Breaking- ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਫਰੀਦਕੋਟ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਜੂਨੀਅਰ ਅਤੇ ਸੀਨੀਅਰ ਗਰੁੱਪ ਦੇ ਗਿਆਨ ਪਰਖ ਮੁਕਾਬਲੇ 6 ਅਗਸਤ ਨੂੰ
-ਤਹਿਸੀਲ ਪੱਧਰ ਤੇ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਦਿੱਤੇ ਜਾਣਗੇ ਨਕਦ ਇਨਾਮ
-ਮੁਕਾਬਲਿਆਂ ਦੇ ਸੰਚਾਲਨ ਲਈ ਬਣਾਏ ਗਏ 9 ਪ੍ਰੀਖਿਆ ਕੇਂਦਰ
ਕੋਟਕਪੂਰਾ, 2 ਅਗਸਤ – (ਪੰਜਾਬ ਡਾਇਰੀ) ‘ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੁਸਾਇਟੀ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਅਸ਼ੋਕ ਕੌਸ਼ਲ, ਜਨਰਲ ਸਕੱਤਰ ਕੁਲਵੰਤ ਸਿੰਘ ਚਾਨੀ, ਵਿੱਤ ਸਕੱਤਰ ਸੋਮ ਨਾਥ ਅਰੋੜਾ, ਸਲਾਹਕਾਰ ਗੁਰਿੰਦਰ ਸਿੰਘ ਮਹਿੰਦੀਰੱਤਾ, ਮੀਤ ਪ੍ਰਧਾਨ ਪ੍ਰੇਮ ਚਾਵਲਾ, ਸੇਵਾ ਮੁਕਤ ਤਹਿਸੀਲਦਾਰ ਰਾਜਿੰਦਰ ਸਿੰਘ ਸਰਾ, ਮਨਦੀਪ ਸਿੰਘ ਮਿੰਟੂ ਗਿੱਲ, ਸੁਖਚੈਨ ਸਿੰਘ ਥਾਂਦੇਵਾਲਾ, ਤਰਸੇਮ ਨਰੂਲਾ, ਇਕਬਾਲ ਸਿੰਘ ਮੰਘੇੜਾ, ਪ੍ਰੋ. ਹਰਬੰਸ ਸਿੰਘ ਪਦਮ, ਮੁਖਤਿਆਰ ਸਿੰਘ ਮੱਤਾ ਅਤੇ ਗੁਰਚਰਨ ਸਿੰਘ ਮਾਨ ਨੇ ਦੱਸਿਆ ਹੈ ਕਿ ਸ੍ਰੀ ਸ਼ਿਵ ਰਾਜ ਕਪੂਰ ਜ਼ਿਲ੍ਹਾ ਸਿੱਖਿਆ ਅਫਸਰ ( ਸੈਕੰਡਰੀ ਸਿੱਖਿਆ )ਅਤੇ ਸ੍ਰੀ ਪ੍ਰਦੀਪ ਦਿਓਡ਼ਾ ਡਿਪਟੀ ਡੀ. ਈ .ਓ. ( ਸੈ.ਸਿ. ) ਫ਼ਰੀਦਕੋਟ ਦੇ ਸਹਿਯੋਗ ਨਾਲ ਅਜ਼ਾਦੀ ਦਿਹਾੜੇ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਫ਼ਰੀਦਕੋਟ ਦੇ ਸਰਕਾਰੀ ਸੀਨੀਅਰ ਸੈਕੰਡਰੀ, ਹਾਈ ਅਤੇ ਮਿਡਲ ਸਕੂਲ ਵਿੱਚ ਅੱਠਵੀਂ ਜਮਾਤ ਤੋਂ ਦਸਵੀਂ ਜਮਾਤ ਤੱਕ ਪੜ੍ਹ ਰਹੇ ਵਿਦਿਆਰਥੀਆਂ ਦਾ ਜੂਨੀਅਰ ਗਰੁੱਪ ਬਣਾ ਕੇ ਅਤੇ ਇਸੇ ਤਰ੍ਹਾਂ 10+1 ਅਤੇ 10+2 ਜਮਾਤਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦਾ ਸੀਨੀਅਰ ਗਰੁੱਪ ਬਣਾ ਕੇ 6 ਅਗਸਤ ਦਿਨ ਸ਼ਨੀਵਾਰ ਨੂੰ ਸਵੇਰੇ ਠੀਕ 10 ਵਜੇ ਤੋਂ ਸਵੇਰੇ 11 ਵਜੇ ਤੱਕ ਗਿਆਨ ਪਰਖ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮੁਕਾਬਲੇ ਲਈ ਜ਼ਿਲ੍ਹਾ ਫਰੀਦਕੋਟ ਦੇ 9 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪ੍ਰੀਖਿਆ ਕੇਂਦਰ ਬਣਾਏ ਗਏ ਹਨ । ਉਨ੍ਹਾਂ ਅੱਗੇ ਦੱਸਿਆ ਕਿ ਤਹਿਸੀਲ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿੱਚੋਂ ਜੂਨੀਅਰ ਅਤੇ ਸੀਨੀਅਰ ਗਰੁੱਪਾਂ ਵਿੱਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ, ਸਰਟੀਫਿਕੇਟ, ਦੇਸ਼ ਭਗਤਾਂ ਦੇ ਜੀਵਨ ਨਾਲ ਸੰਬੰਧਤ ਕਿਤਾਬ ਅਤੇ ਕ੍ਰਮਵਾਰ 1100 ਰੁਪਏ, 700 ਰੁਪਏ ਅਤੇ 500 ਰੁਪਏ ਦੇ ਨਗਦ ਇਨਾਮ ਵੀ ਦਿੱਤੇ ਜਾਣਗੇ । ਜੇਤੂ ਵਿਦਿਆਰਥੀਆਂ ਦਾ ਸਨਮਾਨ ਕਰਨ ਲਈ ਮਿਤੀ ਅਤੇ ਸਥਾਨ ਬਾਰੇ ਬਾਅਦ ਵਿੱਚ ਸੂਚਿਤ ਕੀਤਾ ਜਾਵੇਗਾ। ਆਗੂਆਂ ਨੇ ਜ਼ਿਲ੍ਹਾ ਫਰੀਦਕੋਟ ਦੇ ਸਮੂਹ ਸਰਕਾਰੀ ਸੀਨੀਅਰ ਸੈਕੰਡਰੀ, ਹਾਈ ਅਤੇ ਮਿਡਲ ਸਕੂਲਾਂ ਦੇ ਮੁਖੀਆਂ ਤੋਂ ਪੂਰਨ ਸਹਿਯੋਗ ਦੀ ਮੰਗ ਕਰਦੇ ਹੋਏ ਆਪਣੇ-ਆਪਣੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦੀ ਇਸ ਗਿਆਨ ਪਰਖ ਮੁਕਾਬਲੇ ਵਿੱਚ ਸ਼ਮੂਲੀਅਤ ਕਰਵਾਉਣ ਦਾ ਹਾਰਦਿਕ ਸੱਦਾ ਦਿੱਤਾ ਹੈ।