Breaking- ਪ੍ਰਿਅੰਕ ਗਾਂਧੀ ਨੇ ਜੇਲ੍ਹ ਵਿਚ ਬੈਠੇ ਨਵਜੋਤ ਸਿੰਘ ਸਿੱਧੂ ਨੂੰ ਚਿੱਠੀ ਲਿਖੀ, ਪਾਰਟੀ ਵੱਲੋਂ ਉਨ੍ਹਾਂ ਨੂੰ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਕੋਈ ਵਿਸ਼ੇਸ਼ ਕੰਮ ਦਿੱਤਾ ਜਾ ਸਕਦਾ ਹੈ
28 ਨਵੰਬਰ – ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਪਿਛਲੇ ਲੰਬੇ ਸਮੇਂ ਤੋਂ ਰੋਡ ਰੇਜ ਮਾਮਲੇ ਵਿੱਚ ਪਟਿਆਲਾ ਜੇਲ੍ਹ ਅੰਦਰ ਬੰਦ ਹਨ। ਪੰਜਾਬ ਵਿੱਚ ਕਾਂਗਰਸ ਦੇ ਹਲਾਤ ਤਰਸਯੋਗ ਬਣੇ ਹੋਏ ਹਨ ਤੇ ਪਾਰਟੀ ਕਈ ਧੜਿਆਂ ਵਿੱਚ ਵੰਡੀ ਨਜ਼ਰ ਆ ਰਹੀ ਹੈ। ਆਲ ਇੰਡੀਆ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਜੇਲ੍ਹ ਵਿੱਚ ਬੈਠੇ ਨਵਜੋਤ ਸਿੰਘ ਸਿੱਧੂ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ ਲਿਖਣ ਦਾ ਕਾਰਨ ਨਹੀਂ ਪਤਾ ਲੱਗ ਸਕਿਆ ਪਰ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ ਜਦੋਂ ਜੇਲ੍ਹ ਤੋਂ ਬਾਹਰ ਆਉਣਗੇ ਤਾਂ ਉਦੋਂ ਹੀ ਉਨ੍ਹਾਂ ਨੂੰ ਕੋਈ ਵੱਡੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ।
ਦੱਸਣਯੋਗ ਹੋਵੇਗਾ ਕਿ ਸਿੱਧੂ ਪਿਛਲੇ ਛੇ ਮਹੀਨਿਆਂ ਤੋਂ ਜੇਲ੍ਹ ਵਿੱਚ ਹਨ ਅਤੇ ਰੋਡ ਰੇਜ ਕੇਸ ਵਿੱਚ ਸੁਪਰੀਮ ਕੋਰਟ ਵੱਲੋਂ ਇੱਕ ਸਾਲ ਦੀ ਸਜ਼ਾ ਸੁਣਾਈ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਕੁਝ ਮਹੀਨਿਆਂ ਬਾਅਦ ਜੇਲ੍ਹ ਤੋਂ ਰਿਹਾਅ ਹੋ ਜਾਣਗੇ। ਉਨ੍ਹਾਂ ਨੂੰ ਅਗਲੇ ਸਾਲ ਹੋਣ ਵਾਲੀਆਂ 9 ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਹਿਮ ਭੂਮਿਕਾ ਨਿਭਾਉਣ ਦਾ ਮੌਕਾ ਮਿਲ ਸਕਦਾ ਹੈ। ਨਵਜੋਤ ਸਿੰਘ ਸਿੱਧੂ ਨੇ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਪੰਜਾਬ ਵਿੱਚ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਦਿੱਲੀ ‘ਚ ਕਾਂਗਰਸ ਲੀਡਰਸ਼ਿਪ ਨਾਲ ਮੁਲਾਕਾਤ ਕਰਕੇ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ।