CM ਮਾਨ ਦੀ ਕਥਿਤ ਵਾਇਰਲ ਵੀਡੀਓ ਨੂੰ ਲੈ ਕੇ ਜਥੇਦਾਰ ਗੜਗੱਜ ਦਾ ਵੱਡਾ ਦਾਅਵਾ, ਕਿਹਾ- ਫੋਰੈਂਸਿਕ ਜਾਂਚ ‘ਚ ਵੀਡੀਓ ਸਹੀ ਪਾਈ ਗਈ; AAP ਨੇ ਦੋਸ਼ ਕੀਤੇ ਰੱਦ
ਪ੍ਰੈੱਸ ਕਾਨਫਰੰਸ ਦੌਰਾਨ ਆਪ ਆਗੂ ਬਲਤੇਜ ਪੰਨੂ ਨੇ ਕਿਹਾ ਕਿ ਜੇਕਰ ਇਕ ਪਲ ਲਈ ਇਹ ਮੰਨ ਵੀ ਲਿਆ ਜਾਵੇ ਕਿ ਵੀਡੀਓ ਅਸਲੀ ਹੈ, ਤਾਂ ਵੀ ਇਸ ਵਿੱਚ ਕਿਤੇ ਵੀ ਇਹ ਸਾਬਤ ਨਹੀਂ ਹੁੰਦਾ ਕਿ ਵੀਡੀਓ ਵਿੱਚ ਨਜ਼ਰ ਆ ਰਿਹਾ ਵਿਅਕਤੀ ਮੁੱਖ ਮੰਤਰੀ ਭਗਵੰਤ ਮਾਨ ਹੀ ਹਨ।

ਸ੍ਰੀ ਅੰਮ੍ਰਿਤਸਰ ਸਾਹਿਬ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕਥਿਤ ਵਾਇਰਲ ਵੀਡੀਓ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਕ ਰਿਪੋਰਟ ਜਨਤਕ ਕੀਤੀ ਗਈ ਹੈ। ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਾਅਵਾ ਕਰਦਿਆਂ ਕਿਹਾ ਕਿ ਇਸ ਕਥਿਤ ਇਤਰਾਜ਼ਯੋਗ ਵੀਡੀਓ ਦੀ ਫੋਰੈਂਸਿਕ ਜਾਂਚ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਭੇਜ ਕੇ ਮਾਨਤਾ ਪ੍ਰਾਪਤ ਫੋਰੈਂਸਿਕ ਲੈਬੋਰਟਰੀਆਂ ਦੇ ਨਾਮ ਸੁਝਾਉਣ ਲਈ ਕਿਹਾ ਗਿਆ ਸੀ, ਪਰ ਅੱਜ ਤੱਕ ਮੁੱਖ ਮੰਤਰੀ ਵੱਲੋਂ ਕਿਸੇ ਵੀ ਲੈਬ ਦਾ ਨਾਮ ਨਹੀਂ ਭੇਜਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਪਣੇ ਪੱਧਰ ‘ਤੇ ਭਾਰਤ ਸਰਕਾਰ ਤੋਂ ਮਾਨਤਾ ਪ੍ਰਾਪਤ ਦੋ ਫੋਰੈਂਸਿਕ ਏਜੰਸੀਆਂ ਤੋਂ ਇਸ ਵੀਡੀਓ ਦੀ ਜਾਂਚ ਕਰਵਾਈ, ਜਿਨ੍ਹਾਂ ਦੀਆਂ ਰਿਪੋਰਟਾਂ ਵਿੱਚ ਇਹ ਕਥਿਤ ਵੀਡੀਓ ਸਹੀ ਪਾਈ ਗਈ ਹੈ।
AAP ਦਾ ਜਵਾਬ, ਕਿਹਾ- ਜਥੇਦਾਰ ਹੁਣ ਖੁੱਲ੍ਹ ਕੇ ਸਿਆਸਤ ਕਰ ਰਹੇ ਹਨ
ਦੂਜੇ ਪਾਸੇ ਜਥੇਦਾਰ ਗੜਗੱਜ ਦੇ ਇਸ ਦਾਅਵੇ ‘ਤੇ ਆਮ ਆਦਮੀ ਪਾਰਟੀ ਨੇ ਵੀ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਪ੍ਰੈੱਸ ਕਾਨਫਰੰਸ ਦੌਰਾਨ ਆਪ ਆਗੂ ਬਲਤੇਜ ਪੰਨੂ ਨੇ ਕਿਹਾ ਕਿ ਜੇਕਰ ਇਕ ਪਲ ਲਈ ਇਹ ਮੰਨ ਵੀ ਲਿਆ ਜਾਵੇ ਕਿ ਵੀਡੀਓ ਅਸਲੀ ਹੈ, ਤਾਂ ਵੀ ਇਸ ਵਿੱਚ ਕਿਤੇ ਵੀ ਇਹ ਸਾਬਤ ਨਹੀਂ ਹੁੰਦਾ ਕਿ ਵੀਡੀਓ ਵਿੱਚ ਨਜ਼ਰ ਆ ਰਿਹਾ ਵਿਅਕਤੀ ਮੁੱਖ ਮੰਤਰੀ ਭਗਵੰਤ ਮਾਨ ਹੀ ਹਨ। ਉਨ੍ਹਾਂ ਕਿਹਾ ਕਿ ਨਾ ਤਾਂ ਵੀਡੀਓ ਵਿੱਚ ਦਿਖਾਈ ਦੇ ਰਹੇ ਵਿਅਕਤੀ ਦਾ ਕੱਦ-ਕਾਠ ਮਿਲਦਾ ਹੈ ਅਤੇ ਨਾ ਹੀ ਹੋਰ ਕੋਈ ਗੱਲ ਇਸ ਦੀ ਪੁਸ਼ਟੀ ਕਰਦੀ ਹੈ।
ਬਲਤੇਜ ਪੰਨੂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੂਰੇ ਮਾਮਲੇ ਦੀ ਸੱਚਾਈ ਲੋਕਾਂ ਸਾਹਮਣੇ ਲਿਆਂਦੀ ਜਾਵੇਗੀ ਅਤੇ “ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ” ਹੋ ਜਾਵੇਗਾ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਜਥੇਦਾਰ ਗੜਗੱਜ ਪਹਿਲੀ ਵਾਰ ਖੁੱਲ੍ਹ ਕੇ ਸਿਆਸਤ ਦਾ ਹਿੱਸਾ ਬਣਦੇ ਨਜ਼ਰ ਆ ਰਹੇ ਹਨ, ਜਦਕਿ ਸ੍ਰੀ ਅਕਾਲ ਤਖ਼ਤ ਸਾਹਿਬ ਪੂਰੇ ਸਿੱਖ ਪੰਥ ਦਾ ਹੈ, ਕਿਸੇ ਇੱਕ ਸਿਆਸੀ ਧਿਰ ਦਾ ਨਹੀਂ। ਪੰਨੂ ਨੇ ਦਾਅਵਾ ਕੀਤਾ ਕਿ ਜਥੇਦਾਰ ਦੀ ਨਿਯੁਕਤੀ ਵੀ ਸੁਖਬੀਰ ਸਿੰਘ ਬਾਦਲ ਦੇ ਪ੍ਰਭਾਵ ਹੇਠ ਹੋਈ ਸੀ ਅਤੇ ਉਹ ਇੱਕ ਭੋਗ ਸਮਾਗਮ ਦੌਰਾਨ ਲੋਕਾਂ ਨੂੰ ਸੁਖਬੀਰ ਬਾਦਲ ਵਰਗਾ ਬਣਨ ਦੀ ਗੱਲ ਵੀ ਕਹਿ ਚੁੱਕੇ ਹਨ।
–(ਬਾਬੂਸ਼ਾਹੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


