ED ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਭੇਜਿਆ ਚੌਥਾ ਸੰਮਨ
ਦਿੱਲੀ, 13 ਜਨਵਰੀ (ਰੋਜਾਨਾ ਸਪੋਕਸਮੈਨ)- ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਕ ਹੋਰ ਸੰਮਨ ਜਾਰੀ ਕੀਤਾ ਹੈ। ਦਿੱਲੀ ਦੇ ਮੁੱਖ ਮੰਤਰੀ ਨੂੰ ਈਡੀ ਦਾ ਇਹ ਚੌਥਾ ਸੰਮਨ ਹੈ। ਕੇਜਰੀਵਾਲ ਪਹਿਲਾਂ ਦਿਤੇ ਨੋਟਿਸ ‘ਤੇ ਈਡੀ ਸਾਹਮਣੇ ਪੇਸ਼ ਨਹੀਂ ਹੋਏ ਸਨ। ਕੇਜਰੀਵਾਲ ਨੇ ਇਨ੍ਹਾਂ ਨੋਟਿਸਾਂ ਨੂੰ ਗੈਰ-ਕਾਨੂੰਨੀ ਕਿਹਾ ਸੀ। ਹੁਣ ਚੌਥਾ ਸੰਮਨ ਜਾਰੀ ਕਰਕੇ ਈਡੀ ਨੇ ਅਰਵਿੰਦ ਕੇਜਰੀਵਾਲ ਨੂੰ 18 ਜਨਵਰੀ ਨੂੰ ਪੁੱਛਗਿੱਛ ਲਈ ਬੁਲਾਇਆ ਹੈ।
ਆਮ ਆਦਮੀ ਪਾਰਟੀ ਦੇ ਆਗੂਆਂ ਦਾ ਕਹਿਣਾ ਹੈ ਕਿ ਦਿੱਲੀ ਦਾ ਕਥਿਤ ਸ਼ਰਾਬ ਘੁਟਾਲਾ ਫਰਜ਼ੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਨਫੋਰਸਮੈਂਟ ਡਾਇਰੈਕਟੋਰੇਟ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ‘ਜਾਇਜ਼’ ਸੰਮਨ ਭੇਜਦੀ ਹੈ ਤਾਂ ਉਹ ਇਸ ਵਿਚ ਸਹਿਯੋਗ ਕਰਨਗੇ।
‘ਆਪ’ ਦੇ ਕੌਮੀ ਕਨਵੀਨਰ ਕੇਜਰੀਵਾਲ ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਤੀਜੇ ਸੰਮਨ ‘ਤੇ ਈਡੀ ਦੇ ਸਾਹਮਣੇ ਪੇਸ਼ ਨਹੀਂ ਹੋਏ ਅਤੇ ਉਨ੍ਹਾਂ ਨੇ ਸੰਮਨ ਨੂੰ ‘ਗੈਰ-ਕਾਨੂੰਨੀ’ ਅਤੇ ‘ਸਿਆਸਤ ਤੋਂ ਪ੍ਰੇਰਿਤ’ ਕਰਾਰ ਦਿਤਾ ਸੀ।
‘ਆਪ’ ਆਗੂ ਜੈਸਮੀਨ ਸ਼ਾਹ ਦਾ ਕਹਿਣਾ ਹੈ ਕਿ ਕਥਿਤ ਸ਼ਰਾਬ ਘੁਟਾਲੇ ਦੀ ਜਾਂਚ ਪਿਛਲੇ ਦੋ ਸਾਲਾਂ ਤੋਂ ਚੱਲ ਰਹੀ ਹੈ, ਪਰ ਹੁਣ ਤਕ ਈਡੀ ਨੇ ਸਬੂਤ ਵਜੋਂ ਕੁੱਝ ਵੀ ਬਰਾਮਦ ਨਹੀਂ ਕੀਤਾ ਹੈ। ਅਖੌਤੀ ਸ਼ਰਾਬ ਘੁਟਾਲੇ ਦੀ ਜਾਂਚ ਫਰਜ਼ੀ ਹੈ। ਇਸ ਮਾਮਲੇ ਦੀ ਜਾਂਚ ਪਿਛਲੇ ਦੋ ਸਾਲਾਂ ਤੋਂ ਚੱਲ ਰਹੀ ਹੈ ਅਤੇ ਈਡੀ ਨੇ 500 ਤੋਂ ਵੱਧ ਗਵਾਹਾਂ ਤੋਂ ਪੁੱਛਗਿੱਛ ਕੀਤੀ ਹੈ ਅਤੇ 1000 ਤੋਂ ਵੱਧ ਛਾਪੇਮਾਰੀ ਕੀਤੀ ਹੈ ਪਰ ਹੁਣ ਤਕ ਸਬੂਤ ਵਜੋਂ ਇਕ ਰੁਪਿਆ ਵੀ ਬਰਾਮਦ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ‘ਇੰਡੀਆ ਗਠਜੋੜ ਦੇ ਚੋਟੀ ਦੇ ਆਗੂਆਂ ਨੂੰ ਨਿਸ਼ਾਨਾ ਬਣਾਉਣ ਅਤੇ ਚੋਣ ਪ੍ਰਚਾਰ ਤੋਂ ਰੋਕਣ ਲਈ ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨ ਦੀ ਇਹ ਸਾਜ਼ਸ਼ ਹੈ।