ਮਾਣਹਾਨੀ ਕੇਸ ’ਚ ਸਿਮਰਜੀਤ ਬੈਂਸ ਦੀ ਸਜ਼ਾ ਮੁਲਤਵੀ, ਸੈਸ਼ਨ ਅਦਾਲਤ ਨੇ ਦਿੱਤੀ ਰਾਹਤ
ਹੇਠਲੀ ਅਦਾਲਤ ਵੱਲੋਂ ਸੁਣਾਈ ਇੱਕ ਸਾਲ ਦੀ ਕੈਦ ’ਤੇ ਲੱਗੀ ਰੋਕ; 3 ਜਨਵਰੀ 2027 ਨੂੰ ਹੋਵੇਗੀ ਅਗਲੀ ਸੁਣਵਾਈ, ਬੈਂਸ ਨੇ ਕਿਹਾ—ਅਦਾਲਤ ਤੋਂ ਇਨਸਾਫ਼ ਦੀ ਉਮੀਦ

ਲੁਧਿਆਣਾ- ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮਾਣਹਾਨੀ ਦੇ ਮਾਮਲੇ ਵਿੱਚ ਕਾਨੂੰਨੀ ਰਾਹਤ ਮਿਲੀ ਹੈ। ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ (CJM) ਦੀ ਅਦਾਲਤ ਵੱਲੋਂ ਸੁਣਾਈ ਗਈ ਇੱਕ ਸਾਲ ਦੀ ਕੈਦ ਦੀ ਸਜ਼ਾ ਨੂੰ ਐਡੀਸ਼ਨਲ ਸੈਸ਼ਨ ਜੱਜ ਕਪਿਲ ਅਗਰਵਾਲ ਦੀ ਅਦਾਲਤ ਨੇ ਮੁਅੱਤਲ ਕਰ ਦਿੱਤਾ ਹੈ। ਮਾਮਲੇ ਦੀ ਅਗਲੀ ਸੁਣਵਾਈ ਹੁਣ 3 ਜਨਵਰੀ 2027 ਨੂੰ ਹੋਵੇਗੀ।
ਬੈਂਸ ਨੇ ਦੱਸਿਆ ਕਿ ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਉਨ੍ਹਾਂ ਵੱਲੋਂ ਸੈਸ਼ਨ ਅਦਾਲਤ ਵਿੱਚ ਚੁਣੌਤੀ ਦਿੱਤੀ ਗਈ ਸੀ। ਉਨ੍ਹਾਂ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਅਦਾਲਤ ਨੇ ਇੱਕ ਸਾਲ ਦੀ ਸਜ਼ਾ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਸਰਕਾਰ ਨੂੰ ਸਵਾਲ ਕਰਨਾ ਵਿਰੋਧੀ ਧਿਰ ਦੀ ਜ਼ਿੰਮੇਵਾਰੀ : ਬੈਂਸ
ਅਦਾਲਤੀ ਰਾਹਤ ਤੋਂ ਬਾਅਦ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਲੋਕਤੰਤਰ ਵਿੱਚ ਵਿਰੋਧੀ ਧਿਰ ਨੂੰ ਸਰਕਾਰ ਦੀਆਂ ਨੀਤੀਆਂ ਅਤੇ ਕੰਮਕਾਜ ’ਤੇ ਸਵਾਲ ਉਠਾਉਣ ਦਾ ਪੂਰਾ ਹੱਕ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਗ਼ਲਤ ਫ਼ੈਸਲਿਆਂ ਖ਼ਿਲਾਫ਼ ਆਵਾਜ਼ ਚੁੱਕਣਾ ਵੀ ਵਿਰੋਧੀ ਧਿਰ ਦੀ ਭੂਮਿਕਾ ਦਾ ਅਹਿਮ ਹਿੱਸਾ ਹੈ।
ਬੈਂਸ ਮੁਤਾਬਕ ਉਨ੍ਹਾਂ ਨੇ ਵੀ ਇਸੇ ਹੱਕ ਦੀ ਵਰਤੋਂ ਕਰਦਿਆਂ ਉਸ ਸਮੇਂ ਦੇ ਇੱਕ ਮੰਤਰੀ ਖ਼ਿਲਾਫ਼ ਆਵਾਜ਼ ਉਠਾਈ ਸੀ।
ਨਿਆਂਪਾਲਿਕਾ ’ਤੇ ਭਰੋਸਾ, ਅਗਲੀ ਸੁਣਵਾਈ ’ਤੇ ਰੱਖਣਗੇ ਪੱਖ
ਬੈਂਸ ਨੇ ਨਿਆਂ ਪ੍ਰਣਾਲੀ ਵਿੱਚ ਆਪਣਾ ਭਰੋਸਾ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਅਦਾਲਤ ਵਿੱਚ ਉਨ੍ਹਾਂ ਨੂੰ ਇਨਸਾਫ਼ ਮਿਲੇਗਾ। ਉਨ੍ਹਾਂ ਕਿਹਾ ਕਿ ਉਹ ਕਾਨੂੰਨੀ ਪ੍ਰਕਿਰਿਆ ਦਾ ਸਤਿਕਾਰ ਕਰਦੇ ਹਨ ਅਤੇ ਅਗਲੀ ਸੁਣਵਾਈ ਮੌਕੇ ਅਦਾਲਤ ਸਾਹਮਣੇ ਆਪਣਾ ਪੱਖ ਪੇਸ਼ ਕਰਨਗੇ।
-(ਪੰਜਾਬੀ ਜਾਗਰਣ)
ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


