Breaking- 5 ਅਗਸਤ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਆਡੀਟੋਰੀਅਮ ਵਿਖੇ ‘ਸਿੰਗਲ ਯੂਜ਼ ਪਲਾਸਟਿਕ’ ਦੀ ਵਰਤੋਂ ਨਾ ਕਰਨ ਬਾਰੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ-ਡਾ. ਰੂਹੀ ਦੁੱਗ
ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹਾ ਵਾਸੀਆਂ ਨੂੰ ਸਿੰਗਲ ਯੂਜ਼ ਪਲਾਸਟਿਕ ਵਰਤੋਂ ਨਾ ਕਰਨ ਦੀ ਅਪੀਲ
ਫਰੀਦਕੋਟ, 4 ਅਗਸਤ – (ਪੰਜਾਬ ਡਾਇਰੀ) ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ 5 ਅਗਸਤ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਦੇ ਆਡੀਟੋਰੀਅਮ ਵਿਖੇ ‘ਸਿੰਗਲ ਯੂਜ਼ ਪਲਾਸਟਿਕ’ ਦੀ ਵਰਤੋਂ ਨਾ ਕਰਨ ਬਾਰੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਦੱਸਿਆ ਕਿ 5 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸੰਗਰੂਰ ਵਿਖੇ ਰਾਜ ਪੱਧਰੀ ਸਮਾਗਮ ਕੀਤਾ ਜਾ ਰਿਹਾ ਹੈ ਅਤੇ ਓਸੇ ਹੀ ਦਿਨ ਹਰ ਜ਼ਿਲ੍ਹੇ ਵਿੱਚ ਵੀ ਸਮਾਗਮ ਹੋ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਮੰਤਰਾਲਾ ਭਾਰਤ ਸਰਕਾਰ ਵੱਲੋਂ ਦੇਸ਼ ਭਰ ਵਿੱਚ ਪਹਿਲੀ ਜੁਲਾਈ 2022 ਤੋਂ ਇੱਕ ਵਾਰ ਵਰਤੋਂ ਵਿੱਚ ਆਉਣ ਵਾਲੀਆਂ ਪਲਾਸਟਿਕ ਵਸਤਾਂ ’ਤੇ ਪਾਬੰਦੀ ਲਗਾਈ ਜਾ ਚੁੱਕੀ ਹੈ ਅਤੇ ਹੁਣ ਇਸ ਪਾਬੰਦੀ ਨੂੰ ਜ਼ਿਲ੍ਹਾ ਫਰੀਦਕੋਟ ਵਿੱਚ ਵੀ ਸਖਤੀ ਨਾਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਕਾਰੋਬਾਰੀ, ਪਲਾਸਟਿਕ ਦੇ ਸਮਾਨ ਨਾਲ ਸਬੰਧਤ ਡੀਲਰ, ਦੁਕਾਨਦਾਰ, ਰੈਸਟੋਰੈਂਟ, ਹੋਟਲ ਮਾਲਕ ਅਤੇ ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦੇ ਵੀ ਸ਼ਾਮਲ ਹੋਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 19 ਤਰ੍ਹਾਂ ਦੇ ‘ਸਿੰਗਲ ਯੂਜ਼ ਪਲਾਸਟਿਕ’ (ਪਲਾਸਟਿਕ ਦੀਆਂ ਸਟਿਕਸ ਵਾਲੀਆਂ ਈਅਰ ਬੱਡਜ਼, ਗੁਬਾਰਿਆਂ ਲਈ ਪਲਾਸਟਿਕ ਦੀਆਂ ਸਟਿਕਸ, ਪਲਾਸਟਿਕ ਦੇ ਝੰਡੇ, ਕੈਂਡੀ ਸਟਿਕਸ, ਆਈਸ-ਕ੍ਰੀਮ ਸਟਿਕਸ, ਸਜਾਵਟ ਲਈ ਪੋਲੀਸਟੀਰੀਨ (ਥਰਮੋਕੋਲ), ਪਲੇਟਾਂ, ਕੱਪ, ਗਲਾਸ, ਕਟਲਰੀ ਜਿਵੇਂ ਕਿ ਕਾਂਟੇ, ਚਮਚੇ, ਚਾਕੂ, ਪਾਈਪ, ਮਿਠਾਈਆਂ ਦੇ ਡੱਬਿਆਂ, ਇਨਵੀਟੇਸ਼ਨ ਕਾਰਡ, ਸਿਗਰੇਟ ਪੈਕੇਟ ਦੇ ਆਲੇ ਦੁਆਲੇ ਲਪੇਟਣ ਜਾਂ ਪੈਕਿੰਗ ਕਰਨ ਵਾਲੀਆਂ ਫਿਲਮਾਂ, 100 ਮਾਈਕਰੋਨ ਤੋਂ ਘੱਟ ਪਲਾਸਟਿਕ ਜਾਂ ਪੀ.ਵੀ.ਸੀ ਬੈਨਰ, ਸਟਿੱਕਰ ਦੀ ਮੈਨੂਫੈਕਚਰਿੰਗ, ਆਯਾਤ, ਭੰਡਾਰ, ਵਿਤਰਣ, ਵਿਕਰੀ ਅਤੇ ਵਰਤੋਂ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਪਲਾਸਟਿਕ ਨੂੰ ਦੁਨੀਆਂ ਭਰ ਵਿੱਚ ਵੱਡੇ ਪੱਧਰ ’ਤੇ ਵਰਤਿਆ ਜਾਂਦਾ ਹੈ। ਇਹ ਇੱਕ ਅਜਿਹਾ ਤੱਤ ਹੈ, ਜਿਹੜਾ ਆਪਣੇ ਆਪ ਕਦੇ ਵੀ ਖਤਮ ਨਹੀਂ ਹੁੰਦਾ। ਇਹ ਸੈਂਕੜੇ ਹਜ਼ਾਰਾਂ ਸਾਲਾਂ ਤੱਕ ਸਾਡੇ ਵਾਤਾਵਰਣ ਵਿੱਚ ਰਹਿ ਸਕਦਾ ਹੈ। ਨਾ ਤਾਂ ਇਸ ਨੂੰ ਜੰਗ ਜਾਂ ਘੁਣ ਲੱਗਦੀ ਹੈ ਅਤੇ ਨਾ ਹੀ ਇਹ ਮਿੱਟੀ ਵਿੱਚ ਗਲਦਾ ਹੈ। ਜੇਕਰ ਇਸ ਨੂੰ ਸਾੜ ਕੇ ਖਤਮ ਕੀਤਾ ਜਾਵੇ ਤਾਂ ਵੀ ਇਸ ਦੇ ਜਲਣ ਨਾਲ ਪੈਦਾ ਹੋਣ ਵਾਲਾ ਜ਼ਹਿਰੀਲਾ ਧੂੰਆਂ ਤੇ ਗੈਸਾਂ ਵਾਤਾਵਰਣ ’ਤੇ ਬੁਰਾ ਪ੍ਰਭਾਵ ਛੱਡਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ‘ਸਿੰਗਲ ਯੂਜ਼ ਪਲਾਸਟਿਕ’ ਦੀ ਵਰਤੋਂ ਨਾ ਕਰਕੇ ਵਾਤਾਵਰਨ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ।