ਸੰਗਰੂਰ, 16 ਜੂਨ – (ਪੰਜਾਬ ਡਾਇਰੀ) ਸੰਗਰੂਰ ਦੇ ਨਨਕੇਆਣਾ ਚੌਕ ਵਿੱਚ ਆਮ ਆਦਮੀ ਪਾਰਟੀ ਦੇ ਦਫ਼ਤਰ ਅੱਗੇ ਈਟੀਟੀ ਟੀਈਟੀ ਪਾਸ ਬੇਰੁਜ਼ਗਾਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਧਰਨਾਕਾਰੀਆਂ ਨੇ ਚੌਕ ਵਿੱਚ ਚਾਰੇ ਪਾਸੇ ਆਵਾਜਾਈ ਠੱਪ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸ ਦੌਰਾਨ ਬੇਰੁਜ਼ਗਾਰਾਂ ਅਤੇ ਪੁਲਿਸ ਵਿਚਕਾਰ ਧੱਕਾ-ਮੁੱਕੀ ਵੀ ਹੋਈ।
ਇਸ ਦੌਰਾਨ ਧਰਨਾਕਾਰੀਆਂ ਨੇ ਕਿਹਾ ਕਿ ਅਸੀਂ ਆਪਣੇ ਰੁਜ਼ਗਾਰ ਦੀ ਮੰਗ ਕਰਦੇ ਆ ਰਹੇ ਹਾਂ, ਆਪਣੇ ਰੁਜ਼ਗਾਰ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਾਂ, ਪਰ ਸਰਕਾਰਾਂ ਨੇ ਸਾਨੂੰ ਕੁਝ ਨਹੀਂ ਦਿੱਤਾ। ਪੰਜਾਬ ਦੇ ਸਕੂਲ ਖਾਲੀ ਪਏ ਹਨ, ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਕੋਈ ਅਧਿਆਪਕ ਨਹੀਂ ਅਤੇ ਜਿੱਥੇ ਅਧਿਆਪਕ ਸੜਕਾਂ ’ਤੇ ਰੁਜਗਾਰ ਦੀ ਮੰਗ ਕਰਦੇ ਆ ਰਹੇ ਹਨ।
ਇਸੇ ਤਰ੍ਹਾਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਸਾਡੀਆਂ ਮੰਗਾਂ ਨੂੰ ਪੂਰਾ ਨਹੀਂ ਕਰ ਰਹੀ ਹੈ, ਜਦੋਂ ਤੱਕ ਸਾਨੂੰ ਨਿਯੁਕਤੀ ਪੱਤਰ ਨਹੀਂ ਮਿਲਦੇ ਅਸੀਂ ਧਰਨਾ ਜਾਰੀ ਰੱਖਾਂਗੇ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਸਾਡੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਆਉਣ ਵਾਲੀਆਂ ਚੋਣਾਂ ਵਿੱਚ ਵੀ ਉਨ੍ਹਾਂ ਨੂੰ ਸਖ਼ਤ ਜਵਾਬ ਦਿੱਤਾ ਜਾਵੇਗਾ।