Breaking- ਆਮ ਆਦਮੀ ਦੇ ਆਗੂਆਂ ਸਮੇਤ ਕਈ ਵਰਕਰਾਂ ਨੇ ਡਾ: ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕੀਤੀ
ਜਲੰਧਰ 14 ਅਪ੍ਰੈਲ – (ਬਾਬੂਸ਼ਾਹੀ ਬਿਊਰੋ) ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੀ 132ਵੀਂ ਜਯੰਤੀ ਮੌਕੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਨੇ ਉਨ੍ਹਾਂ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ । ਇਸ ਮੌਕੇ ‘ਆਪ’ ਦੇ ਲੋਕ ਸਭਾ ਉਪ ਚੋਣ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ, ਸੂਬਾ ਸਕੱਤਰ ਰਾਜਵਿੰਦਰ ਕੌਰ ਥਿਆੜਾ, ਕਰਤਾਰਪੁਰ ਦੇ ਵਿਧਾਇਕ ਬਲਕਾਰ ਸਿੰਘ, ਲੋਕ ਸਭਾ ਚੋਣ ਇੰਚਾਰਜ ਮੰਗਲ ਸਿੰਘ ਸਮੇਤ ਪਾਰਟੀ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ।
ਇਸ ਮੌਕੇ ਸੁਸ਼ੀਲ ਰਿੰਕੂ ਨੇ ਲੋਕਾਂ ਨੂੰ ਅੰਬੇਡਕਰ ਜੈਅੰਤੀ ਅਤੇ ਵਿਸਾਖੀ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਬਾਬਾ ਸਾਹਿਬ ਸਮਾਜ ਦੇ ਦੱਬੇ-ਕੁਚਲੇ ਲੋਕਾਂ ਲਈ ਸੰਵਿਧਾਨ ਵਿੱਚ ਦਿੱਤੇ ਅਧਿਕਾਰਾਂ ਸਦਕਾ ਹੀ ਇੱਕ ਮਹਾਨ ਪੁਰਸ਼ ਬਣ ਕੇ ਉੱਭਰੇ ਹਨ। ਭਾਰਤ ਨੇ ਡਾ: ਭੀਮ ਰਾਓ ਅੰਬੇਡਕਰ ਵੱਲੋਂ ਲਿਖੇ ਸੰਵਿਧਾਨ ਦੀ ਪਾਲਣਾ ਕਰਦਿਆਂ ਹੀ ਐਨੀ ਤਰੱਕੀ ਕੀਤੀ ਹੈ।
ਵਿਧਾਇਕ ਬਲਕਾਰ ਸਿੰਘ ਨੇ ਦੇਸ਼ ਅਤੇ ਪੰਜਾਬ ਵਾਸੀਆਂ ਨੂੰ ਵਿਸਾਖੀ ਅਤੇ ਅੰਬੇਡਕਰ ਜਯੰਤੀ ਦੀ ਵਧਾਈ ਦਿੰਦੇ ਹੋਏ ਕਿਹਾ ਕਿ 13 ਅਪ੍ਰੈਲ 1699 ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਸਾਨੂੰ ਉਸ ਦੀਆਂ ਸਿੱਖਿਆਵਾਂ ’ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਡਾ: ਭੀਮ ਰਾਓ ਅੰਬੇਡਕਰ ਉੱਚ ਸਿੱਖਿਆ ਪ੍ਰਾਪਤ ਇਕ ਮਹਾਨ ਵਿਅਕਤੀ ਸਨ। ਉਨ੍ਹਾਂ ਨੇ ਸੰਵਿਧਾਨ ਵਿੱਚ ਸਾਰਿਆਂ ਨੂੰ ਬਰਾਬਰ ਦੇ ਅਧਿਕਾਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਸੰਵਿਧਾਨ ਅਨੁਸਾਰ ਚਲਾਇਆ ਜਾ ਰਿਹਾ ਹੈ।
ਸੂਬਾ ਸਕੱਤਰ ਰਾਜਵਿੰਦਰ ਕੌਰ ਥਿਆੜਾ ਨੇ ਕਿਹਾ ਕਿ ਡਾ: ਅੰਬੇਡਕਰ ਗਰੀਬਾਂ ਦੇ ਮਸੀਹਾ ਸਨ | ਉਨ੍ਹਾਂ ਨੇ ਸੰਵਿਧਾਨ ਵਿੱਚ ਔਰਤਾਂ ਨੂੰ ਬਰਾਬਰੀ ਦਾ ਅਧਿਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਡਾ: ਅੰਬੇਡਕਰ ਦੀ ਸੋਚ ਅਨੁਸਾਰ ਕੰਮ ਕਰ ਰਹੀ ਹੈ। ਉਨ੍ਹਾਂ ਨੇ ਸਭ ਨੂੰ ਅੰਬੇਡਕਰ ਜਯੰਤੀ ਅਤੇ ਵਿਸਾਖੀ ਦੀ ਵਧਾਈ ਦਿੱਤੀ।