਲਾਨ ਕਰਨਾ ਚਾਹੀਦਾ ਹੈ, ਜਿਸ ਨਾਲ ਸੰਗਤਾਂ ਨੂੰ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਸਕੇ।
ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ’ਤੇ ਆਪਣਾ ਸੰਦੇਸ਼ ਸਾਂਝਾ ਕਰਦਿਆਂ ਕਿਹਾ ਕਿ ਦੇਸ਼-ਵਿਦੇਸ਼ ਦੀ ਨਾਨਕ ਨਾਮ ਲੇਵਾ ਸੰਗਤ ਹਰ ਰੋਜ਼ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਲਈ ਅਰਦਾਸ ਕਰਦੀ ਹੈ। ਸੰਗਤਾਂ ਦੀਆਂ ਇਨ੍ਹਾਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਵਿਧਾਨ ਸਭਾ ਵਿੱਚ ਵੀ ਲਾਂਘਾ ਮੁੜ ਖੋਲ੍ਹਣ ਦੀ ਮੰਗ ਸਬੰਧੀ ਮਤਾ ਪਾਸ ਕੀਤਾ ਜਾ ਚੁੱਕਾ ਹੈ।
ਕੇਂਦਰ ਸਰਕਾਰ ਤੋਂ ਜਲਦ ਫੈਸਲਾ ਲੈਣ ਦੀ ਮੰਗ
ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਸਿੱਖ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਇਸ ਲਈ ਕੇਂਦਰ ਸਰਕਾਰ ਨੂੰ ਬਿਨਾਂ ਦੇਰੀ ਕੀਤੇ ਇਸ ਸਬੰਧੀ ਫੈਸਲਾ ਲੈਣਾ ਚਾਹੀਦਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਤੋਂ ਉਮੀਦ ਜਤਾਈ ਕਿ ਉਹ ਪ੍ਰਕਾਸ਼ ਪੁਰਬ ਦੇ ਮੌਕੇ ਸੰਗਤਾਂ ਨੂੰ ਲਾਂਘਾ ਖੋਲ੍ਹਣ ਦਾ ਤੋਹਫ਼ਾ ਦੇਣਗੇ।
ਪਹਿਲਗਾਮ ਹਮਲੇ ਤੋਂ ਬਾਅਦ ਰੋਕੀ ਗਈ ਸੀ ਯਾਤਰਾ
ਜ਼ਿਕਰਯੋਗ ਹੈ ਕਿ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਨੇ 7 ਮਈ 2025 ਤੋਂ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਯਾਤਰਾ ਮੁਅੱਤਲ ਕਰ ਦਿੱਤੀ ਸੀ। ਉਦੋਂ ਤੋਂ ਭਾਰਤੀ ਸ਼ਰਧਾਲੂ ਪਾਕਿਸਤਾਨ ਦੇ ਨਾਰੋਵਾਲ ਜ਼ਿਲ੍ਹੇ ਵਿੱਚ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਸਿੱਧੇ ਦਰਸ਼ਨ ਨਹੀਂ ਕਰ ਸਕ ਰਹੇ।
ਵਿਧਾਨ ਸਭਾ ਨੇ ਵੀ ਕੇਂਦਰ ਨੂੰ ਕੀਤੀ ਸੀ ਅਪੀਲ
ਇਸ ਮਾਮਲੇ ਵਿੱਚ 27 ਅਕਤੂਬਰ 2026 ਨੂੰ ਪੰਜਾਬ ਵਿਧਾਨ ਸਭਾ ਦੇ 13ਵੇਂ ਸੈਸ਼ਨ ਦੇ ਆਖਰੀ ਦਿਨ ਲਾਂਘਾ ਮੁੜ ਖੋਲ੍ਹਣ ਸਬੰਧੀ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤੇ ਗਏ ਇਸ ਮਤੇ ਵਿੱਚ ਕੇਂਦਰ ਸਰਕਾਰ ਨੂੰ ਪਾਕਿਸਤਾਨ ਨਾਲ ਗੱਲਬਾਤ ਕਰਕੇ ਲਾਂਘਾ ਮੁੜ ਚਾਲੂ ਕਰਵਾਉਣ ਦੀ ਅਪੀਲ ਕੀਤੀ ਗਈ ਸੀ।
ਮਤੇ ਵਿੱਚ ਯਾਤਰਾ ਦੀਆਂ ਪ੍ਰਕਿਰਿਆਵਾਂ ਨੂੰ ਆਸਾਨ ਬਣਾਉਣ ਅਤੇ ਸੰਗਤਾਂ ਦੀ ਸੁਰੱਖਿਅਤ ਤੇ ਨਿਰਵਿਘਨ ਆਵਾਜਾਈ ਯਕੀਨੀ ਬਣਾਉਣ ਦੀ ਮੰਗ ਵੀ ਕੀਤੀ ਗਈ ਸੀ। ਹੁਣ ਮੁੱਖ ਮੰਤਰੀ ਦੀ ਤਾਜ਼ਾ ਅਪੀਲ ਤੋਂ ਬਾਅਦ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਦੀ ਮੰਗ ਨੇ ਫਿਰ ਜ਼ੋਰ ਫੜ ਲਿਆ ਹੈ।
-(ਟੀਵੀ 9 ਪੰਜਾਬੀ)
ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


