CM ਮਾਨ ਹੜ੍ਹ ਪੀੜਤਾਂ ਲਈ ਜਾਰੀ ਕਰਨਗੇ 71.50 ਕਰੋੜ, ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ 4 ਲੱਖ ਮੁਆਵਜ਼ਾ
ਚੰਡੀਗੜ੍ਹ, 12 ਜੁਲਾਈ (ਡੇਲੀ ਪੋਸਟ ਪੰਜਾਬੀ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੁੱਧਵਾਰ ਨੂੰ ਹੜ੍ਹ ਪੀੜਤਾਂ ਦੀ ਮਦਦ ਲਈ 71.50 ਕਰੋੜ ਦੀ ਰਾਸ਼ੀ ਜਾਰੀ ਕਰਨਗੇ। ਇਸ ਤੋਂ ਇਲਾਵਾ ਹੜ੍ਹਾਂ ਵਿੱਚ ਜਾਨ ਗਵਾਉਣ ਵਾਲੇ ਪਰਿਵਾਰਾਂ ਨੂੰ ਰਾਹਤ ਫੰਡ ਵਿੱਚੋਂ 4 ਲੱਖ ਰੁਪਏ ਦਾ ਮੁਆਵਜ਼ਾ ਰਾਸ਼ੀ ਜਾਰੀ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਹ ਜਾਣਕਾਰੀ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਵੱਲੋਂ ਦਿੱਤੀ ਗਈ ਹੈ।
ਮੰਤਰੀ ਜ਼ਿੰਪਾ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਆਫ਼ਤ ਨਾਲ ਨਜਿੱਠਣ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਨੇ ਦੱਸਿਆ ਕਿ ਰਾਹਤ ਕਾਰਜਾਂ ਲਈ ਡੀਸੀ ਨੂੰ 33.50 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਪੀੜਤਾਂ ਤੱਕ ਰਾਸ਼ਨ ਅਤੇ ਦਵਾਈਆਂ ਅਤੇ ਹੋਰ ਜ਼ਰੂਰੀ ਵਸਤਾਂ ਪਹੁੰਚਾਉਣ ਦੇ ਨਿਰਦੇਸ਼ ਦਿੱਤੇ।
ਮੀਟਿੰਗ ਵਿੱਚ ਪੰਜਾਬ ਦੇ ਜ਼ਿਲ੍ਹਿਆਂ ਦੇ ਵੱਖ-ਵੱਖ ਡਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਡੀਸੀ ਨੂੰ ਸੰਬੋਧਨ ਕਰਦਿਆਂ ਮੰਤਰੀ ਜ਼ਿੰਪਾ ਨੇ ਖਸਤਾਹਾਲ ਮਕਾਨਾਂ ਦੀ ਪਛਾਣ ਕਰਕੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣ ਲਈ ਕਿਹਾ। ਪਸ਼ੂਆਂ ਨੂੰ ਬਚਾਉਣ, ਉਨ੍ਹਾਂ ਦੀ ਖੁਰਾਕ ਦਾ ਪ੍ਰਬੰਧ ਕਰਨ ਅਤੇ ਜ਼ਰੂਰੀ ਦਵਾਈਆਂ ਦੀ ਡਿਲਿਵਰੀ ਯਕੀਨੀ ਬਣਾਉਣ ਲਈ ਉਤਸ਼ਾਹਿਤ ਕੀਤਾ ਗਿਆ। ਉਨ੍ਹਾਂ ਨੇ ਹੜ੍ਹਾਂ ਨਾਲ ਨਜਿੱਠਣ ਲਈ ਡੀਸੀ ਵੱਲੋਂ ਕੀਤੀਆਂ ਮੰਗਾਂ ਨੂੰ ਪੂਰਾ ਕਰਨ ਲਈ ਸਬੰਧਤ ਵਿਭਾਗਾਂ ਨੂੰ ਵੀ ਹਦਾਇਤ ਕੀਤੀ।