Breaking- 19 ਤੋਂ 25 ਦਸੰਬਰ ਤੱਕ ਮਨਾਇਆ ਜਾਵੇਗਾ ਗੁੱਡ ਗਵਰਨੈਂਸ ਵੀਕ-ਡਿਪਟੀ ਕਮਿਸ਼ਨਰ
ਫਰੀਦਕੋਟ, 14 ਦਸੰਬਰ – (ਪੰਜਾਬ ਡਾਇਰੀ) ਜਿਲੇ ਵਿੱਚ 19 ਤੋਂ 25 ਦਸੰਬਰ ਤੱਕ ਗੁੱਡ ਗਵਰਨੈਂਸ ਵੀਕ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆ ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਬੈਠਕ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਦੱਸਿਆ ਕਿ ਇਸ ਹਫਤੇ ਦੌਰਾਨ ਵੱਧ ਤੋਂ ਵੱਧ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਲਈ ਜਮੀਨੀ ਪੱਧਰ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਜਿਲ੍ਹੇ ਦੇ ਨਿਵਾਸੀਆਂ ਨੂੰ ਵੱਧ ਤੋਂ ਵੱਧ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਸਕੀਮਾਂ ਸਬੰਧੀ ਜਾਗਰੂਕ ਕਰਕੇ ਲਾਭ ਲੈਣ ਲਈ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਈ-ਸੇਵਾ ਸਬੰਧੀ ਜੇਕਰ ਕੋਈ ਪੈਂਡੈਂਸੀ ਹੈ ਤਾਂ ਪੂਰੀ ਕਰ ਲਈ ਜਾਵੇ ਤਾਂ ਜੋ ਮਨਾਏ ਜਾਣ ਵਾਲੇ ਗੁੱਡ ਗਵਰਨੈਂਸ ਵੀਕ ਦੌਰਾਨ ਕੋਈ ਸਮੱਸਿਆ ਨਾ ਆਵੇ। ਇਸ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਵੱਲੋਂ ਸਪੈਸ਼ਲ ਕੈਂਪ ਲਗਾਏ ਜਾਣ ਅਤੇ ਵਿਭਾਗਾਂ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸਰਕਾਰੀ ਸਕੀਮਾਂ ਸਬੰਧੀ ਵੱਧ ਤੋਂ ਵੱਧ ਜਾਣਕਾਰੀ ਮੁਹੱਈਆ ਕਰਵਾਈ ਜਾਵੇ। ਜੇਕਰ ਕੋਈ ਨਵੀਆਂ ਆਨਲਾਈਨ ਸੇਵਾਵਾਂ ਸ਼ੁਰੂ ਕੀਤੀਆਂ ਜਾ ਸਕਦੀਆਂ ਹਨ ਤਾਂ ਇਸ ਸਬੰਧੀ ਯੋਜਨਾ ਬਣਾਈ ਜਾਵੇ।
ਇਸ ਦੌਰਾਨ ਉਨ੍ਹਾਂ ਨੇ ਜਿਲੇ ਵਿੱਚ ਖੋਲ੍ਹੇ ਜਾ ਰਹੇ 10 ਆਮ ਆਦਮੀ ਕਲੀਨਿਕ ਦੀਆਂ ਤਿਆਰੀਆਂ ਸਬੰਧੀ ਵੱਖ ਵੱਖ ਅਧਿਕਾਰੀਆਂ ਤੋਂ ਵਿਸਥਾਰ ਸਹਿਤ ਜਾਣਕਾਰੀ ਹਾਸਲ ਕੀਤੀ ਅਤੇ ਇਸ ਕੰਮ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਸਬੰਧੀ ਨਿਰਦੇਸ਼ ਦਿੱਤੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ. ਰਾਜਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਲਖਵਿੰਦਰ ਸਿੰਘ ਰੰਧਾਵਾ, ਐਸ.ਡੀ.ਐਮ. ਫਰੀਦਕੋਟ ਮੈਡਮ ਬਲਜੀਤ ਕੌਰ, ਐਸ.ਡੀ.ਐਮ. ਕੋਟਕਪੂਰਾ ਮੈਡਮ ਵੀਰਪਾਲ ਕੌਰ, ਐਸ.ਡੀ.ਐਮ ਜੈਤੋ ਡਾ. ਨਿਰਮਲ ਓਸੇਪਚਨ, ਸਿਵਲ ਸਰਜਨ ਡਾ. ਨਰੇਸ਼ ਕੁਮਾਰ ਬਠਲਾ, ਐਸ.ਐਮ.ਓ ਡਾ. ਚੰਦਰ ਸ਼ੇਖਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।