Saturday, October 31, 2026
Google search engine
HomeਅਪਰਾਧAI ਤਕਨੀਕ ਰਾਹੀਂ ਹਵਾਰਾ ਦੇ ਪਿਤਾ ਨੂੰ ਨਿਸ਼ਾਨਾ ਬਣਾਉਣ ਦਾ ਮਾਮਲਾ ਆਇਆ...

AI ਤਕਨੀਕ ਰਾਹੀਂ ਹਵਾਰਾ ਦੇ ਪਿਤਾ ਨੂੰ ਨਿਸ਼ਾਨਾ ਬਣਾਉਣ ਦਾ ਮਾਮਲਾ ਆਇਆ ਸਾਹਮਣੇ, ਇਤਰਾਜ਼ਯੋਗ ਵੀਡੀਓ ਫੈਲਾਉਣ ਵਾਲਿਆਂ ਖ਼ਿਲਾਫ਼ ਪੁਲਿਸ ਕਾਰਵਾਈ

AI ਤਕਨੀਕ ਰਾਹੀਂ ਹਵਾਰਾ ਦੇ ਪਿਤਾ ਨੂੰ ਨਿਸ਼ਾਨਾ ਬਣਾਉਣ ਦਾ ਮਾਮਲਾ ਆਇਆ ਸਾਹਮਣੇ, ਇਤਰਾਜ਼ਯੋਗ ਵੀਡੀਓ ਫੈਲਾਉਣ ਵਾਲਿਆਂ ਖ਼ਿਲਾਫ਼ ਪੁਲਿਸ ਕਾਰਵਾਈ

ਹਵਾਰਾ ਦੇ ਪਿਤਾ ਨੇ ਵੀਡੀਓ ਨੂੰ ਛਵੀ ਵਿਗਾੜਨ ਦੀ ਕੋਸ਼ਿਸ਼ ਕਰਾਰ ਦਿੱਤਾ; ਮੁਹਾਲੀ ਸਾਈਬਰ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਦਰਜ ਕੀਤਾ ਮਾਮਲਾ, ਜਾਂਚ ਸ਼ੁਰੂ

ਮੁਹਾਲੀ : ਜਗਤਾਰ ਸਿੰਘ ਹਵਾਰਾ ਦੇ ਪਿਤਾ ਅਤੇ ਕੌਮੀ ਇਨਸਾਫ਼ ਮੋਰਚੇ ਦੇ ਸਰਪ੍ਰਸਤ ਗੁਰਚਰਨ ਸਿੰਘ ਦੀ ਕਥਿਤ ਅਸ਼ਲੀਲ ਵੀਡੀਓ ਸੋਸ਼ਲ ਮੀਡੀਆ ’ਤੇ ਫੈਲਣ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵੀਡੀਓ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੀ ਮਦਦ ਨਾਲ ਤਿਆਰ ਕੀਤੀ ਗਈ ਹੈ। ਗੁਰਚਰਨ ਸਿੰਘ ਨੇ ਇਸ ਘਟਨਾ ਨੂੰ ਆਪਣਾ ਅਕਸ ਖ਼ਰਾਬ ਕਰਨ ਦੀ ਸਾਜ਼ਿਸ਼ ਦੱਸਦਿਆਂ ਮੁਹਾਲੀ ਸਾਈਬਰ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤ ਦੇ ਆਧਾਰ ’ਤੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਆਰੰਭ ਦਿੱਤੀ ਹੈ।

ਪੁਰਾਣੀ ਰੰਜਿਸ਼ ਕਾਰਨ ਸਾਜ਼ਿਸ਼ ਰਚਣ ਦਾ ਸ਼ੱਕ

ਗੁਰਚਰਨ ਸਿੰਘ ਨੇ ਆਪਣੀ ਸ਼ਿਕਾਇਤ ਵਿੱਚ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਨਾਲ ਸਬੰਧਤ ਇਕ ਵਿਅਕਤੀ ’ਤੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਸ ਕਥਿਤ ਸਾਜ਼ਿਸ਼ ਵਿੱਚ ਸ਼ਾਮਲ ਹੋਣ ਦਾ ਸ਼ੱਕ ਪ੍ਰਗਟਾਇਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਸੋਸ਼ਲ ਮੀਡੀਆ ਤੋਂ ਇਤਰਾਜ਼ਯੋਗ ਵੀਡੀਓ ਨੂੰ ਤੁਰੰਤ ਹਟਾਇਆ ਜਾਵੇ ਅਤੇ ਇਸ ਨੂੰ ਤਿਆਰ ਕਰਨ ਤੇ ਫੈਲਾਉਣ ਵਾਲੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਪੁਲਿਸ ਨੇ ਇਸ ਮਾਮਲੇ ਵਿੱਚ ਭਾਰਤੀ ਨਿਆਂ ਸੰਹਿਤਾ (BNS) ਦੀਆਂ ਧਾਰਾਵਾਂ 294, 352, 356(3) ਅਤੇ ਸੂਚਨਾ ਤਕਨਾਲੋਜੀ ਐਕਟ ਦੀ ਧਾਰਾ 66 ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਵੱਲੋਂ ਵੀਡੀਓ ਦੇ ਸਰੋਤ ਅਤੇ ਇਸ ਨੂੰ ਸੋਸ਼ਲ ਮੀਡੀਆ ’ਤੇ ਸਾਂਝਾ ਕਰਨ ਵਾਲਿਆਂ ਬਾਰੇ ਪੜਤਾਲ ਕੀਤੀ ਜਾ ਰਹੀ ਹੈ।

ਬੇਅੰਤ ਸਿੰਘ ਕਤਲ ਮਾਮਲੇ ਵਿੱਚ ਹਵਾਰਾ ਨੂੰ ਸੁਣਾਈ ਗਈ ਸੀ ਫਾਂਸੀ ਦੀ ਸਜ਼ਾ

ਜਗਤਾਰ ਸਿੰਘ ਹਵਾਰਾ ਨੂੰ ਸਾਲ 1995 ਵਿੱਚ ਚੰਡੀਗੜ੍ਹ ਸਕੱਤਰੇਤ ਦੇ ਬਾਹਰ ਹੋਏ ਬੰਬ ਧਮਾਕੇ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਸੀ। ਇਸ ਧਮਾਕੇ ਵਿੱਚ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਸਮੇਤ 18 ਵਿਅਕਤੀਆਂ ਦੀ ਮੌਤ ਹੋ ਗਈ ਸੀ। ਸਾਲ 2007 ਵਿੱਚ ਅਦਾਲਤ ਨੇ ਹਵਾਰਾ ਨੂੰ ਫਾਂਸੀ ਦੀ ਸਜ਼ਾ ਸੁਣਾਈ ਸੀ, ਪਰ 2010 ਵਿੱਚ ਹਾਈ ਕੋਰਟ ਨੇ ਇਸ ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ।

ਸਾਲ 2004 ਵਿੱਚ ਹਵਾਰਾ ਬੁੜੈਲ ਜੇਲ੍ਹ ਵਿੱਚ ਸੁਰੰਗ ਬਣਾ ਕੇ ਫ਼ਰਾਰ ਹੋ ਗਿਆ ਸੀ। ਹਾਲਾਂਕਿ, 2005 ਵਿੱਚ ਉਸ ਨੂੰ ਦਿੱਲੀ ਤੋਂ ਮੁੜ ਗ੍ਰਿਫ਼ਤਾਰ ਕਰ ਲਿਆ ਗਿਆ। ਮੌਜੂਦਾ ਸਮੇਂ ਉਹ ਮੰਡੋਲੀ ਜੇਲ੍ਹ ਵਿੱਚ ਬੰਦ ਹੈ।

ਕੌਮੀ ਇਨਸਾਫ਼ ਮੋਰਚੇ ਦੀ ਅਗਵਾਈ ਕਰ ਰਹੇ ਹਨ ਗੁਰਚਰਨ ਸਿੰਘ

ਗੁਰਚਰਨ ਸਿੰਘ 7 ਜਨਵਰੀ 2023 ਤੋਂ ਮੁਹਾਲੀ ਵਿੱਚ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਦੇ ਪ੍ਰਮੁੱਖ ਆਗੂਆਂ ਵਿੱਚ ਸ਼ਾਮਲ ਹਨ। ਇਸ ਮੋਰਚੇ ਦੀ ਮੁੱਖ ਮੰਗ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਯਕੀਨੀ ਬਣਾਉਣਾ ਹੈ।

-(ਪੰਜਾਬੀ ਜਾਗਰਣ)

ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments