Breaking- ਡਿਪਟੀ ਕਮਿਸ਼ਨਰ ਵੱਲੋਂ ਖਰੀਦ ਕੇਂਦਰ ਫਰੀਦਕੋਟ ਸਮੇਤ ਵੱਖ-ਵੱਖ ਮੰਡੀਆਂ ਦਾ ਦੌਰਾ
ਖਰੀਦ ਏਜੰਸੀਆਂ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਕੱਲ ਸ਼ਾਮ ਤੱਕ ਜਿਲੇ ਦੀਆਂ ਮੰਡੀਆਂ ਵਿੱਚ ਹੋਈ 232964 ਮੀਟਰਕ ਟਨ ਝੋਨੇ ਦੀ ਹੋਈ ਖਰੀਦ
ਫਰੀਦਕੋਟ, 26 ਅਕਤੂਬਰ – (ਪੰਜਾਬ ਡਾਇਰੀ) ਜਿਲੇ ਦੇ ਵੱਖ ਵੱਖ ਖਰੀਦ ਕੇਂਦਰਾਂ ਵਿੱਚ ਚੱਲ ਰਹੀ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਵੱਲੋਂ ਖਰੀਦ ਏਜੰਸੀਆਂ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਖਰੀਦ ਕੇਂਦਰ ਫਰੀਦਕੋਟ, ਮਚਾਕੀ ਮੱਲ ਸਿੰਘ, ਸਾਦਿਕ ਸਮੇਤ ਵੱਖ ਵੱਖ ਖਰੀਦ ਕੇਂਦਰਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਖਰੀਦ, ਲਿਫਟਿੰਗ , ਅਦਾਇਗੀ ਆਦਿ ਬਾਰੇ ਅਧਿਕਾਰੀਆਂ , ਆੜ੍ਹਤੀਆਂ ਤੇ ਕਿਸਾਨਾਂ ਆਦਿ ਤੋ ਜਾਣਕਾਰੀ ਲਈ ਅਤੇ ਅਧਿਕਾਰੀਆਂ ਨੂੰ ਲੋੜੀਦੇ ਆਦੇਸ਼ ਵੀ ਦਿੱਤੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ, ਆੜਤੀਆਂ ਜਾਂ ਲੇਬਰ ਨੂੰ ਝੋਨੇ ਦੀ ਖਰੀਦ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ਝੋਨਾ ਹੀ ਮੰਡੀ ਵਿੱਚ ਲਿਆਉਣ।
ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਦੱਸਿਆ ਕਿ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਬੀਤੀ ਸ਼ਾਮ ਤੱਕ 232964 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦਾ ਕੰਮ ਵੀ ਲਗਾਤਾਰ ਜਾਰੀ ਹੈ।
ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਸੁਖਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਮੰਡੀਆਂ ਵਿਚ ਝੋਨੇ ਦੀ ਕੱਲ ਸ਼ਾਮ ਤੱਕ ਹੋਈ ਖਰੀਦ ਦੇ ਅੰਕੜਿਆਂ ਮੁਤਾਬਕ ਵੱਖ ਵੱਖ ਏਜੰਸੀਆਂ ਜਿੰਨਾਂ ਵਿੱਚ ਪਨਗ੍ਰੇਨ ਨੇ 77954 ਮੀਟ੍ਰਿਕ ਟਨ,ਮਾਰਕਫੈਡ ਨੇ 60689 ਮੀਟ੍ਰਿਕ ਟਨ, ਪਨਸਪ ਨੇ 59575 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਗੋਦਾਮ ਨਿਗਮ ਨੇ 30728 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 4018 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਖਰੀਦੇ ਗਏ ਝੋਨੇ ਵਿੱਚੋਂ 145763 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।
ਇਸ ਮੌਕੇ ਜਿਲਾ ਮੰਡੀ ਅਫਸਰ ਸ੍ਰੀ ਪ੍ਰੀਤਕੰਵਰ ਸਿੰਘ ਬਰਾੜ, ਏ.ਐਫ.ਐਸ.ਓ ਸ੍ਰੀ ਗੁਰਚਰਨ ਪਾਲ, ਸਕੱਤਰ ਮਾਰਕਿਟ ਕਮੇਟੀ ਸ੍ਰੀ ਗੁਰਦੀਪ ਸਿੰਘ,ਸਕੱਤਰ ਮਾਰਕਿਟ ਕਮੇਟੀ ਸਾਦਿਕ ਸ੍ਰੀ ਪ੍ਰਿਤਪਾਲ ਕੋਹਲੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।