Breaking- ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਜਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ
ਫਰੀਦਕੋਟ, 28 ਅਕਤੂਬਰ – (ਪੰਜਾਬ ਡਾਇਰੀ) ਕ੍ਰਿਸ਼ੀ ਵਿਗਿਆਨ ਕੇਂਦਰ ਫਰੀਦਕੋਟ ਵਿਖੇ ਡਾਇਰੈਕਟਰ ਪੀ ਏ ਯੂ ਲੁਧਿਆਣਾ ਦੀ ਅਗਵਾਈ ਹੇਠ ਕ੍ਰਿਸ਼ੀ ਵਿਗਿਆਨ ਕੇਂਦਰ ਫਰੀਦਕੋਟ ਵੱਲੋਂ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਜਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਡਾ. ਕੁਲਦੀਪ ਸਿੰਘ ਡਾਇਰੈਕਟਰ ਖੇਤਰੀ ਖੋਜ ਕੇਂਦਰ, ਫਰੀਦਕੋਟ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕੈਂਪ ਵਿੱਚ ਪਿੰਡਾਂ ਦੇ 150 ਤੋਂ ਵੱਧ ਕਿਸਾਨਾਂ ਨੇ ਹਿੱਸਾ ਲਿਆ।
ਇਸ ਕੈਂਪ ਦਾ ਮੁੱਖ ਮੰਤਵ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਬਜਾਏ ਹੋਰ ਬਦਲਵੇਂ ਢੰਗਾਂ ਰਾਹੀਂ ਵਰਤਣ ਬਾਰੇ ਜਾਗਰੂਕ ਕਰਨਾ ਸੀ। ਇਸ ਮੌਕੇ ਡਾ. ਰਾਕੇਸ਼ ਕੁਮਾਰ ਪ੍ਰੋਫੈਸਰ (ਐਗਰੀ.ਇੰਜੀ.) ਨੇ ਪਰਾਲੀ ਪ੍ਰਬੰਧਨ ਲਈ ਵੱਖ-ਵੱਖ ਮਸ਼ੀਨਾਂ ਦੀ ਵਰਤੋਂ ਕਰਕੇ ਵਾਤਾਵਰਨ ਬਚਾਉਣ ਬਾਰੇ ਜਾਣਕਾਰੀ ਦਿੱਤੀ।ਇਸ ਦੇ ਨਾਲ ਹੀ ਉਨ੍ਹਾਂ ਵੱਖ-ਵੱਖ ਮਸ਼ੀਨਾਂ ਜਿਵੇਂ ਹੈਪੀ ਸੀਡਰ, ਸਮਾਰਟ ਸੀਡਰ, ਸੁਪਰ ਸੀਡਰ, ਮਲਚਰ, ਬੇਲਰ, ਸੀਡ ਡਰਿੱਲ ਆਦਿ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ। ਡਾ. ਗੁਰਦਰਸ਼ਨ ਸਿੰਘ ਸਹਿਯੋਗੀ ਪ੍ਰੋਫੈਸਰ (ਬਾਗਬਾਨੀ) ਨੇ ਝੋਨੇ ਦੀ ਪਰਾਲੀ ਨੂੰ ਬਾਗਬਾਨੀ ਫਸਲਾਂ ਵਿੱਚ ਮਲਚ ਵਜੋਂ ਵਰਤਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਖੁੰਬਾਂ ਦੀ ਕਾਸ਼ਤ ਵਿੱਚ ਪਰਾਲੀ ਦੀ ਵਰਤੋਂ ਸਬੰਧੀ ਵਿਸਥਾਰ ਪੂਰਵਕ ਦੱਸਿਆ। ਡਾ. ਪਵਿੱਤਰ ਸਿੰਘ ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਸਮੇਂ-ਸਮੇਂ ਮਿੱਟੀ-ਪਾਣੀ ਦੀ ਪਰਖ ਕਰਵਾਉਣ ਅਤੇ ਪਰਾਲੀ ਨੂੰ ਖੇਤ ਵਿੱਚ ਹੀ ਖਪਤ ਕਰਕੇ ਮਿੱਟੀ ਦੀ ਸਿਹਤ ਸੁਧਾਰ ਲਈ ਵਰਤਣ ਤੇ ਜ਼ੋਰ ਦਿੱਤਾ।ਡਾ. ਕਮਲਦੀਪ ਸਿੰਘ ਮਠਾੜੂ ਸਹਾਇਕ ਪ੍ਰੋਫੈਸਰ (ਕੀਟ ਵਿਗਿਆਨ) ਨੇ ਹੈਪੀ ਸੀਡਰ ਦੀ ਵਰਤੋਂ ਨਾਲ ਬੀਜੀ ਗਈ ਕਣਕ ਵਿੱਚ ਗੁਲਾਬੀ ਸੁੰਡੀ ਦੀ ਰੋਕਥਾਮ ਸਬੰਧੀ ਪ੍ਰਬੰਧਨ ਬਾਰੇ ਸੁਝਾਅ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਹਾੜੀ ਦੀਆਂ ਮੁੱਖ ਫ਼ਸਲਾਂ ਦੀਆਂ ਬਿਮਾਰੀਆਂ ਅਤੇ ਉਹਨਾਂ ਦੇ ਇਲਾਜ ਬਾਰੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਡਾ. ਗੁਰਲਾਲ ਸਿੰਘ ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਪਸ਼ੂਆਂ ਦੀਆਂ ਕਈ ਬਿਮਾਰੀਆਂ ਨੂੰ ਠੀਕ ਕਰਨ ਲਈ ਰਵਾਇਤੀ ਢੰਗਾਂ ਬਾਰੇ ਵਿਚਾਰ ਸਾਂਝੇ ਕੀਤੇ ਅਤੇ ਪਸ਼ੂਆਂ ਲਈ ਸੰਤੁਲਿਤ ਖੁਰਾਕ ਦੀ ਮਹੱਤਤਾ ਤੇ ਜ਼ੋਰ ਦਿੱਤਾ। ਉਨ੍ਹਾਂ ਝੋਨੇ ਦੀ ਪਰਾਲੀ ਤੋਂ ਪਸ਼ੂ ਚਾਰਾ ਬਣਾਉਣ ਬਾਰੇ ਵੀ ਦੱਸਿਆ। ਡਾ. ਹਰਿੰਦਰ ਸਿੰਘ, ਸਹਿਯੋਗੀ ਨਿਰਦੇਸ਼ਕ (ਸ) ਨੇ ਕਿਸਾਨਾਂ ਨੂੰ ਫ਼ਸਲਾਂ ਬੀਜਣ ਲਈ ਵਿਗਿਆਨਕ ਤੌਰ ਤੇ ਪ੍ਰਵਾਨਿਤ ਤਰੀਕਿਆਂ ਨੂੰ ਅਪਣਾਉਣ ਤੇ ਜ਼ੋਰ ਦਿੱਤਾ, ਜਿਸ ਨਾਲ ਨਾ ਸਿਰਫ਼ ਫ਼ਸਲ ਬੀਜਣ ਦਾ ਖਰਚਾ ਘਟਦਾ ਹੈ ਸਗੋਂ ਵਾਤਾਵਰਨ ਦਾ ਪ੍ਰਦੂਸ਼ਣ ਵੀ ਘਟਦਾ ਹੈ ਤੇ ਨਾਲ ਹੀ ਲਗਾਤਾਰ ਘਟ ਰਹੇ ਕੁਦਰਤੀ ਸਰੋਤਾਂ ਨੂੰ ਵੀ ਬਚਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਕੇ ਵੀ ਕੇ ਫਰੀਦਕੋਟ ਵੱਲੋਂ ਪਰਾਲੀ ਪ੍ਰਬੰਧਨ ਲਈ ਅਤੇ ਫ਼ਸਲਾਂ ਬੀਜਣ ਲਈ ਮਸ਼ੀਨਰੀ ਬਹੁਤ ਹੀ ਘੱਟ ਰੇਟਾਂ ਤੇ ਕਿਰਾਏ ਲਈ ਉਪਲਬਧ ਹੈ। ਇਸ ਦੇ ਨਾਲ ਹੀ ਉਨ੍ਹਾਂ ਹੈਪੀ ਸੀਡਰ, ਸੁਪਰ ਸੀਡਰ ਦੀ ਵਰਤੋਂ ਨਾਲ ਪਰਾਲੀ ਪ੍ਰਬੰਧਨ ਤੋਂ ਬਾਅਦ ਬੀਜੀ ਗਈ ਕਣਕ ਵਿੱਚ ਚੂਹਿਆਂ, ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਲਈ ਵੀ ਕਿਸਾਨਾਂ ਨੂਂ ਸੁਝਾਅ ਦਿੱਤੇ।ਡਾ. ਕੁਲਦੀਪ ਸਿੰਘ ਨੇ ਕਿਸਾਨਾਂ ਨੂੰ ਯੂਨੀਵਰਸਿਟੀ ਦੀਆਂ ਸ਼ਿਫਾਰਸ਼ਾਂ ਨੂੰ ਅਪਣਾਉਣ ਲਈ ਉਤਸ਼ਾਹਿਤ ਕੀਤਾ ਅਤੇ ਕੁਝ ਰਕਬਾ ਗੰਨੇ ਦੀ ਕਾਸ਼ਤ ਹੇਠ ਲਿਆਉਣ ਤੇ ਜ਼ੋਰ ਦਿੰਦਿਆ ਕਿਹਾ ਕਿ ਇਸ ਨਾਲ ਨਾ ਸਿਰਫ਼ ਖੇਤੀ ਵਿਭਿੰਨਤਾ ਵਿੱਚ ਮਦਦ ਮਿਲੇਗੀ ਬਲਕਿ ਹੋਰ ਵੀ ਬਹੁਤ ਸਾਰੇ ਫ਼ਾਇਦੇ ਹਨ। ਉਨ੍ਹਾਂ ਕਿਸਾਨਾਂ ਨੂੰ ਆਪਣੇ ਜਿਲ੍ਹੇ ਦੇ ਕੇ.ਵੀ.ਕੇ ਨਾਲ ਜੁੜਨ ਲਈ ਕਿਹਾ ਤਾਂ ਜੋ ਵਾਤਾਵਰਨ ਵਿੱਚ ਹੋ ਰਹੇ ਬਦਲਾਅ ਦੌਰਾਨ ਆਪਣੀਆਂ ਫ਼ਸਲਾਂ ਦੀ ਸਾਂਭ-ਸੰਭਾਲ ਕੀਤੀ ਜਾ ਸਕੇ।ਕੈਂਪ ਵਿੱਚ ਆਏ ਹੋਏ ਕਿਸਾਨਾਂ ਨੂੰ ਯੂਨੀਵਰਸਿਟੀ ਵਲੋਂ ਸਿਫ਼ਾਰਸ਼ ਕਿਤਾਬਾਂ ਵੀ ਵੰਡੀਆਂ ਗਈਆਂ।