Breaking News- ਪਾਣੀ ਸੰਕਟ: ਕਿਰਤੀ ਕਿਸਾਨ ਯੂਨੀਅਨ ਵੱਲੋਂ ਵਰ੍ਹਦੇ ਮੀਂਹ ’ਚ ਚੰਡੀਗੜ੍ਹ ਵੱਲ ਕੂਚ, ਪੁਲੀਸ ਨੇ ਰਾਹ ਡੱਕਿਆ
ਮੁਹਾਲੀ, 30 ਜੂਨ – (ਪੰਜਾਬ ਡਾਇਰੀ) ਕਿਰਤੀ ਕਿਸਾਨ ਯੂਨੀਅਨ ਵੱਲੋਂ ਪੰਜਾਬ ਵਿੱਚ ਗੰਭੀਰ ਹੋ ਰਹੇ ਪਾਣੀ ਦੇ ਸੰਕਟ ਨੂੰ ਹੱਲ ਕਰਨ ਨਾਲ ਸਬੰਧਤ ਮੰਗਾਂ ਨੂੰ ਲੈ ਕੇ ਅੱਜ ਵਰ੍ਹਦੇ ਮੀਂਹ ਵਿੱਚ ਜ਼ਬਰਦਸਤ ਰੋਸ ਮੁਜ਼ਾਹਰਾ ਕੀਤਾ ਗਿਆ। ਝੋਨੇ ਦੇ ਸੀਜਨ ਅਤੇ ਮੀਂਹ ਦੇ ਬਾਵਜੂਦ ਪੰਜਾਬ ਭਰ ’ਚੋਂ ਵੱਡੀ ਗਿਣਤੀ ਵਿੱਚ ਕਿਰਤੀ ਕਿਸਾਨ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦੇ ਸਾਹਮਣੇ ਪੁੱਡਾ ਗਰਾਊਡ ਵਿੱਚ ਸਵੇਰੇ 10 ਵਜੇ ਪਹੁੰਚਣੇ ਸ਼ੁਰੂ ਹੋ ਗਏ।
ਇੱਥੇ ਉਨ੍ਹਾਂ ਨੇ ਪੰਜਾਬ ਵਿੱਚ ਪਾਣੀ ਸੰਕਟ ’ਤੇ ਚਰਚਾ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੰਗ ਪੱਤਰ ਦੇਣ ਲਈ ਚੰਡੀਗੜ੍ਹ ਵੱਲ ਕੂਚ ਕਰ ਦਿੱਤਾ। ਪੁਲਿਸ ਨੇ ਬੈਰੀਕੇਡ ਲਗਾ ਕਿ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਰੋਕਣ ਦਾ ਯਤਨ ਕੀਤਾ ਪਰ ਕਿਸਾਨ ਪੁਲੀਸ ਰੋਕਾਂ ਤੋੜ ਕੇ ਅੱਗੇ ਵਧਣ ਲੱਗੇ ਤਾਂ ਇਸ ਦੌਰਾਨ ਮੁਹਾਲੀ ਦੇ ਐੱਸਡੀਐੱਮ ਹਰਬੰਸ ਸਿੰਘ ਨੇ ਕਿਰਤੀ ਕਿਸਾਨਾਂ ਦੀ 5 ਜੁਲਾਈ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਦਾ ਲਿਖਤੀ ਭਰੋਸਾ ਦੇ ਕੇ ਸ਼ਾਂਤ ਕੀਤਾ।