CM ਭਗਵੰਤ ਮਾਨ ਨੇ ਕੀਤਾ ਭਾਖੜਾ ਡੈਮ ਦਾ ਦੌਰਾ, ਲੋਕਾਂ ਨੂੰ ਕੀਤੀ ਅਪੀਲ, ਘਬਰਾਉਣ ਦੀ ਲੋੜ ਨਹੀਂ
ਚੰਡੀਗੜ੍ਹ, 24 ਜੁਲਾਈ (ਨਿਊਜ 18)- ਮੀਂਹ ਅਤੇ ਪਹਾੜਾਂ ‘ਚ ਤੋਂ ਆ ਰਹੇ ਪਾਣੀ ਵਿਚਾਲੇ ਪੰਜਾਬ ‘ਚ ਹੜ੍ਹ ਆ ਗਏ ਨੇ ਕਈ ਇਲਾਕਿਆਂ ‘ਚ ਪਾਣੀ ਭਰ ਗਿਆ ਹੈ । ਇਹ ਵੀ ਖ਼ਬਰਾਂ ਨੇ ਕਿ ਭਾਖੜਾ ਡੈਮ ਤੋਂ ਪਾਣੀ ਛੱਡਣ ਨਾਲ ਪੰਜਾਬ ਦੇ ਹਾਲਤ ਹੋਰ ਵਿੱਗੜ ਸਕਦੇ ਨੇ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਖੜਾ ਡੈਮ ਦਾ ਦੌਰਾ ਕੀਤਾ ਅਤੇ ਡੈਮ ਵਿੱਚ ਪਾਣੀ ਦੀ ਸਥਿਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਡੈਮਾਂ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ ਅਤੇ ਸੂਬਾ ਸਰਕਾਰ ਸਮੁੱਚੀ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖ ਰਹੀ ਹੈ ਅਤੇ ਹਾਲਾਤ ਪੂਰੀ ਤਰ੍ਹਾਂ ਕਾਬੂ ‘ਚ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਭਾਖੜਾ ਬਿਆਸ ਪ੍ਰਬੰਧਨ ਬੋਰਡ ਦੇ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਇਹ ਵੱਡੀ ਰਾਹਤ ਦੀ ਗੱਲ ਹੈ ਕਿ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਅਜੇ ਵੀ ਖ਼ਤਰੇ ਦੇ ਨਿਸ਼ਾਨ ਤੋਂ ਥੱਲੇ ਹੈ, ਇਸ ਲਈ ਡੈਮ ਤੋਂ ਪਾਣੀ ਛੱਡਣ ਦੀ ਫੌਰੀ ਲੋੜ ਨਹੀਂ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਭਾਖੜਾ ਡੈਮ ਦਾ ਖ਼ਤਰੇ ਦਾ ਨਿਸ਼ਾਨ 1680 ਫੁੱਟ ਹੈ, ਜਦੋਂ ਕਿ 23 ਜੁਲਾਈ ਨੂੰ ਡੈਮ ਵਿੱਚ ਪਾਣੀ ਦਾ ਪੱਧਰ 1653 ਫੁੱਟ ਸੀ। ਉਨ੍ਹਾਂ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਥੱਲੇ ਹੈ। ਉਨ੍ਹਾਂ ਅਧਿਕਾਰੀਆਂ ਨੂੰ ਪਾਣੀ ਦੇ ਪੱਧਰ ਬਾਰੇ ਬਾਕਾਇਦਾ ਲੋਕਾਂ ਨੂੰ ਜਾਣਕਾਰੀ ਦੇਣ ਲਈ ਆਖਿਆ ਤਾਂ ਕਿ ਕੋਈ ਗਲਤਫਹਿਮੀ ਪੈਦਾ ਨਾ ਹੋਵੇ। ਉਨ੍ਹਾਂ ਕਿਹਾ ਕਿ ਇਹ ਰਾਹਤ ਵਾਲੀ ਗੱਲ ਹੈ ਕਿ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਮੀਂਹ ਨਾ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ, ਜਿਸ ਨਾਲ ਪਾਣੀ ਦਾ ਪੱਧਰ ਹੋਰ ਘਟੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਧਿਕਾਰੀਆਂ ਕੋਲੋਂ ਪੁਸ਼ਟੀ ਕੀਤੇ ਬਿਨਾਂ ਡੈਮਾਂ ਦੇ ਫਲੱਡ ਗੇਟ ਖੋਲ੍ਹਣ ਜਾਂ ਹੜ੍ਹਾਂ ਸਬੰਧੀ ਅਫ਼ਵਾਹਾਂ ਉਤੇ ਬਿਲਕੁੱਲ ਵਿਸ਼ਵਾਸ ਨਾ ਕੀਤਾ ਜਾਵੇ।
ਇਸ ਗੰਭੀਰ ਸਥਿਤੀ ਵਿੱਚ ਵੀ ਸਿਆਸਤ ਕਰਨ ਲਈ ਸਿਆਸੀ ਵਿਰੋਧੀਆਂ `ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਨਹਿਰਾਂ ਦੀ ਸਫ਼ਾਈ ਤੱਕ ਹਰ ਖੇਤਰ ਵਿੱਚ ਜ਼ਿਕਰਯੋਗ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਸਿੰਜਾਈ ਅਤੇ ਡਰੇਨੇਜ਼ ਵਿਭਾਗ ਭ੍ਰਿਸ਼ਟ ਨੇਤਾਵਾਂ ਅਤੇ ਉਨ੍ਹਾਂ ਦੀਆਂ ਕਠਪੁਤਲੀਆਂ ਲਈ ‘ਕਮਾਊ ਪੁੱਤ’ ਬਣ ਕੇ ਰਹਿ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਡਰੇਨੇਜ਼ ਅਤੇ ਸਿੰਜਾਈ ਵਿਭਾਗ ਦਾ ਪੈਸਾ ਆਪਣੇ ਸਵਾਰਥਾਂ ਲਈ ਹੜੱਪ ਲਿਆ। ਉਨ੍ਹਾਂ ਕਿਹਾ ਕਿ ਵਿਜੀਲੈਂਸ ਪਹਿਲਾਂ ਹੀ ਇਸ ਵਿਭਾਗ ਵਿੱਚ ਵੱਡੇ ਘਪਲੇ ਦੀ ਜਾਂਚ ਕਰ ਰਿਹਾ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਾਵੇਂ ਸਹੀ ਰਕਮ ਦਾ ਹਿਸਾਬ ਲਗਾਇਆ ਜਾਣਾ ਬਾਕੀ ਹੈ ਪਰ ਹੜ੍ਹਾਂ ਕਾਰਨ ਸੂਬੇ ਨੂੰ ਲਗਪਗ ਇਕ ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਨੁਕਸਾਨ ਦਾ ਜ਼ਮੀਨੀ ਮੁਲਾਂਕਣ ਸਥਿਤੀ `ਤੇ ਕਾਬੂ ਪਾਉਣ ਤੋਂ ਬਾਅਦ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਇਕ-ਇਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੇ ਹੋਏ ਨੁਕਸਾਨ ਦੀ ਵਿਸਥਾਰਤ ਰਿਪੋਰਟ ਕੇਂਦਰ ਸਰਕਾਰ ਨੂੰ ਭੇਜੀ ਜਾਵੇਗੀ ਅਤੇ ਸੂਬੇ ਲਈ ਮੁਕੰਮਲ ਰਾਹਤ ਪੈਕੇਜ ਦੀ ਮੰਗ ਕੀਤੀ ਜਾਵੇਗੀ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਵਿੱਖ ਵਿੱਚ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਸੂਬਾ ਸਰਕਾਰ ਪਹਿਲਾਂ ਹੀ ਇੱਕ ਖਾਕਾ ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਨਹਿਰਾਂ ਦੀ ਚੈਨਲਾਈਜੇਸ਼ਨ ਯਕੀਨੀ ਬਣਾਈ ਜਾਵੇਗੀ ਅਤੇ ਪਾਣੀ ਦੀ ਸੁਚੱਜੀ ਵਰਤੋਂ ਲਈ ਨਵੀਂ ਨਹਿਰ ਦੀ ਉਸਾਰੀ ਦਾ ਪ੍ਰਸਤਾਵ ਵੀ ਤਿਆਰ ਕੀਤਾ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪਾਣੀ ਦੇ ਕੁਦਰਤੀ ਵਹਾਅ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਨੱਕੋ-ਨੱਕ ਭਰੀਆਂ ਨਹਿਰਾਂ ਦੀ ਸਫ਼ਾਈ ਨੂੰ ਵੀ ਸੂਬਾ ਸਰਕਾਰ ਵੱਲੋਂ ਪਹਿਲੀ ਤਰਜੀਹ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਜ਼ਮੀਨੀ ਪੱਧਰ `ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਵਿਆਪਕ ਦੌਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਬਾਰਿਸ਼ ਨਾਲ ਪ੍ਰਭਾਵਿਤ ਖੇਤਰਾਂ ਦੀ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਉਣ ਲਈ ਵਿਸਤ੍ਰਿਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਫਸਲਾਂ, ਘਰਾਂ, ਪਸ਼ੂਆਂ ਅਤੇ ਹੋਰ ਨੁਕਸਾਨ ਦਾ ਪਹਿਲ ਦੇ ਆਧਾਰ `ਤੇ ਪਤਾ ਲਾਇਆ ਜਾ ਸਕੇ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਕੁਦਰਤ ਦੇ ਕਹਿਰ ਤੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਾਣੀ ਦੇ ਤੇਜ਼ ਵਹਾਅ ਕਾਰਨ ਕਈ ਖੇਤਾਂ ਵਿੱਚ ਝੋਨੇ ਦੀ ਫ਼ਸਲ ਤਬਾਹ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਕਿਸਾਨਾਂ ਨੂੰ ਝੋਨੇ ਦੀਆਂ ਵੱਧ ਝਾੜ ਦੇਣ ਵਾਲੀਆਂ ਕਿਸਮਾਂ ਦੀ ਪਨੀਰੀ ਮੁਹੱਈਆ ਕਰਵਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਪਨਸੀਡ, ਖੇਤੀਬਾੜੀ ਵਿਭਾਗ ਅਤੇ ਹੋਰਨਾਂ ਨੂੰ ਇਨ੍ਹਾਂ ਕਿਸਮਾਂ ਦੀ ਪਨੀਰੀ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦੇ ਚੁੱਕੇ ਹਨ।
ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਨੰਗਲ ਅਤੇ ਕੰਢੀ ਖੇਤਰ ਦੇ ਆਲੇ-ਦੁਆਲੇ ਦੇ ਖੇਤਰਾਂ ਨੂੰ ਵਿਸ਼ਵ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਆਦਰਸ਼ ਸੈਰ-ਸਪਾਟਾ ਸਥਾਨਾਂ ਵਜੋਂ ਵਿਕਸਤ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਇਲਾਕਿਆਂ ਨੂੰ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦੀ ਵੱਡੀ ਸੰਭਾਵਨਾ ਹੈ, ਜਿਸ ਲਈ ਹਰ ਸੰਭਵ ਯਤਨ ਕੀਤੇ ਜਾਣਗੇ।