FIR ਰੱਦ ਕਰਵਾਉਣ ਹਾਈ ਕੋਰਟ ਪੁੱਜੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੌੜੀ ਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ
ਚੰਡੀਗੜ੍ਹ, 3 ਮਈ (ਪੰਜਾਬੀ ਜਾਗਰਣ)- ਕੈਬਨਿਟ ਮੰਤਰੀ ਅਮਨ ਅਰੋੜਾ ਤੋਂ ਬਾਅਦ ਹੁਣ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੌੜੀ ਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਵੀ ਹਾਈ ਕੋਰਟ ਵਿੱਚ ਪਟੀਸ਼ਨਾਂ ਦਾਇਰ ਕੀਤੀਆਂ ਹਨ। ਇਨ੍ਹਾਂ ਸਾਰਿਆਂ ਨੇ 6 ਅਕਤੂਬਰ ਨੂੰ ਚੰਡੀਗੜ੍ਹ ਵਿਚ ਆਪਣੇ ਖ਼ਿਲਾਫ਼ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਜੱਜ ਦੇ ਛੁੱਟੀ ‘ਤੇ ਹੋਣ ਕਾਰਨ ਇਸ ਮਾਮਲੇ ‘ਚ ਅੱਜ ਸੁਣਵਾਈ ਨਹੀਂ ਹੋ ਸਕੀ।
ਜ਼ਿਕਰਯੋਗ ਹੈ ਕਿ ਲਖੀਮਪੁਰ ਖੇੜੀ ਕਾਂਡ ਦੇ ਵਿਰੋਧ ਚੰਡੀਗੜ੍ਹ ‘ਚ ਗਵਰਨਰ ਹਾਊਸ ਨੇੜੇ ਵਿਰੋਧ ਪ੍ਰਦਰਸ਼ਨ ਨੂੰ ਲੈ ਕੇ ਆਪ ਆਗੂਆਂ ਖਿਲਾਫ਼ 6 ਅਕਤੂਬਰ, 2021 ਨੂੰ ਜਿਹੜੀ ਐਫਆਈਆਰ ਦਰਜ ਕੀਤੀ ਗਈ ਸੀ, ਉਸ ਦੇ ਖ਼ਿਲਾਫ਼ ਆਪ ਆਗੂ ਹਾਈ ਕੋਰਟ ਦਾ ਰੁਖ ਕਰ ਰਹੇ ਹਨ। ਦਿੱਲੀ ਤੋਂ ‘ਆਪ’ ਵਿਧਾਇਕ ਜਰਨੈਲ ਸਿੰਘ ਨੂੰ ਹਾਈਕੋਰਟ ਤੋਂ 19 ਮਈ ਤਕ ਰਾਹਤ ਮਿਲ ਗਈ ਹੈ। ਉਨ੍ਹਾਂ ਤੋਂ ਬਾਅਦ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ।
ਉੱਥੇ ਹੀ ਇਸੇ ਮਾਮਲੇ ਵਿਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੌੜੀ ਤੇ ‘ਆਪ’ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਵੀ ਆਪਣੇ ਖ਼ਿਲਾਫ਼ ਦਰਜ ਐਫਆਈਆਰ ਰੱਦ ਕਰਨ ਦੀ ਮੰਗ ਕੀਤੀ ਹੈ।
ਇਨ੍ਹਾਂ ਸਾਰੀਆਂ ਪਟੀਸ਼ਨਾਂ ‘ਤੇ ਅੱਜ ਹਾਈ ਕੋਰਟ ‘ਚ ਸੁਣਵਾਈ ਹੋਣੀ ਸੀ, ਪਰ ਜਸਟਿਸ ਰਾਜ ਮੋਹਨ ਸਿੰਘ ਅੱਜ ਛੁੱਟੀ ‘ਤੇ ਹਨ, ਇਸ ਲਈ ਹੁਣ ਹਾਈ ਕੋਰਟ ਇਨ੍ਹਾਂ ਤਿੰਨਾਂ ਪਟੀਸ਼ਨਾਂ ‘ਤੇ ਭਲਕੇ ਸੁਣਵਾਈ ਕਰੇਗੀ। ਇਨ੍ਹਾਂ ਤਿੰਨਾਂ ਖ਼ਿਲਾਫ਼ 6 ਅਕਤੂਬਰ 2021 ਨੂੰ ਚੰਡੀਗੜ੍ਹ ਵਿੱਚ ਆਈਪੀਸੀ ਦੀ ਧਾਰਾ-188, 186, 353, 332 ਤਹਿਤ ਐਫਆਈਆਰ ਦਰਜ ਕੀਤੀ ਗਈ ਸੀ।