CM ਮਾਨ ਦੀ ਰਿਹਾਇਸ਼ ਵੱਲ ਮਾਰਚ ਮਗਰੋਂ 3 ਹਜ਼ਾਰ ਸਮਰਥਕਾਂ ‘ਤੇ ਕੇਸ, ਚੰਡੀਗੜ੍ਹ ਪੁਲਿਸ ਦੀ ਵੱਡੀ ਕਾਰਵਾਈ
ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਦੇ ਲਗਾਏ ਬੈਰੀਕੇਡ ਤੋੜ ਦਿੱਤੇ ਅਤੇ ਵਾਟਰ ਕੈਨਨ ‘ਤੇ ਵੀ ਕਬਜ਼ਾ ਕਰ ਲਿਆ। ਹੰਗਾਮੇ ਦੌਰਾਨ ਕੁਝ ਪੁਲਿਸ ਮੁਲਾਜ਼ਮਾਂ ਨਾਲ ਧੱਕਾ-ਮੁੱਕੀ ਅਤੇ ਕੁੱਟਮਾਰ ਹੋਣ ਦੇ ਵੀ ਦੋਸ਼ ਲੱਗੇ ਹਨ।

ਚੰਡੀਗੜ੍ਹ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਸਮਰਥਕਾਂ ਨੇ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੈਕਟਰ-2 ਸਥਿਤ ਸਰਕਾਰੀ ਰਿਹਾਇਸ਼ ਵੱਲ ਮਾਰਚ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਦੇ ਲਗਾਏ ਬੈਰੀਕੇਡ ਤੋੜ ਦਿੱਤੇ ਅਤੇ ਵਾਟਰ ਕੈਨਨ ‘ਤੇ ਵੀ ਕਬਜ਼ਾ ਕਰ ਲਿਆ। ਹੰਗਾਮੇ ਦੌਰਾਨ ਕੁਝ ਪੁਲਿਸ ਮੁਲਾਜ਼ਮਾਂ ਨਾਲ ਧੱਕਾ-ਮੁੱਕੀ ਅਤੇ ਕੁੱਟਮਾਰ ਹੋਣ ਦੇ ਵੀ ਦੋਸ਼ ਲੱਗੇ ਹਨ।
2,500 ਤੋਂ 3,000 ਲੋਕਾਂ ਖ਼ਿਲਾਫ਼ ਐਫਆਈਆਰ ਦਰਜ
ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ ਨੇ ਕਿਹਾ ਕਿ ਪੁਲਿਸ ਨੇ ਹਾਲਾਤ ਨੂੰ ਕਾਬੂ ਵਿੱਚ ਰੱਖਣ ਲਈ ਕਾਰਵਾਈ ਕੀਤੀ। ਉਨ੍ਹਾਂ ਦੱਸਿਆ ਕਿ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਸਮੇਤ 15 ਨਾਮਜ਼ਦ ਵਿਅਕਤੀਆਂ ਅਤੇ ਕਰੀਬ 2,500 ਤੋਂ 3,000 ਅਣਪਛਾਤੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ‘ਤੇ ਆਈਪੀਸੀ ਦੀ ਧਾਰਾ 121(1), 132 ਅਤੇ 223 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਹ ਕੇਸ ਸੈਕਟਰ-49 ਥਾਣੇ ਵਿੱਚ ਸਬ-ਇੰਸਪੈਕਟਰ ਭੁਪਿੰਦਰ ਸਿੰਘ ਦੀ ਸ਼ਿਕਾਇਤ ਦੇ ਆਧਾਰ ‘ਤੇ ਦਰਜ ਹੋਇਆ ਹੈ।
ਪਹਿਲਾਂ ਹੀ ਰੋਕਣ ਦੀ ਬਣੀ ਸੀ ਯੋਜਨਾ
ਸੂਤਰਾਂ ਮੁਤਾਬਕ, ਚੰਡੀਗੜ੍ਹ ਅਤੇ ਮੋਹਾਲੀ ਪੁਲਿਸ ਵਿਚਾਲੇ ਹੋਈ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਸੀ ਕਿ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਨਹੀਂ ਵਧਣ ਦਿੱਤਾ ਜਾਵੇਗਾ। ਯੋਜਨਾ ਅਨੁਸਾਰ ਮੋਹਾਲੀ ਇਲਾਕੇ ਵਿੱਚ ਹੀ ਕੁਝ ਲੋਕਾਂ ਨੂੰ ਹਿਰਾਸਤ ਵਿੱਚ ਲੈਣਾ ਸੀ, ਪਰ ਇਹ ਯੋਜਨਾ ਅਮਲ ਵਿੱਚ ਨਹੀਂ ਆ ਸਕੀ।
ਬੈਰੀਕੇਡ ਟੁੱਟੇ, ਪੁਲਿਸ ਨਾਲ ਹੋਈ ਝੜਪ
ਪ੍ਰਦਰਸ਼ਨ ਤੋਂ ਪਹਿਲਾਂ ਸੰਗਠਨ ਦੇ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਸੀ ਕਿ ਵਿਰੋਧ ਸ਼ਾਂਤੀਪੂਰਵਕ ਹੋਵੇਗਾ ਅਤੇ ਕਿਸੇ ਤਰ੍ਹਾਂ ਦੀ ਭੰਨਤੋੜ ਨਹੀਂ ਕੀਤੀ ਜਾਵੇਗੀ। ਪਰ ਗੋਸ਼ਾਲਾ ਚੌਕ ‘ਤੇ ਪ੍ਰਦਰਸ਼ਨਕਾਰੀਆਂ ਨੇ ਪਹਿਲਾ ਪੁਲਿਸ ਬੈਰੀਕੇਡ ਤੋੜ ਦਿੱਤਾ ਅਤੇ ਪੁਲਿਸ ਨਾਲ ਝੜਪ ਹੋ ਗਈ। ਇਸ ਦੌਰਾਨ ਵਾਟਰ ਕੈਨਨ ਵੀ ਪ੍ਰਦਰਸ਼ਨਕਾਰੀਆਂ ਦੇ ਕਬਜ਼ੇ ਵਿੱਚ ਆ ਗਈ। ਹਾਲਾਤ ਵਿਗੜਦੇ ਦੇਖ ਇਆਲੀ ਖੁਦ ਹਾਰਨ ਵਜਾਉਂਦੇ ਹੋਏ ਲੇਬਰ ਚੌਕ ਪਹੁੰਚੇ ਅਤੇ ਭੀੜ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਦੀ ਅਪੀਲ ਨਹੀਂ ਮੰਨੀ।
-(ਟੀਵੀ 9 ਪੰਜਾਬੀ)
ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


