ਮਾਨਸਾ, 4 ਜੂਨ – (ਪੰਜਾਬ ਡਾਇਰੀ) ਪੰਜਾਬ ਦੇ ਮਕਬੂਲ ਗਾਇਕ ਸਵ. ਸ਼ੁਭਦੀਪ ਸਿੰਘ ਦੇ ਪਿਤਾ ਬਲਕੌਰ ਸਿੰਘ ਨੇ ਇੰਸਟਾਗ੍ਰਾਮ ਉਤੇ ਭਾਵੁਕ ਵੀਡੀਓ ਸਾਂਝੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸੋਸ਼ਲ ਮੀਡੀਆ ਉਤੇ ਅਫਵਾਹਾਂ ਨੂੰ ਦੇਖ ਕੇ ਕਾਫੀ ਦੁੱਖ ਹੁੰਦਾ ਹੈ। ਸੋਸ਼ਲ ਮੀਡੀਆ ਉਤੇ ਤਰ੍ਹਾਂ ਤਰ੍ਹਾਂ ਗੱਲਾਂ ਚੱਲ ਰਹੀਆਂ ਹਨ ਇਨ੍ਹਾਂ ਉਤੇ ਵਿਸ਼ਵਾਸ ਨਾ ਕਰੋ। ਉਨ੍ਹਾਂ ਨੇ ਕਿਹਾ ਕਿ ਅਜੇ ਮੇਰੇ ਪੁੱਤ ਦਾ ਸਿਵਾ ਵੀ ਠੰਡਾ ਨਹੀਂ ਹੋਇਆ। ਉਨ੍ਹਾਂ ਨੇ ਕਿਹਾ ਕਿ ਤੁਸੀਂ ਸਾਰਿਆਂ ਜੋ ਮੇਰਾ ਸਾਥ ਦਿੱਤਾ ਹੈ।
ਇਸ ਲਈ ਸਾਰਿਆਂ ਦਾ ਧੰਨਵਾਦੀ ਹਾਂ। ਇਸ ਤੋਂ ਇਲਾਵਾ ਉਨ੍ਹਾਂ ਨੇ 8 ਜੂਨ ਨੂੰ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਨਮਿੱਤ ਪਾਠ ਦੇ ਪਾਏ ਜਾਣ ਵਾਲੇ ਭੋਗ ਵਿੱਚ ਸ਼ਾਮਲ ਹੋਣ ਲਈ ਸਾਰਿਆਂ ਨੂੰ ਅਪੀਲ ਕੀਤੀ ਉਨ੍ਹਾਂ ਨੇ ਕਿਹਾ ਕਿ ਸਾਰਿਆਂ ਨਾਲ ਦਿਲ ਦੀਆਂ ਗੱਲਾਂ ਕਰਾਂਗੇ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਮੇਰੇ ਅਜੇ ਕਿਸੇ ਵੀ ਤਰ੍ਹਾਂ ਦੀ ਚੋਣ ਲੜਨ ਦੀ ਕੋਈ ਵੀ ਚਰਚਾ ਨਹੀਂ ਹੈ। ਇਸ ਮੌਕੇ ਉਨ੍ਹਾਂ ਨੇ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ੁਭਦੀਪ ਸਿੰਘ ਦੇ ਪਿਤਾ ਬਲਕੌਰ ਨਾਲ ਮੁਲਾਕਾਤ ਕੀਤੀ ਤੇ ਜਲਦ ਇਨਸਾਫ਼ ਦਾ ਭਰੋਸਾ ਦਿੱਤਾ। ਇਸ ਤੋਂ ਬਾਅਦ ਅੱਜ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਤੇ ਇਨਸਾਫ਼ ਦੀ ਕੀਤੀ ਮੰਗ ਕੀਤੀ।
ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਅਣਪਛਾਤੇ ਹਮਲਾਵਰਾਂ ਨੇ ਪੰਜਾਬੀ ਗਾਇਕ ਤੇ ਉਸ ਦੇ ਸਾਥੀਆਂ ’ਤੇ ਅੰਨੇਵਾਹ ਫਾਇਰਿੰਗ ਕੀਤੀ, ਜਿਸ ਕਾਰਨ ਸਿੱਧੂ ਮੂਸੇਵਾਲਾ ਤੇ ਉਸ ਦੇ ਦੋ ਸਾਥੀ ਗੰਭੀਰ ਜ਼ਖਮੀ ਹੋ ਗਏ। ਇਨ੍ਹਾਂ ਨੂੰ ਤੁਰੰਤ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਸਿੱਧੂ ਮੂਸੇਵਾਲਾ ਦੀ ਮੌਤ ਹੋ ਗਈ ਸੀ। ਐਸਐਸਪੀ ਮਾਨਸਾ ਨੇ ਪੰਜਾਬੀ ਗਾਇਕ ਦੀ ਮੌਤ ਦੀ ਪੁਸ਼ਟੀ ਕਰਦਿਆਂ ਦੱਸਿਆ ਸੀ ਕਿ ਨਜ਼ਦੀਕੀ ਪਿੰਡ ਜਵਾਹਰਕੇ ਦੇ ਮਾਤਾ ਰਾਣੀ ਚੌਂਕ ਵਿਚ ਸਿੱਧੂ ਮੂਸੇਵਾਲਾ ਆਪਣੇ ਦੋਸਤਾਂ ਸਮੇਤ ਥਾਰ ਗੱਡੀ ਉਤੇ ਆਪਣੇ ਪਿੰਡ ਮੂਸਾ ਵਿਖੇ ਜਾ ਰਹੇ ਸੀ ਤਾਂ ਅਚਾਨਕ ਇਕ ਕਾਲੇ ਰੰਗ ਦੀ ਗੱਡੀ ਵਿਚ ਸਵਾਰ ਹੋ ਕੇ ਆਏ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਉਨ੍ਹਾਂ ਉਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ ਸੀ।