Breaking- ਜੇਕਰ ਸੰਸਥਾਵਾਂ ਵੱਲੋਂ ਪੰਜਾਬੀ ਭਾਸ਼ਾ ਬੋਲਣ ਤੇ ਪਾਬੰਦੀ ਲਗਾਈ, ਤਾਂ ਉਨ੍ਹਾਂ ਸੰਸਥਾਵਾਂ ਖਿਲਾਫ ਹੋਵੇਗੀ ਸ਼ਖਤ ਕਾਰਵਾਈ – ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ, 13 ਦਸੰਬਰ – (ਪੰਜਾਬ ਡਾਇਰੀ) ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਪੰਜਾਬ ਦੇ ਵਿੱਚ ਪੰਜਬੀ ਭਾਸ਼ਾ ਨੂੰ ਪੂਰਾ ਮਾਣ ਸਨਮਾਨ ਦੇਣ ਵੱਲ ਢੁੱਕਵੇਂ ਕਦਮ ਚੁੱਕੇ ਜਾ ਰਹੇ ਹਨ। ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸਖ਼ਤ ਤਾੜਨਾ ਕਰਦੇ ਹੋਏ ਕਿਹਾ ਹੈ ਕਿ ਜਿਹੜੀਆਂ ਸਿੱਖਿਆ ਸੰਸਥਾਵਾਂ ਆਪਣੇ ਕੈਂਪਸ ਵਿੱਚ ਪੰਜਾਬੀ ਭਾਸ਼ਾ ਬੋਲਣ ਦੇ ਉੱਪਰ ਪਾਬੰਦੀ ਲਾਉਣਗੀਆਂ, ਉਨ੍ਹਾਂ ਸੰਸਥਾਵਾਂ ਦੇ ਖਿਲਾਫ ਪੰਜਾਬ ਸਰਕਾਰ ਵੱਲੋਂ ਸਖਤ ਕਾਰਵਾਈ ਕੀਤੀ ਜਾਵੇਗੀ।
ਦਰਅਸਲ ਪੰਜਾਬੀ ਯੂਨੀਵਰਸਿਟੀ ਵਿੱਚ ਅੰਤਰ-ਯੂਨੀਵਰਸਿਟੀ ਯੁਵਕ ਮੇਲੇ ਦੇ ਆਖ਼ਰੀ ਦਿਨ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁੱਝ ਸਿੱਖਿਆ ਸੰਸਥਾਵਾਂ ਆਪਣੇ ਕੈਂਪਸਾਂ ਵਿੱਚ ਪੰਜਾਬੀ ਬੋਲਣ ਦੇ ਉੱਪਰ ਜੁਰਮਾਨੇ ਲਗਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਗੈਰ-ਵਾਜਬ ਹੈ ਕਿਉਂਕਿ ਸੂਬੇ ਵਿੱਚ ਰਹਿੰਦੇ ਸਾਰੇ ਪੰਜਾਬੀਆਂ ਦੀ ਮਾਂ-ਬੋਲੀ ਪੰਜਾਬੀ ਹੈ। ਭਗਵੰਤ ਮਾਨ ਨੇ ਅਜਿਹੀਆਂ ਸਿੱਖਿਆ ਸੰਸਥਾਵਾਂ ਨੂੰ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਅਜਿਹੇ ਜੁਰਮਾਨੇ ਲਗਾਏ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਦਮ ਚੁੱਕਿਆ ਜਾਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ-ਫਕੀਰਾਂ, ਪੈਗੰਬਰਾਂ ਅਤੇ ਸੰਤਾਂ ਦੀ ਧਰਤੀ ਹੈ, ਜਿਨ੍ਹਾਂ ਪੰਜਾਬੀਆਂ ਨੂੰ ਜਬਰ-ਜੁਲਮ ਤੇ ਬੇਇਨਸਾਫ਼ੀ ਵਿਰੁੱਧ ਲੜਨ ਦੀ ਸਿੱਖਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹਰ ਇੱਕ ਸੰਕਟ ਤੋਂ ਬਾਅਦ ਜੇਤੂ ਹੋ ਕੇ ਨਿੱਕਲਿਆ ਹੈ ਅਤੇ ਸਫ਼ਲਤਾ ਦੀ ਨਵੀਂ ਕਹਾਣੀ ਲਿਖੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਨਾਲ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਹੋਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਸਾਫ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਹਰ ਇੱਕ ਵਿਅਕਤੀ ਦੀ ਸਫ਼ਲਤਾ ਲਈ ਕੁੰਜੀ ਦਾ ਕੰਮ ਕਰਦੀ ਹੈ ਅਤੇ ਸੂਬੇ ਦੇ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਸਿੱਖਿਆ ਢਾਂਚੇ ਦੀ ਮਜ਼ਬੂਤੀ ਤੇ ਕਾਇਆ-ਕਲਪ ਲਈ ਸੂਬਾ ਸਰਕਾਰ ਕੋਲ ਵੱਡੀ ਗਿਣਤੀ ਵਿੱਚ ਫੰਡ ਮੌਜੂਦ ਹਨ।
ਪੰਜਾਬ ‘ਚ ਪੰਜਾਬੀ ਬੋਲਣ ‘ਤੇ ਜ਼ੁਰਮਾਨਾ ਲੱਗਦਾ ਹੈ..ਬੇਹੱਦ ਗਲਤ ਗੱਲ ਹੈ…ਅਸੀਂ ਹੁਣ ਜਿਹੜਾ ਵੀ ਸਕੂਲ ਪੰਜਾਬੀ ਬੋਲਣ ‘ਤੇ ਜ਼ੁਰਮਾਨਾ ਕਰੇਗਾ ਉਸ ਦੀ Affiliation ਰੱਦ ਕਰਾਂਗੇ… pic.twitter.com/jRlbj9NfRv
Advertisement— Bhagwant Mann (@BhagwantMann) December 12, 2022