27 ਨਵੰਬਰ ਨੂੰ ਪੰਜਾਬ ’ਚ ਹੋਵੇਗੀ ਸੁਰੱਖਿਆ ਪ੍ਰਬੰਧਾਂ ਦੀ ਵੱਡੀ ਪਰਖ, ਰਾਤ 8 ਵਜੇ ਸੂਬੇ ਭਰ ’ਚ ਗੂੰਜਣਗੇ ਸਾਇਰਨ
ਹਵਾਈ ਹਮਲੇ ਵਰਗੀ ਸਥਿਤੀ ਨਾਲ ਨਜਿੱਠਣ ਲਈ ਕਰਵਾਈ ਜਾਵੇਗੀ ਮੌਕ ਡ੍ਰਿਲ, ਚੋਣਵੇਂ ਖੇਤਰਾਂ ’ਚ ਲਾਈਟਾਂ ਬੰਦ ਕਰਕੇ ਹੋਵੇਗਾ ਬਲੈਕਆਊਟ; ਲੋਕਾਂ ਨੂੰ ਅਫਵਾਹਾਂ ਤੋਂ ਬਚਣ ਦੀ ਅਪੀਲ

ਚੰਡੀਗੜ੍ਹ : ਪੰਜਾਬ ਵਿੱਚ ਕਿਸੇ ਵੀ ਐਮਰਜੈਂਸੀ ਹਾਲਾਤ ਨਾਲ ਨਜਿੱਠਣ ਅਤੇ ਨਾਗਰਿਕਾਂ ਦੀ ਸੁਰੱਖਿਆ ਲਈ ਕੀਤੇ ਗਏ ਪ੍ਰਬੰਧਾਂ ਦੀ ਜਾਂਚ ਵਾਸਤੇ 27 ਨਵੰਬਰ ਨੂੰ ਸੂਬੇ ਭਰ ਵਿੱਚ ਏਅਰ ਰੇਡ ਅਤੇ ਬਲੈਕਆਊਟ ਮੌਕ ਡ੍ਰਿਲ ਕਰਵਾਈ ਜਾਵੇਗੀ। ਕੇਂਦਰੀ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ਤਹਿਤ ਇਹ ਅਭਿਆਸ ਸਾਰੇ ਜ਼ਿਲ੍ਹਿਆਂ ਵਿੱਚ ਰਾਤ 8 ਵਜੇ ਸ਼ੁਰੂ ਹੋਵੇਗਾ। ਇਸ ਦੌਰਾਨ ਸਾਇਰਨ ਵਜਾ ਕੇ ਹਵਾਈ ਹਮਲੇ ਦੀ ਚਿਤਾਵਨੀ ਦੇਣ ਅਤੇ ਲੋਕਾਂ ਨੂੰ ਸੁਰੱਖਿਅਤ ਰੱਖਣ ਦੀ ਪ੍ਰਕਿਰਿਆ ਦਾ ਅਭਿਆਸ ਕੀਤਾ ਜਾਵੇਗਾ।
ਸਾਇਰਨ ਦੀ ਆਵਾਜ਼ ਨਾਲ ਸ਼ੁਰੂ ਹੋਵੇਗਾ ਅਭਿਆਸ, ਨਿਰਧਾਰਤ ਇਲਾਕਿਆਂ ’ਚ ਬੰਦ ਹੋਣਗੀਆਂ ਲਾਈਟਾਂ
ਮੌਕ ਡ੍ਰਿਲ ਦੇ ਪਹਿਲੇ ਪੜਾਅ ਵਿੱਚ ਦੋ ਮਿੰਟ ਤੱਕ ਉੱਚੀ ਅਤੇ ਹੌਲੀ ਆਵਾਜ਼ ਵਿੱਚ ਸਾਇਰਨ ਵਜਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਅਤੇ ਸਿਵਲ ਡਿਫੈਂਸ ਕੰਟਰੋਲਰ ਵੱਲੋਂ ਤੈਅ ਕੀਤੇ ਗਏ ਇਲਾਕਿਆਂ ਵਿੱਚ ਸੰਕੇਤਕ ਬਲੈਕਆਊਟ ਕੀਤਾ ਜਾਵੇਗਾ। ਇਨ੍ਹਾਂ ਖੇਤਰਾਂ ਦੇ ਲੋਕਾਂ ਨੂੰ ਗੈਰ-ਜ਼ਰੂਰੀ ਬਿਜਲੀ ਦੀਆਂ ਲਾਈਟਾਂ ਬੰਦ ਰੱਖਣ ਲਈ ਕਿਹਾ ਜਾਵੇਗਾ। ਹਾਲਾਂਕਿ, ਹਸਪਤਾਲਾਂ ਅਤੇ ਹੋਰ ਜ਼ਰੂਰੀ ਸੇਵਾਵਾਂ ਆਮ ਵਾਂਗ ਚੱਲਦੀਆਂ ਰਹਿਣਗੀਆਂ।
ਬਚਾਅ ਟੀਮਾਂ ਦੀ ਕਾਰਗੁਜ਼ਾਰੀ ਵੀ ਪਰਖੇਗਾ ਪ੍ਰਸ਼ਾਸਨ
ਇਸ ਅਭਿਆਸ ਦੌਰਾਨ ਅੱਗ ਲੱਗਣ, ਹਵਾਈ ਹਮਲੇ ਵਰਗੀ ਸਥਿਤੀ ਅਤੇ ਹੋਰ ਐਮਰਜੈਂਸੀ ਨਾਲ ਨਜਿੱਠਣ ਦੀਆਂ ਤਿਆਰੀਆਂ ਦੀ ਜਾਂਚ ਕੀਤੀ ਜਾਵੇਗੀ। ਇਸ ਵਿੱਚ ਅੱਗ ਬੁਝਾਉਣ, ਤਲਾਸ਼ੀ ਲੈਣ, ਬਚਾਅ ਕਾਰਜ ਕਰਨ, ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਦੇਣ ਅਤੇ ਉਨ੍ਹਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣ ਦੀ ਪ੍ਰਕਿਰਿਆ ਸ਼ਾਮਲ ਹੋਵੇਗੀ।
ਇਸ ਦੇ ਨਾਲ ਹੀ ਆਵਾਜਾਈ ਨੂੰ ਸੁਚਾਰੂ ਬਣਾਈ ਰੱਖਣ ਅਤੇ ਭੀੜ ਨੂੰ ਕਾਬੂ ਕਰਨ ਲਈ ਕੀਤੇ ਗਏ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਜਾਵੇਗਾ। ਅਭਿਆਸ ਦੇ ਅਖੀਰ ਵਿੱਚ ਲਗਾਤਾਰ ਦੋ ਮਿੰਟ ਤੱਕ ਉੱਚੀ ਆਵਾਜ਼ ਵਾਲਾ ਸਾਇਰਨ ਵਜਾਇਆ ਜਾਵੇਗਾ, ਜੋ ‘ਆਲ ਕਲੀਅਰ’ ਦਾ ਸੰਕੇਤ ਹੋਵੇਗਾ।
ਸਾਇਰਨ ਵੱਜਣ ’ਤੇ ਘਬਰਾਉਣ ਦੀ ਲੋੜ ਨਹੀਂ, ਸਿਰਫ਼ ਅਭਿਆਸ ਦਾ ਹਿੱਸਾ
ਪ੍ਰਸ਼ਾਸਨ ਨੇ ਲੋਕਾਂ ਨੂੰ ਸਪੱਸ਼ਟ ਕੀਤਾ ਹੈ ਕਿ 27 ਨਵੰਬਰ ਨੂੰ ਸਾਇਰਨ ਦੀ ਆਵਾਜ਼ ਸੁਣ ਕੇ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਇਹ ਕਿਸੇ ਅਸਲ ਹਵਾਈ ਹਮਲੇ ਦੀ ਚਿਤਾਵਨੀ ਨਹੀਂ ਹੋਵੇਗੀ, ਬਲਕਿ ਨਾਗਰਿਕ ਸੁਰੱਖਿਆ ਪ੍ਰਬੰਧਾਂ ਨੂੰ ਪਰਖਣ ਲਈ ਕਰਵਾਈ ਜਾ ਰਹੀ ਮੌਕ ਡ੍ਰਿਲ ਹੈ।
ਇਸ ਅਭਿਆਸ ਦਾ ਉਦੇਸ਼ ਪੁਲਿਸ, ਪ੍ਰਸ਼ਾਸਨ, ਸਿਹਤ ਵਿਭਾਗ, ਫਾਇਰ ਬ੍ਰਿਗੇਡ ਅਤੇ ਹੋਰ ਸਬੰਧਤ ਵਿਭਾਗਾਂ ਵਿਚਾਲੇ ਤਾਲਮੇਲ ਨੂੰ ਮਜ਼ਬੂਤ ਕਰਨਾ ਹੈ। ਇਸ ਨਾਲ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ ਕਾਰਵਾਈ ਕਰਕੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਮਦਦ ਮਿਲੇਗੀ।
-(ਟੀਵੀ 9 ਪੰਜਾਬੀ)
ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


