Breaking- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਮਾਮਲੇ ਦੇ ਦੋਸ਼ੀ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਦੇ ਕੇਸ ਵਿਚ ਇਕ ਪੁਲਿਸ ਮੁਲਾਜ਼ਮ ਦੇ ਮੁੰਡੇ ਨੂੰ ਗ੍ਰਿਫਤਾਰ ਕੀਤਾ ਗਿਆ
14 ਨਵੰਬਰ – ਫਰੀਦਕੋਟ ਜ਼ਿਲ੍ਹੇ ਅਧੀਨ ਆਉਂਦੇ ਹਲਕਾ ਕੋਟਕਪੂਰਾ ਸ਼ਹਿਰ ਵਿੱਚ ਪਿਛਲੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਮਾਮਲੇ ਦਾ ਦੋਸ਼ੀ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਡੇਰਾ ਪ੍ਰੇਮੀ ਦਾ ਕਤਲ ਕਰਨ ਲਈ 6 ਵਿਅਕਤੀ ਆਏ ਸਨ। ਜਿਨ੍ਹਾਂ ਵਿੱਚੋਂ ਤਿੰਨ ਨੂੰ ਪਿਛਲੇ ਦਿਨੀਂ ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਪੰਜਾਬ ਦੇ ਪਟਿਆਲਾ ਤੋਂ ਗ੍ਰਿਫਤਾਰ ਕਰ ਲਿਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਵੱਲੋਂ ਕਈ ਖੁਲਾਸੇ ਕੀਤੇ ਗਏ ਸਨ। ਡੇਰਾ ਪ੍ਰੇਮੀ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਬਠਿੰਡਾ ਵਿੱਚ ਤਾਇਨਾਤ ਸਬ ਇੰਸਪੈਕਟਰ ਦੇ ਪੁੱਤਰ ਨੂੰ ਵੀ ਗ੍ਰਿਫਤਾਰ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਸਬ ਇੰਸਪੈਕਟਰ ਦਾ ਬੇਟਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਵਿਦਿਆਰਥੀ ਹੈ ਤੇ ਹੋਸਟਲ ਵਿੱਚ ਰਹਿੰਦਾਂ ਹੈ। ਫੜ ਗਏ ਵਿਅਕਤੀਆਂ ਨੇ ਮੰਨਿਆ ਹੈ ਕਿ ਸਬ ਇੰਸਪੈਕਟਰ ਦੇ ਪੁੱਤਰ ਨੇ ਉਨ੍ਹਾਂ ਲਈ ਰਹਿਣ ਦਾ ਇੰਤਜ਼ਾਮ ਕੀਤਾ ਸੀ। ਜਿਸ ਤੋਂ ਬਾਅਦ ਪੁਲਿਸ ਨੇ ਐਸ ਆਈ ਦੇ ਬੇਟੇ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
ਪੁਲਿਸ ਆਗਾਮੀ ਤਫਤੀਸ਼ ਵਿੱਚ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਕੀ ਮੁਲਜ਼ਮਾਂ ਨੂੰ ਇਸ ਕਤਲ ਬਾਰੇ ਕੋਈ ਜਾਣਕਾਰੀ ਸੀ ਜਾਂ ਨਹੀਂ। ਇਸ ਤੋਂ ਇਲਾਵਾ ਉਸ ਨੇ ਸ਼ੂਟਰਾਂ ਦੇ ਠਹਿਰਣ ਦਾ ਇੰਤਜ਼ਾਮ ਕਦੋਂ ਕੀਤਾ, ਉਸ ਨੂੰ ਇਸ ਕਤਲ ਕਾਂਡ ਦੀ ਜਾਣਕਾਰੀ ਸੀ ਜਾਂ ਨਹੀਂ, ਇਸ ਸਬੰਧੀ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹ ਵੀ ਪਤਾ ਲੱਗਾ ਹੈ ਕਿ ਉਸ ਨੂੰ ਇਸ ਬਾਰੇ ਫੋਨ ਕਰਕੇ ਪ੍ਰਬੰਧ ਕਰਨ ਲਈ ਕਿਹਾ ਗਿਆ ਸੀ।
ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਕਤਲ ਮਾਮਲੇ ਵਿੱਚ ਦਿੱਲੀ ਦੀ ਸਪੈਸ਼ਲ ਸੈੱਲ ਵੱਲੋਂ ਕਾਬੂ ਕੀਤੇ ਗਏ ਤਿੰਨ ਸ਼ੂਟਰਾਂ ਨੂੰ ਕੋਟਕਪੁਰਾ ਪੁਲਿਸ ਵੱਲੋਂ ਨਾਮਜ਼ਦ ਕੀਤਾ ਗਿਆ ਹੈ। ਜਿਨ੍ਹਾਂ ਦੇ ਨਾਂ ਜਤਿੰਦਰ ਜੀਤੂ, ਮੋਹਿਤ ਚੌਹਾਨ ਅਤੇ ਮਨੀਸ਼ ਨੰਦ ਉੱਰਫ ਗੋਲੀ ਨਾਂ ਸਾਹਮਣੇ ਆਏ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਕੋਟਕਪੁਰਾ ਪੁਲਿਸ ਵੱਲੋਂ ਫਰੀਦਕੋਟ ਦੇ ਦੋ ਸ਼ੂਟਰ ਭੂਪਿੰਦਰ ਗੋਲਡੀ ਅਤੇ ਸ਼ੂਟਰ ਮਨਪ੍ਰੀਤ ਉਰਫ ਮਨੀ ਨੂੰ ਇਸੇ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਸੀ।