AI ਵੀਡੀਓ ‘ਚ ਸ੍ਰੀ ਦਰਬਾਰ ਸਾਹਿਬ ਦੀ ਬੇਅਦਬੀ, ਸਿੱਖ ਭਾਈਚਾਰੇ ‘ਚ ਤਿੱਖਾ ਗੁੱਸਾ
ਵੀਡੀਓ ਵਿੱਚ ਇੱਕ ਵਿਅਕਤੀ ਨੂੰ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਉੱਪਰ ਨੱਚਦੇ ਹੋਏ ਦਿਖਾਇਆ ਗਿਆ ਹੈ, ਜਦਕਿ ਆਲੇ-ਦੁਆਲੇ ਖੜੇ ਕੁਝ ਲੋਕ ਤਾਲੀਆਂ ਵਜਾਉਂਦੇ ਨਜ਼ਰ ਆ ਰਹੇ ਹਨ।

ਅੰਮ੍ਰਿਤਸਰ – ਸ੍ਰੀ ਦਰਬਾਰ ਸਾਹਿਬ ਨਾਲ ਜੁੜੀ ਇੱਕ ਕਥਿਤ AI ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਿੱਖ ਭਾਈਚਾਰੇ ਵਿੱਚ ਭਾਰੀ ਨਾਰਾਜ਼ਗੀ ਦੇਖਣ ਨੂੰ ਮਿਲ ਰਹੀ ਹੈ। ਵੀਡੀਓ ਵਿੱਚ ਇੱਕ ਵਿਅਕਤੀ ਨੂੰ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਉੱਪਰ ਨੱਚਦੇ ਹੋਏ ਦਿਖਾਇਆ ਗਿਆ ਹੈ, ਜਦਕਿ ਆਲੇ-ਦੁਆਲੇ ਖੜੇ ਕੁਝ ਲੋਕ ਤਾਲੀਆਂ ਵਜਾਉਂਦੇ ਨਜ਼ਰ ਆ ਰਹੇ ਹਨ। ਇਸ ਤਰ੍ਹਾਂ ਦੇ ਦ੍ਰਿਸ਼ ਨੇ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਗੰਭੀਰ ਢੰਗ ਨਾਲ ਠੇਸ ਪਹੁੰਚਾਈ ਹੈ।
ਸਿੱਖ ਭਾਈਚਾਰੇ ਵੱਲੋਂ ਦੋਸ਼ੀਆਂ ਖਿਲਾਫ ਤੁਰੰਤ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਅਜਿਹੀਆਂ ਘਟਨਾਵਾਂ ਨਾ ਸਿਰਫ਼ ਧਾਰਮਿਕ ਅਸਥਾਵਾਂ ਨੂੰ ਆਹਤ ਕਰਦੀਆਂ ਹਨ, ਸਗੋਂ ਸਮਾਜਕ ਅਮਨ-ਸ਼ਾਂਤੀ ਲਈ ਵੀ ਖ਼ਤਰਾ ਬਣ ਸਕਦੀਆਂ ਹਨ। ਇਸ ਮਾਮਲੇ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਵੀ ਕਾਫ਼ੀ ਤਿੱਖੀਆਂ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ।
ਇਸ ਗੰਭੀਰ ਮਾਮਲੇ ਨੂੰ ਦੇਖਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। SGPC ਦੇ ਵਕੀਲ ਅਮਨਬੀਰ ਸਿੰਘ ਸਿਆਲੀ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀ ਵੀਡੀਓ ਸਾਹਮਣੇ ਆਉਣਾ ਬਹੁਤ ਹੀ ਨਿੰਦਣਯੋਗ ਹੈ ਅਤੇ ਇਹ ਸਿੱਖ ਮਰਯਾਦਾ ਦੇ ਖਿਲਾਫ ਹੈ।
ਉਨ੍ਹਾਂ ਦੱਸਿਆ ਕਿ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਜਿਹੜਾ ਵੀ ਵਿਅਕਤੀ ਇਸ ਦੇ ਪਿੱਛੇ ਜ਼ਿੰਮੇਵਾਰ ਪਾਇਆ ਗਿਆ, ਉਸ ਖ਼ਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਵੀਡੀਓ ਦੀ ਸੱਚਾਈ ਦੀ ਪੂਰੀ ਤਸਦੀਕ ਕਰਕੇ ਦੋਸ਼ੀਆਂ ਦੀ ਪਹਿਚਾਣ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ।
ਸਿੱਖ ਸੰਗਤ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਹੈ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਤੁਰੰਤ ਕਦਮ ਚੁੱਕੇ ਜਾਣ, ਤਾਂ ਜੋ ਭਵਿੱਖ ਵਿੱਚ ਕੋਈ ਵੀ ਵਿਅਕਤੀ ਇਸ ਤਰ੍ਹਾਂ ਦੀ ਨਿੰਦਣਯੋਗ ਹਰਕਤ ਕਰਨ ਦੀ ਹਿੰਮਤ ਨਾ ਕਰੇ।
-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


