Breaking- ਖੂਹ, ਬੋਰਵੈਲ/ਟਿਊਬਵੈੱਲ ਦੀ ਖੁਦਾਈ ਸਬੰਧੀ ਹਦਾਇਤਾਂ ਜਾਰੀ
ਫਰੀਦਕੋਟ, 18 ਅਕਤੂਬਰ – (ਪੰਜਾਬ ਡਾਇਰੀ) ਜਿਲਾ ਮੈਜਿਸਟ੍ਰੇਟ ਫਰੀਦਕੋਟ ਡਾ. ਰੂਹ ਦੁੱਗ ਆਈ.ਏ.ਐਸ. ਨੇ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਜਿਲੇ ਵਿੱਚ ਖੂਹ ,ਬੋਰਵੈਲ/ਟਿਊਬਵੈੱਲ ਦੀ ਖੁਦਾਈ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ। ਜਿਸ ‘ਚ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਅਤੇ ਬੋਰਵੈਲ/ਟਿਊਬਵੈੱਲ ਪੁੱਟਣ ਕਾਰਨ ਲੋਕਾਂ ਅਤੇ ਬੱਚਿਆਂ ਦੇ ਇਨਾਂ ‘ਚ ਡਿਗ ਜਾਣ ਨਾਲ ਹੁੰਦੇ ਜਾਨੀ ਤੇ ਮਾਲੀ ਨੁਕਸਾਨ ਤੋਂ ਬਚਣ ਲਈ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਤਹਿਤ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਹੈ। ਹੁਕਮਾਂ ਦੇ ਅਨੁਸਾਰ ਜ਼ਿਲਾ ਫਰੀਦਕੋਟ ਦੀ ਹੱਦ ਅੰਦਰ ਪੇਂਡੂ ਅਤੇ ਸ਼ਹਿਰੀ ਇਲਾਕਿਆਂ ਵਿੱਚ ਬੋਰਵੈਲ/ਟਿਊਬਵੈੱਲ ਦੀ ਖ਼ੁਦਾਈ/ਮੁਰੰਮਤ ਕਰਨ ਤੋਂ ਪਹਿਲਾਂ ਜ਼ਮੀਨ ਮਾਲਕ ਜ਼ਿਲਾ ਕੁਲੈਕਟਰ, ਸੰਬੰਧਿਤ ਸਰਪੰਚ ਗ੍ਰਾਮ ਪੰਚਾਇਤ, ਮਿਊਂਸੀਪਲ ਕਾਰਪੋਰੇਸ਼ਨ, ਨਗਰ ਕੌਂਸਲ, ਜਨ ਸਿਹਤ ਵਿਭਾਗ ਜਾਂ ਭੂਮੀ ਰੱਖਿਆ ਵਿਭਾਗ ਨੂੰ 15 ਦਿਨ ਪਹਿਲਾਂ ਸੂਚਿਤ ਕਰੇਗਾ ਅਤੇ ਖੂਹ/ਬੋਰਵੈਲ ਪੁੱਟਣ ਜਾਂ ਮੁਰੰਮਤ ਕਰਨ ਵਾਲੀਆਂ ਸਾਰੀਆਂ ਸਰਕਾਰੀ/ਅਰਧ ਸਰਕਾਰੀ/ਪ੍ਰਾਈਵੇਟ ਏਜੰਸੀਆਂ ਦੀ ਰਜਿਸਟ੍ਰੇਸ਼ਨ ਹੋਣਾ ਲਾਜ਼ਮੀ ਹੋਵੇਗਾ। ਇਹ ਹੁਕਮ 13 ਦਸੰਬਰ 2022 ਤੱਕ ਜਾਰੀ ਰਹਿਣਗੇ ਅਤੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ/ਡਰਿਲਿੰਗ ਏਜੰਸੀ ਦੇ ਮਾਲਕ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜ਼ਿਲਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਦੇ ਅਨੁਸਾਰ ਖੂਹ/ਬੋਰਵੈਲ ਦੇ ਪੁੱਟਣ ਜਾਂ ਮੁਰੰਮਤ ਵਾਲੀ ਥਾਂ ‘ਤੇ ਡਰਿਲਿੰਗ ਏਜੰਸੀ ਅਤੇ ਖੂਹ/ਬੋਰਵੈਲ ਲਵਾਉਣ ਵਾਲੇ ਮਾਲਕ ਦੇ ਪੂਰੇ ਪਤੇ ਵਾਲਾ ਸਾਈਨ ਬੋਰਡ ਲਗਾਇਆ ਜਾਵੇ ਅਤੇ ਉਸ ਸਾਈਨ ਬੋਰਡ ‘ਤੇ ਡਰਿਲਿੰਗ ਏਜੰਸੀ ਦਾ ਰਜਿਸਟ੍ਰੇਸ਼ਨ ਨੰਬਰ ਲਿਖਿਆ ਹੋਣਾ ਵੀ ਲਾਜ਼ਮੀ ਹੋਵੇਗਾ।