Breaking- ਲੰਪੀ ਸਕਿਨ ਬਿਮਾਰੀ ਤੋਂ ਪ੍ਰਭਾਵਿਤ ਪਸ਼ੂਆਂ ਦਾ ਇਲਾਜ ਜੰਗੀ ਪੱਧਰ ਦੇ ਜਾਰੀ- ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੇ 3650 ਪ੍ਰਭਾਵਿਤ ਪਸ਼ੂਆਂ ਦਾ ਕੀਤਾ ਗਿਆ ਇਲਾਜ, 1255 ਪਸ਼ੂ ਪੂਰੀ ਤਰ੍ਹਾਂ ਤੰਦਰੁਸਤ ਹੋਏ
ਬਿਮਾਰੀ ਤੋਂ ਬਚਾਅ ਲਈ ਤੰਦਰੁਸਤ ਪਸ਼ੂਆਂ ਦੀ ਕੀਤੀ ਜਾ ਰਹੀ ਹੈ ਵੈਕਸੀਨੇਸ਼
ਪਸ਼ੂ ਪਾਲਕ ਜ਼ਿਲ੍ਹਾ ਕੰਟਰੋਲ ਰੂਮ ਨੰਬਰ 01639-251051 ਅਤੇ ਮੋਬਾਇਲ ਨੰਬਰ 98142-44264 ਅਤੇ 98152-87120 ਤੇ ਕਰ ਸਕਦੇ ਹਨ ਸੰਪਰਕ
ਫਰੀਦਕੋਟ, 12 ਅਗਸਤ – (ਪੰਜਾਬ ਡਾਇਰੀ) ਪਸ਼ੂਆਂ ਵਿੱਚ ਫੈਲੀ ਲੰਪੀ ਸਕਿਨ ਬਿਮਾਰੀ ਤੋਂ ਬਚਾਅ ਲਈ ਜ਼ਿਲ੍ਹੇ ਵਿੱਚ 26 ਟੀਮਾਂ ਲਗਾਤਾਰ ਪਸ਼ੂ ਪਾਲਕਾਂ ਦੇ ਸੰਪਰਕ ਵਿੱਚ ਰਹਿ ਕੇ ਪ੍ਰਭਾਵਿਤ ਪਸ਼ੂਆਂ ਦਾ ਇਲਾਜ ਕਰ ਰਹੀਆਂ ਹਨ ਅਤੇ ਹੁਣ ਤੱਕ ਪ੍ਰਭਾਵਿਤ 4003 ਪਸ਼ੂਆਂ ਵਿੱਚੋ 3650 ਦੁਧਾਰੂ ਪਸ਼ੂਆਂ ਦਾ ਇਲਾਜ ਕੀਤਾ ਗਿਆ ਹੈ ਜਿਸ ਵਿੱਚੋਂ 1255 ਪਸ਼ੂ ਪੂਰੀ ਤਰ੍ਹਾਂ ਤੰਦਰੁਸਤ ਹੋ ਚੁੱਕੇ ਹਨ ਅਤੇ ਬਾਕੀ ਪ੍ਰਭਾਵਿਤ ਪਸ਼ੂ ਵੀ ਖਤਰੇ ਤੋਂ ਬਿਲਕੁਲ ਬਾਹਰ ਹਨ। ਇਸ ਦੇ ਨਾਲ ਹੀ ਬਿਮਾਰੀ ਤੋਂ ਬਚਾਅ ਲਈ 4145 ਤੰਦਰੁਸਤ ਪਸ਼ੂਆਂ ਦੀ ਵੈਕਸੀਨੇਸ਼ਨ ਕੀਤੀ ਗਈ ਹੈ ਅਤੇ ਇਹ ਕੰਮ ਜੰਗੀ ਪੱਧਰ ਤੇ ਜਾਰੀ ਹੈ ਤਾਂ ਜੋ ਬਾਕੀ ਪਸ਼ੂਆਂ ਨੂੰ ਇਸ ਬਿਮਾਰੀ ਤੋਂ ਬਚਾਇਆ ਜਾ ਸਕੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਪਸ਼ੂ ਪਾਲਣ ਵਿਭਾਗ ਫ਼ਰੀਦਕੋਟ ਵੱਲੋਂ ਪਸ਼ੂਆਂ ਦੇ ਕੀਤੇ ਜਾ ਰਹੇ ਇਲਾਜ, ਵੈਕਸੀਨਸ਼ਨ ਆਦਿ ਦਾ ਜਾਇਜਾ ਲੈਣ ਮੌਕੇ ਦਿੱਤੀ। ਇਸ ਮੌਕੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਸੰਦੀਪ ਗੁਪਤਾ ਅਤੇ ਸੀਨੀਅਰ ਵੈਟਰਨਰੀ ਅਫਸਰ ਡਾ. ਜਸਵਿੰਦਰ ਗਰਗ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਲੰਪੀ ਸਕਿਨ ਬਿਮਾਰੀ ਦੇ ਇਲਾਜ ਲਈ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਵੱਲੋਂ ਜਾਰੀ ਸਲਾਹਕਾਰੀ ਅਨੁਸਾਰ ਪਸ਼ੂਆਂ ਦਾ ਸਫਲਤਾਪੂਰਵਕ ਇਲਾਜ ਕੀਤਾ ਜਾ ਰਿਹਾ ਹੈ ਅਤੇ ਇਹ ਇਲਾਜ ਬਿਲਕੁਲ ਮੁਫਤ ਕੀਤਾ ਜਾ ਰਿਹਾ ਹੈ । ਇਸ ਸਬੰਧ ਵਿੱਚ ਸਰਕਾਰ ਵੱਲੋਂ ਜ਼ਿਲ੍ਹੇ ਵਿੱਚ ਦਵਾਈਆਂ ਦੀ ਖਰੀਦ ਲਈ 3 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਸ਼ੂ ਪਾਲਕ ਜ਼ਿਲ੍ਹਾ ਕੰਟਰੋਲ ਰੂਮ ਨੰਬਰ 01639-251051 ਅਤੇ ਮੋਬਾਇਲ ਨੰਬਰ 98142-44264 (ਡਾ.ਸੰਦੀਪ ਗੁਪਤਾ) ਅਤੇ 98152-87120 (ਡਾ. ਜਸਵਿੰਦਰ ਗਰਗ) ਨਾਲ ਸੰਪਰਕ ਕਰ ਸਕਦੇ ਹਨ।
ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ.ਸੰਦੀਪ ਗੁਪਤਾ ਨੇ ਦੱਸਿਆ ਕਿ ਇਹ ਲਾਗ ਦੀ ਬਿਮਾਰੀ ਗਾਵਾਂ ਵਿੱਚ ਜ਼ਿਆਦਾ ਫੈਲਦੀ ਹੈ ਅਤੇ ਮੱਖੀ, ਮੱਛਰ ਇਸ ਬਿਮਾਰੀ ਨੂੰ ਫੈਲਾਉਣ ਦਾ ਕਾਰਨ ਬਣਦੇ ਹਨ। ਉਨ੍ਹਾਂ ਕਿਹਾ ਕਿ ਚਮੜੀ ਦੀ ਇਸ ਬਿਮਾਰੀ ਤੋਂ ਪ੍ਰਭਾਵਿਤ ਪਸ਼ੂਆਂ ਨੂੰ ਪਹਿਲ ਦੇ ਆਧਾਰ ਤੇ ਸਿਹਤਮੰਦ ਪਸ਼ੂਆਂ ਤੋਂ ਅਲੱਗ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਪਸ਼ੂ ਪਾਲਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਤੰਦਰੁਸਤ ਗਾਵਾਂ ਨੂੰ ਗੋਟ ਪੌਕਸ ਵੈਕਸੀਨ ਲਗਵਾਉਣ। ਉਨ੍ਹਾਂ ਕਿਹਾ ਕਿ ਲੰਪੀ ਸਕਿਨ ਬਿਮਾਰੀ ਨਾਲ ਸਬੰਧਤ ਲੱਛਣ ਮਿਲਣ ਦੀ ਸੂਰਤ ਵਿੱਚ ਪਸ਼ੂ ਪਾਲਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਪਸ਼ੂ ਹਸਪਤਾਲ ਦੇ ਡਾਕਟਰਾਂ, ਸਟਾਫ ਨਾਲ ਸੰਪਰਕ ਕਰਨਾ ਚਾਹੀਦਾ ਹੈ।
ਬਿਮਾਰੀ ਦੇ ਲੱਛਣਾਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਇਸ ਬਿਮਾਰੀ ਨਾਲ ਪਸ਼ੂ ਨੂੰ ਤੇਜ਼ ਬੁਖਾਰ ਤੇ ਚਮੜੀ ਤੇ ਗੰਢਾਂ ਬਣ ਜਾਂਦੀਆਂ ਹਨ। ਉਨ੍ਹਾਂ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਪਸ਼ੂਆਂ ਵਿੱਚ ਇਹ ਬਿਮਾਰੀ ਆਉਣ ਦੀ ਸੂਰਤ ਵਿੱਚ ਬਿਲਕੁਲ ਘਬਰਾਉਣ ਨਾ ਬਲਕਿ ਨੇੜੇ ਦੇ ਪਸ਼ੂ ਹਸਪਤਾਲ ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਮਰੇ ਹੋਏ ਜਾਨਵਰ ਨੂੰ 250 ਮੀਟਰ ਦੁਰ ਆਬਾਦੀ ਅਤੇ ਪਾਣੀ ਦੇ ਸਰੋਤ ਤੋਂ ਦੂਰ ਡੂੰਘੇ ਟੋਏ ਵਿੱਚ ਦਬਾਓ ਅਤੇ ਦਬਾਉਣ ਉਪਰੰਤ ਚੰਗੀ ਤਰ੍ਹਾ ਮਿੱਟੀ ਨਾਲ ਟੋਏ ਨੂੰ ਭਰਨਾ ਚਾਹੀਦਾ ਹੈ।