ਮੁੱਖ ਮੰਤਰੀ ਸ. ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਪੂਰੀ ਤਰ੍ਹਾਂ ਦ੍ਰਿੜ
ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਆਪਣੇ ਕੈਬਨਿਟ ਮੰਤਰੀ ਨੂੰ ਬਰਖਾਸਤ ਕਰਨ ਨੂੰ ਮੁੱਖ ਮੰਤਰੀ ਦੇ ਕਦਮ ਨੂੰ ਇਤਿਹਾਸਕ ਦੱਸਿਆ
ਰਾਜ ਵਿੱਚੋ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਸਹਿਯੋਗ ਦੀ ਅਪੀਲ
ਫ਼ਰੀਦਕੋਟ , 27 ਮਈ – ( ਪੰਜਾਬ ਡਾਇਰੀ ) ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਕੋਟਕਪੂਰਾ ਤੋਂ ਵਿਧਾਇਕ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਰਾਜ ਵਿੱਚ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਪੱਧਰ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਚਾਹੇ ਕੋਈ ਵੀ ਸਿਆਸਤਦਾਨ, ਮੰਤਰੀ, ਵਿਧਾਇਕ ਜਾਂ ਅਫ਼ਸਰਸ਼ਾਹੀ ਹੋਵੇ ਭ੍ਰਿਸ਼ਟਾਚਾਰ ਸਾਹਮਣੇ ਆਉਣ ਤੇ ਉਸ ਵਿਰੁੱਧ ਸਰਕਾਰ ਵੱਲੋਂ ਸਖਤ ਕਾਰਵਾਈ ਹੋਂਦ ਵਿਚ ਲਿਆਂਦੀ ਜਾਵੇਗੀ।
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਆਪਣੇ ਹੀ ਕੈਬਨਿਟ ਮੰਤਰੀ ਦੇ ਭ੍ਰਿਸ਼ਟਾਚਾਰ ਦੇ ਸਾਹਮਣੇ ਆਉਣ ਤੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਬਰਖ਼ਾਸਤ ਕਰਕੇ ਰਾਜ ਤੇ ਦੇਸ਼ ਦੇ ਇਤਿਹਾਸ ਵਿੱਚ ਇੱਕ ਨਵੀਂ ਮਿਸਾਲ ਪੈਦਾ ਕੀਤੀ ਹੈ, ਜਿਸ ਨਾਲ ਬਾਕੀ ਸਿਆਸਤਦਾਨਾਂ ਅਤੇ ਅਫਸਰਸ਼ਾਹੀ ਨੂੰ ਸੁਨੇਹਾ ਜਾਂਦਾ ਹੈ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਪੱਧਰ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ 23 ਮਾਰਚ ਨੂੰ ਸ਼ਹੀਦਾਂ ਦੀ ਧਰਤੀ ਖਟਕਲ ਕਲਾਂ ਤੋਂ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਇਨ ਨੰਬਰ 9501200200 ਦੀ ਸ਼ੁਰੂਆਤ ਕੀਤੀ ਸੀ, ਜਿਸਦੇ ਵਧੀਆ ਸਿੱਟੇ ਸਾਹਮਣੇ ਆ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਤੁਹਾਡੇ ਤੋਂ ਕੋਈ ਵੀ ਰਿਸ਼ਵਤ ਮੰਗਦਾ ਹੈ ਤਾਂ ਉਸ ਨੂੰ ਮਨ੍ਹਾਂ ਨਾ ਕਰੋ ਅਤੇ ਇਸ ਨੰਬਰ ਤੇ ਆਡੀਓ-ਵੀਡੀਓ ਵੱਟਸਅੱਪ ਕਰਕੇ ਭੇਜੋ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਇਸ ਤੇ ਨਿੱਜੀ ਤੌਰ ਤੇ ਨਜ਼ਰ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਅਧਿਕਾਰੀ ਕਰਮਚਾਰੀ ਤੇ ਇਥੋਂ ਤੱਕ ਕਿ ਕੋਈ ਵੀ ਵਿਧਾਇਕ ਜਾਂ ਮੰਤਰੀ ਵੀ ਕਿਉਂ ਨਾ ਹੋਵੇ, ਪੰਜਾਬ ਸਰਕਾਰ ਵੱਢੀ ਖੋਰੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਉਉਨ੍ਹਾਂ ਕਿਹਾ ਕਿ ਚਾਹੇ ਕੋਈ ਵੀ ਵਿਅਕਤੀ ਕਿੰਨਾ ਵੀ ਰਸੂਖਦਾਰ ਹੋਵੇ ਉਸਨੂੰ ਬੇਨਿਯਮੀ ਜਾਂ ਭ੍ਰਿਸ਼ਟਾਚਾਰ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਸ. ਸੰਧਵਾਂ ਨੇ ਅੱਗੇ ਕਿਹਾ ਕਿ ਰਾਜ ਦੇ ਲੋਕਾਂ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਨਿਆਂ ਲਈ ਚੁਣਿਆ ਸੀ ਅਤੇ ਸਾਡਾ ਇਹ ਫਰਜ਼ ਬਣਦਾ ਹੈ ਕਿ ਅਸੀਂ ਰਾਜ ਦੇ ਹਰੇਕ ਨਾਗਰਿਕ ਦੀਆਂ ਇਛਾਵਾਂ ਤੇ ਖਰੇ ਉਤਰੀਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਲਏ ਗਏ ਐਕਸ਼ਨ ਦੀ ਚਰਚਾ ਦੇਸ਼ ਹੀ ਨਹੀਂ ਬਲਕਿ ਵਿਦੇਸ਼ਾਂ ਵਿੱਚ ਵੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ 75 ਸਾਲ ਬਾਅਦ ਰਾਜ ਵਿਚ ਇਹ ਪਹਿਲੀ ਵਾਰ ਮਸਾਲ ਪੈਦਾ ਹੋਈ ਹੈ, ਜਿੱਥੇ ਕਿਸੇ ਸਰਕਾਰ ਨੇ ਆਪਣੇ ਵਜ਼ੀਰ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਤੁਰੰਤ ਬਰਖਾਸਤ ਕੀਤਾ ਹੋਵੇ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੇ ਵੀ ਸਾਲ 2015 ਨੂੰ ਇਸ ਤਰ੍ਹਾਂ ਦੀ ਮਿਸਾਲ ਕਾਇਮ ਕੀਤੀ ਸੀ ਜਦੋਂ ਉਨ੍ਹਾਂ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਆਪਣੇ ਖੁਰਾਕ ਤੇ ਸਪਲਾਈ ਮੰਤਰੀ ਨੂੰ ਬਰਖਾਸਤ ਕੀਤਾ ਸੀ। ਸ. ਸੰਧਵਾਂ ਨੇ ਸਮੂਹ ਲੋਕਾਂ ਨੂੰ ਸੱਦਾ ਦਿੱਤਾ ਕਿ ਰਾਜ ਦੀ ਤਰੱਕੀ, ਉੱਨਤੀ, ਵਿਕਾਸ ,ਭ੍ਰਿਸ਼ਟਾਚਾਰ, ਨਸ਼ਿਆਂ ਦੇ ਖਾਤਮੇ ਅਤੇ ਆਪਸੀ ਭਾਈਚਾਰਾ ਬਣਾਈ ਰੱਖਣ ਲਈ ਪੰਜਾਬ ਸਰਕਾਰ ਦਾ ਸਾਥ ਦੇਣ।