Breaking- MP ਸਿਮਰਨਜੀਤ ਮਾਨ ਦੇ ਪੁੱਤਰ ਈਮਾਨਜੀਤ ਸਿੰਘ ਤੋਂ 125 ਏਕੜ ਜ਼ਮੀਨ ਦਾ ਕਬਜ਼ਾ ਛੁਡਵਾਇਆ
ਚੰਡੀਗੜ੍ਹ, 30 ਜੁਲਾਈ – (ਪੰਜਾਬ ਡਾਇਰੀ) ਮੁੱਖ ਮੰਤਰੀ ਭਗਵੰਤ ਮਾਨ ਖੁਦ ਨਜਾਇਜ਼ ਕਬਜ਼ੇ ਛਡਾਉਣ ਲਈ ਚੰਡੀਗੜ੍ਹ ਦੇ ਨਾਲ ਲੱਗਦੇ ਮੁਹਾਲੀ ਪਹੁੰਚੇ। ਮੁਹਾਲੀ ਦੇ ਬਲਾਕ ਮਾਜਰੀ ਅਧੀਨ ਪੈਂਦੇ ਪਿੰਡ ਛੋਟੀ ਮਾੜੀ ਨੰਗਲ ਵਿੱਚ ਪੰਚਾਇਤ ਵਿਭਾਗ ਵੱਲੋਂ 2828 ਏਕੜ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਗਿਆ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਖੁਦ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਬਜ਼ੇ ਵਿਚ ਲਈ ਗਈ ਜ਼ਮੀਨ ਦਾ ਨਿਰੀਖਣ ਕੀਤਾ ਅਤੇ ਕਿਹਾ ਕਿ ਸਰਕਾਰੀ ਜ਼ਮੀਨ ’ਤੇ ਕਬਜ਼ਾ ਨਹੀਂ ਕਰਨ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਨ੍ਹਾਂ ਅਣਅਧਿਕਾਰਤ ਕਾਬਜ਼ਕਾਰਾਂ ਵਿਚ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਦੇ ਪੁੱਤਰ ਈਮਾਨਜੀਤ ਸਿੰਘ ਮਾਨ ਨੇ 125 ਏਕੜ ਉੱਤੇ ਕਬਜ਼ਾ ਕੀਤਾ ਹੋਇਆ ਸੀ ਅਤੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਪੁੱਤਰ ਹਰਮਨਦੀਪ ਸਿੰਘ ਨੇ ਪੰਜ ਏਕੜ ਉੱਤੇ ਕਾਬਜ਼ ਸੀ।
ਉਨ੍ਹਾਂ ਦੱਸਿਆ ਕਿ ਸੰਗਰੂਰ ਦੇ ਸੰਸਦ ਮੈਂਬਰ ਦੀ ਧੀ ਅਤੇ ਜਵਾਈ ਨੇ ਵੀ ਅਣਅਧਿਕਾਰਤ ਤੌਰ ਉੱਤੇ ਮਹਿੰਗੇ ਭਾਅ ਵਾਲੀ 28 ਏਕੜ ਜ਼ਮੀਨ ਉੱਤੇ ਕਬਜ਼ਾ ਕੀਤਾ ਹੋਇਆ ਸੀ। ਪੰਜਾਬ ਸਰਕਾਰ ਵੱਲੋਂ ਪਹਿਲੀ ਮਈ ਤੋਂ ਪੰਜਾਬ ’ਚ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਏ ਜਾਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਸੀ ਅਤੇ ਹੁਣ ਤੱਕ 9053 ਏਕੜ ਜ਼ਮੀਨ ਤੋਂ ਕਬਜ਼ੇ ਹਟਾਏ ਜਾ ਚੁੱਕੇ ਹਨ।