Breaking- “75ਵੇਂ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ” ਮੌਕੇ ਕੈਬਨਿਟ ਮੰਤਰੀ ਫੌਜਾ ਸਿੰਘ ਨੇ ਫ਼ਰੀਦਕੋਟ ਵਾਸੀਆਂ ਨੂੰ ਸਾਧਾਂ ਵਾਲਾ ‘ਚ ਸਮਰਪਿਤ ਕੀਤਾ ਆਮ ਆਦਮੀ ਕਲੀਨਿਕ
ਲੋਕਾਂ ਨੂੰ ਘਰਾਂ ਦੇ ਨੇੜੇ ਬਿਹਤਰ ਸਿਹਤ ਸੇਵਾਵਾਂ ਯਕੀਨੀ ਬਣਾਉਣਗੇ ਆਮ ਆਦਮੀ ਕਲੀਨਿਕ: ਫੌਜਾ ਸਿੰਘ
ਸਾਧਾਂ ਵਾਲਾ/ਫ਼ਰੀਦਕੋਟ, 15 ਅਗਸਤ – (ਪੰਜਾਬ ਡਾਇਰੀ) ਆਮ ਨਾਗਰਿਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਪੂਰਾ ਕਰਨ ਦੇ ਮਕਸਦ ਨਾਲ ਅੱਜ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਵੱਲੋਂ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਸਾਧਾਂ ਵਾਲਾ ਵਿਖੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਸ. ਫੌਜਾ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ “75ਵੇਂ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ” ਮੌਕੇ ਲੋਕਾਂ ਨੂੰ ਪਹਿਲੇ ਪੜਾਅ ਤਹਿਤ ਅੱਜ ਪੂਰੇ ਸੂਬੇ ‘ਚ 75 ਆਮ ਆਦਮੀ ਕਲੀਨਿਕ ਸਮਰਪਿਤ ਕੀਤੇ ਗਏ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲੋੜੀਂਦੇ ਸਟਾਫ਼, ਸਾਜ਼ੋ-ਸਾਮਾਨ ਅਤੇ ਬੁਨਿਆਦੀ ਢਾਂਚੇ ਦੀ ਉਪਲਬਧਤਾ ਨੂੰ ਯਕੀਨੀ ਬਣਾਈ ਜਾ ਰਹੀ ਹੈ। ਮੰਤਰੀ ਨੇ ਅੱਗੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੀ ਸਥਾਪਨਾ ਨਾਲ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਨੂੰ ਨਾ ਸਿਰਫ਼ ਉਨ੍ਹਾਂ ਦੇ ਦਰ ‘ਤੇ ਲੋੜੀਦੀਆਂ ਸਿਹਤ ਸੇਵਾਵਾਂ ਮਿਲ ਸਕਣਗੀਆਂ ਸਗੋਂ ਇਹ ਕਲੀਨਿਕ ਹਸਪਤਾਲਾਂ ਵਿੱਚ ਭੀੜ ਨੂੰ ਘਟਾਉਣ ਵਿੱਚ ਵੀ ਸਹਾਈ ਸਿੱਧ ਹੋਣਗੇ।
ਸ. ਫ਼ੌਜਾ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਇੱਕ ਮਜ਼ਬੂਤ ਅਤੇ ਸਿਹਤਮੰਦ ਪੰਜਾਬ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਅਨੁਸਾਰ ਸੂਬੇ ਦੇ ਸਿਹਤ ਸੰਭਾਲ ਢਾਂਚੇ ਵਿੱਚ ਸੁਧਾਰ ਕਰਨ ਅਤੇ ਆਪਣੇ ਨਾਗਰਿਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਹ ਕਲੀਨਿਕ ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਸਥਾਪਿਤ ਕੀਤੇ ਗਏ ਹਨ ਕਿ ਸਿਹਤ ਸੰਭਾਲ ਸੂਬੇ ਦੇ ਹਰੇਕ ਨਾਗਰਿਕ ਦਾ ਅਧਿਕਾਰ ਹੈ। ਇਸ ਸਹੂਲਤ ਨਾਲ ਸੂਬੇ ਦੇ ਹਰ ਨਾਗਰਿਕ ਨੂੰ ਮੁਫ਼ਤ ਸਿਹਤ ਸੇਵਾਵਾਂ ਮਿਲਣਗੀਆਂ। ਮੰਤਰੀ ਨੇ ਕਿਹਾ ਕਿ ਹੁਣ ਛੋਟੀਆਂ ਬਿਮਾਰੀਆਂ ਦੇ ਇਲਾਜ ਲਈ ਵੱਡੇ ਹਸਪਤਾਲਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ। ਉਹਨਾਂ ਕਿਹਾ ਕਿ ਸਰਕਾਰੀ ਸੇਵਾਵਾਂ ਵਿਚ ਕਿਸੇ ਤਰ੍ਹਾਂ ਦੀ ਵਿਤਕਰੇਬਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ, ਐਸ ਡੀ ਐਮ ਮੈਡਮ ਬਲਜੀਤ ਕੌਰ, ਡੀ.ਆਰ.ਓ ਡਾ. ਅਜੀਤਪਾਲ ਸਿੰਘ, ਸਿਵਲ ਸਰਜਨ ਡਾ. ਸੰਜੇ ਕਪੂਰ , ਸੀਨੀਅਰ ਮੈਡੀਕਲ ਅਫ਼ਸਰ ਡਾ. ਰਜੀਵ ਭੰਡਾਰੀ, ਐਸ.ਐਮ.ਓ ਡਾ.ਚੰਦਰ ਸ਼ੇਖਰ ਕੱਕੜ, ਡਾ. ਹਰਜੋਤ ਕਮਲ, ਡੀ.ਡੀ.ਪੀ.ਓ ਸ੍ਰੀ ਧਰਮ ਪਾਲ, ਸ੍ਰੀ ਭਿੰਦਰ ਪਾਲ ਸਿੰਘ , ਸ੍ਰੀ ਗੁਰਤੇਜ ਸਿੰਘ ਖੋਸਾ, ਆਮ ਆਦਮੀ ਪਾਰਟੀ ਦੇ ਵਰਕਰ ਅਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ। ਸਮਾਗਮ ਦਾ ਮੰਚ ਸੰਚਾਲਨ ਬੀ.ਈ.ਈ. ਡਾ. ਪ੍ਰਭਦੀਪ ਸਿੰਘ ਚਾਵਲਾ ਵੱਲੋਂ ਬਾਖੂਬੀ ਨਿਭਾਇਆ ਗਿਆ।