ਸੁਪਰੀਮ ਕੋਰਟ ਨੇ ਡਰੱਗ ਮਾਮਲੇ ਵਿੱਚ ਮਜੀਠੀਆ ਨੂੰ ਦਿੱਤਾ ਝਟਕਾ
(ਪੰਜਾਬ ਡਾਇਰੀ) 10 ਮਈ – ਪੰਜਾਬ ਦੇ ਬਹੁਚਰਚਿਤ ਨਸ਼ਾ ਤਸਕਰੀ ਕੇਸ ਵਿੱਚ ਫਸੇ ਬਿਕਰਮਜੀਤ ਸਿੰਘ ਮਜੀਠੀਆ ਨੂੰ ਅੱਜ ਸੁਪਰੀਮ ਕੋਰਟ ਤੋਂ ਝਟਕਾ ਮਿਲਿਆ ਹੈ । ਮਿਲੀ ਜਾਣਕਾਰੀ ਮੁਤਾਬਕ ਪਿਛਲੀ ਕਾਂਗਰਸ ਸਰਕਾਰ ਦੌਰਾਨ ਬਿਕਰਮਜੀਤ ਸਿੰਘ ਮਜੀਠੀਆ ਖਿਲਾਫ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ ਐਕਟ ਅਧੀਨ 1985 ਤਹਿਤ ਮਾਮਲੇ ਦਰਜ ਕੀਤੇ ਗਏ ਸਨ। ਉਨ੍ਹਾਂ ਨੂੰ ਰੱਦ ਕਰਾਉਣ ਲਈ ਮਜੀਠੀਆ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਪਾਈ ਸੀ । ਜਿਸ ਨੂੰ ਕੋਰਟ ਨੇ ਇਹ ਆਖਿਆ ਰੱਦ ਕਰ ਦਿੱਤਾ ਤੁਸੀਂ ਆਪਣੀ ਗੱਲ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਰੱਖੋ ।
ਸੁਣਵਾਈ ਦੌਰਾਨ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਮਜੀਠੀਆ ਦੇ ਵਕੀਲ ਕਪਿਲ ਸਿੱਬਲ ਨੂੰ ਪੁੱਛਿਆ ਇੱਥੇ ਧਾਰਾ 32 ਦੇ ਤਹਿਤ ਰਿੱਟ ਪਟੀਸ਼ਨ ਕਿਉਂ? ਤੁਹਾਡੇ ਕੋਲ ਹੋਰ ਵੀ ਰਾਹ ਹਨ। ਕੀ ਤੁਸੀਂ ਹਾਈ ਕੋਰਟ ਨਹੀਂ ਜਾ ਸਕਦੇ?’ ਸਿਖਰਲੀ ਅਦਾਲਤ ਨੇ ਕਿਹਾ ਕਿ ਪਟੀਸ਼ਨਰ ਐੱਫਆਈਆਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦੇ ਸਕਦਾ ਹੈ ਅਤੇ ਇਸ ਦੀ ਸੁਣਵਾਈ ਡਿਵੀਜ਼ਨ ਬੈਂਚ ਦੁਆਰਾ ਕੀਤੀ ਜਾ ਸਕਦੀ ਹੈ।
ਬਿਕਰਮ ਸਿੰਘ ਮਜੀਠੀਆ ਡਰੱਗ ਮਾਮਲੇ ‘ਚ ਪਟਿਆਲਾ ਜੇਲ ‘ਚ ਬੰਦ ਹੈ। ਮਜੀਠੀਆ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ ਕਿ ਮੁਹਾਲੀ ਕੋਰਟ ‘ਚ ਉਨ੍ਹਾਂ ਖਿਲਾਫ ਦਰਜ ਡਰੱਗਜ਼ ਕੇਸ ਨੂੰ ਰੱਦ ਕੀਤਾ ਜਾਵੇ।
ਬਿਕਰਮ ਮਜੀਠੀਆ ਨੇ SC ‘ਚ ਦਲੀਲ ਦਿੱਤੀ ਕਿ ਸਪੈਸ਼ਲ ਟਾਸਕ ਫੋਰਸ (STF) ਦੀ ਰਿਪੋਰਟ ਦੇ ਆਧਾਰ ‘ਤੇ ਮਾਮਲਾ ਦਰਜ ਕੀਤਾ ਗਿਆ ਹੈ।
ਦੱਸ ਦਈਏ ਕਿ ਮਜੀਠੀਆ ਮਾਮਲੇ ਉਤੇ ਪੰਜਾਬ ਸਰਕਾਰ ਕਾਫੀ ਸਖਤ ਨਜ਼ਰ ਆ ਰਹੀ ਹੈ। ਪੰਜਾਬ ‘ਚ ਸੱਤਾ ‘ਚ ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਇਸ ਮਾਮਲੇ ਦੀ ਵਿਸ਼ੇਸ਼ ਜਾਂਚ ਟੀਮ ਨੂੰ ਬਦਲ ਦਿੱਤਾ ਹੈ। ਨਵੀਂ ਟੀਮ ਆਈਜੀ ਗੁਰਸ਼ਰਨ ਸਿੰਘ ਸੰਧੂ ਦੀ ਨਿਗਰਾਨੀ ਹੇਠ ਕੰਮ ਕਰ ਰਹੀ ਹੈ। ਇਸ ਐਸਆਈਟੀ ਦੇ ਮੁਖੀ ਆਈਪੀਐਸ ਅਧਿਕਾਰੀ ਐਸ. ਰਾਹੁਲ ਨੂੰ ਬਣਾਇਆ ਗਿਆ ਹੈ।