Breaking- ਨਸ਼ਿਆਂ ਤੇ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਪ੍ਰੈਸ ਤੇ ਪਬਲਿਕ ਦਾ ਸਹਿਯੋਗ ਜਰੂਰੀ-ਰਾਜਪਾਲ ਸਿੰਘ
ਐਸ.ਐਸ.ਪੀ. ਵੱਲੋਂ ਮੀਡੀਆ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ
ਫਰੀਦਕੋਟ, 30 ਅਗਸਤ – (ਪੰਜਾਬ ਡਾਇਰੀ) ਨਸ਼ਿਆਂ, ਸਮਾਜਿਕ ਅਲਾਮਤਾਂ ਦੇ ਖਾਤਮੇ ਅਤੇ ਜਿਲੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਪ੍ਰੈਸ, ਪਬਲਿਕ ਤੇ ਪੁਲਿਸ ਦਾ ਆਪਸੀ ਸਹਿਯੋਗ ਬਹੁਤ ਜਰੂਰੀ ਹੈ। ਇਹ ਪ੍ਰਗਟਾਵਾ ਐਸ.ਐਸ.ਪੀ. ਫਰੀਦਕੋਟ ਸ. ਰਾਜਪਾਲ ਸਿੰਘ ਸੰਧੂ ਆਈ.ਪੀ.ਐਸ. ਨੇ ਮੀਡੀਆ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ।
ਐਸ.ਐਸ.ਪੀ. ਸ. ਰਾਜਪਾਲ ਸਿੰਘ ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਤੇ ਪੁਲਿਸ ਜਿੱਥੇ ਅਮਨ ਕਾਨੂੰਨ ਦੀ ਸਥਾਪਤੀ ਲਈ ਕੰਮ ਕਰ ਰਹੀ ਹੈ ਉੱਥੇ ਪੁਲਿਸ ਵੱਲੋਂ ਨਸ਼ਿਆਂ ਦੇ ਸੌਦਾਗਰਾਂ ਖਿਲਾਫ ਕਾਰਵਾਈ ਅਤੇ ਇਸ ਦੀ ਸਪਲਾਈ ਲਾਈਨ ਤੋੜਨ ਲਈ ਵੀ ਵੱਡੀ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੀ ਸਫਲਤਾ ਲਈ ਮੀਡੀਆ ਤੇ ਆਮ ਲੋਕਾਂ ਦੇ ਸਹਿਯੋਗ ਦੇ ਬਹੁਤ ਲੋੜ ਹੈ ਤਾਂ ਜੋ ਅਜਿਹੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਕਾਨੂੰਨੀ ਕਾਰਵਾਈ ਹੋਂਦ ਵਿੱਚ ਲਿਆਂਦੀ ਜਾ ਸਕੇ। ਉਨ੍ਹਾਂ ਪ੍ਰੈਸ ਦੇ ਨੁਮਾਇੰਦਿਆਂ ਤੇ ਆਮ ਲੋਕਾਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੇ ਧਿਆਨ ਵਿੱਚ ਕਿਸੇ ਸਮਾਜ ਵਿਰੋਧੀ ਕਾਰਵਾਈ, ਨਸ਼ਿਆਂ ਦੀ ਸਪਲਾਈ, ਸੇਵਨ ਆਦਿ ਬਾਰੇ ਪਤਾ ਲੱਗਦਾ ਹੈ ਤਾਂ ਉਹ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦੇਣ।
ਉਨ੍ਹਾਂ ਕਿਹਾ ਕਿ ਸਿਵਲ ਪ੍ਰਸ਼ਾਸ਼ਨ ਅਤੇ ਲੋਕਾਂ ਦੇ ਸਹਿਯੋਗ ਨਾਲ ਜਿਲੇ ਵਿੱਚ ਟਰੈਫਿਕ ਵਿਵਸਥਾ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਲੋਕਾਂ ਦੀ ਸਹੂਲਤ ਅਤੇ ਸੇਵਾ ਨੂੰ ਮੁੱਖ ਰੱਖਦਿਆਂ ਜਿਲੇ ਦੇ ਥਾਣਿਆਂ ਵਿੱਚ ਮੁਲਾਜਮਾਂ ਦੀ ਨਫਰੀ ਨੂੰ ਪੂਰਾ ਕੀਤਾ ਜਾ ਰਿਹਾ ਹਾ। ਉਨ੍ਹਾਂ ਇਹ ਵੀ ਦੱਸਿਆ ਕਿ ਬਾਬਾ ਫਰੀਦ ਆਗਮਨ ਪੁਰਬ ਦੇ ਸਫਲਤਾ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਜਿਲਾ ਪ੍ਰਸ਼ਾਸਨ ਨਾਲ ਸਹਿਯੋਗ ਕਰਕੇ ਇਸ ਸਮਾਗਮ ਨੂੰ ਸਾਂਤੀਪੂਰਵਕ ਨੇਪੜੇ ਚਾੜ੍ਹਿਆਂ ਜਾਵੇਗਾ।