Breaking- ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਸਬੰਧੀ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਦਾ ਆਯੋਜਨ
– ਜ਼ਿਲ੍ਹੇ ਵਿੱਚ ਇਕਹਿਰੀ ਪਲਾਸਟਿਕ ਦੀ ਵਰਤੋਂ ਕਰਨ ਵਾਲਿਆਂ ਵਿਰੁੱਧ ਹੋਵੇਗੀ ਕਾਰਵਾਈ- ਡਿਪਟੀ ਕਮਿਸ਼ਨਰ
– ਸਮਾਗਮ ਦੌਰਾਨ ਲੋਕਾਂ ਨੂੰ ਜੂਟ ਅਤੇ ਕੱਪੜੇ ਤੋਂ ਬਣੇ ਬੈਗ ਵੰਡੇ ਗਏ
ਫ਼ਰੀਦਕੋਟ, 5 ਅਗਸਤ – (ਪੰਜਾਬ ਡਾਇਰੀ) ਇਕਹਿਰੀ ਵਰਤੋਂ ਵਿੱਚ ਆਉਣ ਵਾਲੇ ਪਲਾਸਟਿਕ ਤੇ ਉਸ ਤੋਂ ਬਣੀਆਂ ਵਸਤਾਂ ਦੀ ਵਰਤੋਂ ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ ਅਤੇ ਇਸ ਸੰਬੰਧੀ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੂਰੇ ਸੂਬੇ ਵਿਚ ਸਿੰਗਲ ਯੂਜ਼ ਪਲਾਸਟਿਕ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਇਸ ਦੀ ਬਿਲਕੁਲ ਵੀ ਵਰਤੋਂ ਨਾ ਕਰਨ ਸਬੰਧੀ ਚਲਾਈ ਗਈ ਰਾਜ ਵਿਆਪੀ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਦਾ ਆਯੋਜਨ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਦੇ ਆਡੀਟੋਰੀਅਮ ਹਾਲ ਵਿਖੇ ਕੀਤਾ ਗਿਆ। ਜਿਸ ਵਿੱਚ ਡਿਪਟੀ ਕਮਿਸ਼ਨਰ ਡਾ ਰੂਹੀ ਦੁੱਗ ਆਈ.ਏ.ਐਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਮੌਕੇ ਆਪਣੇ ਸੰਬੋਧਨ ਵਿਚ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਲੋਕਾਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਜਿਥੇ ਜਾਗਰੂਕ ਕੀਤਾ ਜਾ ਰਿਹਾ ਹੈ ਉਥੇ ਹੀ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਹੋਂਦ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਨਾਲ ਜਿੱਥੇ ਵਾਤਾਵਰਣ ਨੂੰ ਗੰਭੀਰ ਖਤਰਾ ਬਣਿਆ ਹੋਇਆ ਹੈ ਉਥੇ ਹੀ ਇਸ ਦਾ ਮਨੁੱਖਾਂ, ਜੀਵ ਜੰਤੂਆਂ ਅਤੇ ਪਸ਼ੂਆਂ ਤੇ ਵੀ ਮਾੜਾ ਪ੍ਰਭਾਵ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਾਨੂੰ ਪੂਰੀ ਤਰ੍ਹਾਂ ਚੇਤੰਨ ਹੋਣ ਦੀ ਲੋੜ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਤੇ ਪਲਾਸਟਿਕ ਕਚਰਾ ਰਹਿਤ ਵਾਤਾਵਰਣ ਦੇ ਸਕੀਏ।