Breaking- ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦਾ ਜਨਮ ਦਿਵਸ – ਡਾ.ਰੂਹੀ ਦੁੱਗ
– ਲੋਕ ਘਰਾਂ ਉੱਤੇ ਤਿਰੰਗਾ ਲਹਿਰਾਉਣ ਅਤੇ ਰਾਤ ਨੂੰ ਦੀਵੇ/ਮੋਮਬੱਤੀਆਂ ਜਗਾਉਣ – ਡਿਪਟੀ ਕਮਿਸ਼ਨਰ
– ਮੈਰਾਥਨ ਦੌੜ ਅਤੇ ਕੈਂਡਲ ਲਾਈਟ ਮਾਰਚ, ਰਹੇਗਾ ਖਿੱਚ ਦਾ ਕੇਂਦਰ
ਫਰੀਦਕੋਟ, 26 ਸਤੰਬਰ – (ਪੰਜਾਬ ਡਾਇਰੀ) ਪੰਜਾਬ ਸਰਕਾਰ ਵੱਲੋਂ ਇਸ ਵਾਰ ਸ਼ਹੀਦ ਏ ਆਜ਼ਮ ਸ. ਭਗਤ ਸਿੰਘ ਦਾ 115 ਵਾਂ ਜਨਮ ਦਿਵਸ ਬਹੁਤ ਹੀ ਸ਼ਰਧਾ, ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਉੱਤੇ ਵੱਖ ਵੱਖ ਵਿਭਾਗਾਂ ਵੱਲੋਂ ਗਤੀਵਿਧੀਆਂ ਕੀਤੀਆਂ ਜਾਣਗੀਆਂ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ.ਰੂਹੀ ਦੁੱਗ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 28 ਸਤੰਬਰ ਨੂੰ ਸ਼ਹੀਦ ਏ ਆਜ਼ਮ ਸ.ਭਗਤ ਸਿੰਘ ਦਾ ਜਨਮ ਦਿਵਸ ਸੂਬੇ ਭਰ ਵਿੱਚ ਵੱਡੇ ਪੱਧਰ ਉੱਤੇ ਮਨਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਸ ਦਿਨ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸ਼ਹੀਦ ਏ ਆਜ਼ਮ ਸ.ਭਗਤ ਸਿੰਘ ਦੀ ਤਸਵੀਰ ਨੂੰ ਗਾਰਡ ਆਫ ਆਨਰ ਦਿੱਤਾ ਜਾਵੇਗਾ ਅਤੇ ਫੁੱਲ ਭੇਟ ਕੀਤੇ ਜਾਣਗੇ। ਇਸ ਮੌਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਵੀਡਿਓ ਮੈਸੇਜ ਦਿਖਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਸਵੇਰੇ 6 ਵਜੇ ਨਹਿਰੂ ਸਟੇਡੀਅਮ ਤੋਂ ਮੈਰਾਥਨ ਦੌੜ ਕਰਵਾਈ ਜਾਵੇਗੀ ਅਤੇ ਉਸੇ ਦਿਨ ਸ਼ਾਮ ਨੂੰ 7 ਵਜੇ ਕੈਂਡਲ ਲਾਈਟ ਮਾਰਚ ਕੱਢਿਆ ਜਾਵੇਗਾ ਜਿਸ ਵਿੱਚ ਸ਼ਹਿਰ ਅਤੇ ਇਲਾਕੇ ਦੀਆਂ ਕਈ ਗੈਰ ਸਰਕਾਰੀ ਸੰਸਥਾਵਾਂ ਦੇ ਮੈਂਬਰ ਅਤੇ ਆਮ ਲੋਕ ਭਾਗ ਲੈਣਗੇ।
ਉਨ੍ਹਾਂ 28 ਸਤੰਬਰ ਨੂੰ ਲੋਕਾਂ ਨੂੰ ਆਪਣੇ ਘਰਾਂ ‘ਤੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸ਼ਾਮ/ਰਾਤ ਨੂੰ ਆਪਣੇ ਘਰਾਂ ਤੋਂ ਬਾਹਰ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੀ ਯਾਦ ਵਿੱਚ ਦੀਵਾ ਜਾਂ ਮੋਮਬੱਤੀ ਜਗਾਉਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ “ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸੁਪਨਿਆਂ ਦਾ ਪੰਜਾਬ” ਨੂੰ ਪ੍ਰੇਰਨਾ ਹਿੱਤ ਸਕੂਲਾਂ ਅਤੇ ਸਰਕਾਰੀ ਸੰਸਥਾਵਾਂ ਦੀਆਂ ਦੀਵਾਰਾਂ ਤੇ ਸਟੈਨਸਿਲ/ਪੇਂਟ ਕੀਤਾ ਜਾਵੇਗਾ। ਇਸ ਦਿਨ ਸਕੂਲਾਂ ਵਿੱਚ ਪੇਂਟਿੰਗ ਅਤੇ ਲੇਖ ਮੁਕਾਬਲੇ ਕਰਵਾਏ ਜਾਣਗੇ ਅਤੇ ਸਵੇਰ ਦੀ ਸਭਾ ਦੌਰਾਨ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਆਦਰਸ਼ਾਂ ਉੱਤੇ ਸੰਬੋਧਨ ਕਰਵਾਉਣ ਲਈ ਜ਼ਿਲ੍ਹਾ ਸਿੱਖਿਆ ਵਿਭਾਗ ਨੂੰ ਕਿਹਾ ਗਿਆ ਹੈ।
ਡਿਪਟੀ ਕਮਿਸ਼ਨਰ ਡਾ.ਰੂਹੀ ਦੁੱਗ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਮਨਾਏ ਜਾ ਰਹੇ ਇਹਨਾਂ ਸਮਾਗਮਾਂ ਅਤੇ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਤਾਂ ਜੌ ਸ਼ਹੀਦ ਏ ਆਜ਼ਮ ਸ. ਭਗਤ ਸਿੰਘ ਨੂੰ ਉਹਨਾਂ ਦੇ 115ਵੇਂ ਜਨਮ ਦਿਵਸ ਉੱਤੇ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ ਜਾ ਸਕੇ।