Moga Sex Scandal : ਮੋਹਾਲੀ ਸੀਬੀਆਈ ਅਦਾਲਤ ਨੇ 18 ਸਾਲ ਪੁਰਾਣੇ ਮਾਮਲੇ ਵਿੱਚ ਦਿੱਤਾ ਵੱਡਾ ਫੈਸਲਾ, ਪੰਜਾਬ ਪੁਲਿਸ ਦੇ ਸਾਬਕਾ ਐਸਐਸਪੀ ਸਮੇਤ 4 ਕਰਮਚਾਰੀਆਂ ਨੂੰ 5-5 ਸਾਲ ਦੀ ਸਜ਼ਾ
Moga Sex Scandal : ਸੀਬੀਆਈ ਦੀ ਵਿਸ਼ੇਸ਼ ਅਦਾਲਤ (ਮੋਹਾਲੀ ਸੀਬੀਆਈ ਅਦਾਲਤ) ਨੇ ਇਸ ਮਾਮਲੇ ਦੇ ਦੋਸ਼ੀ ਸਾਬਕਾ ਐਸਐਸਪੀ ਸਮੇਤ 4 ਪੁਲਿਸ ਮੁਲਾਜ਼ਮਾਂ ਨੂੰ 5-5 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ਮੁਲਜ਼ਮਾਂ ‘ਤੇ 2-2 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ।

ਮੋਹਾਲੀ – ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਮੋਗਾ ਸੈਕਸ ਸਕੈਂਡਲ ਮਾਮਲੇ ਵਿੱਚ ਵੱਡਾ ਫੈਸਲਾ ਸੁਣਾਇਆ ਹੈ। ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਇਸ ਮਾਮਲੇ ਦੇ ਦੋਸ਼ੀ ਸਾਬਕਾ ਐਸਐਸਪੀ ਸਮੇਤ ਚਾਰ ਪੁਲਿਸ ਮੁਲਾਜ਼ਮਾਂ ਨੂੰ ਪੰਜ-ਪੰਜ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ਮੁਲਜ਼ਮਾਂ ‘ਤੇ 2-2 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ।
ਜ਼ਿਕਰਯੋਗ ਹੈ ਕਿ ਕੱਲ੍ਹ ਇਸ 18 ਸਾਲ ਪੁਰਾਣੇ ਮਾਮਲੇ ਵਿੱਚ ਇੱਕ ਮਹੱਤਵਪੂਰਨ ਫੈਸਲਾ ਸੁਣਾਉਂਦੇ ਹੋਏ, ਅਦਾਲਤ ਨੇ ਸਾਬਕਾ ਐਸਐਸਪੀ ਮੋਗਾ ਡੀਐਸ ਗਰਚਾ, ਸਾਬਕਾ ਐਸਪੀ ਹੈੱਡਕੁਆਰਟਰ ਪੀਐਸ ਸੰਧੂ, ਐਸਐਚਓ ਅਮਰੀਕ ਸਿੰਘ ਅਤੇ ਐਸਐਚਓ ਰਮਨ ਕੁਮਾਰ ਨੂੰ ਦੋਸ਼ੀ ਠਹਿਰਾਇਆ ਸੀ, ਜਦੋਂ ਕਿ ਐਸਐਚਓ ਰਮਨ ਕੁਮਾਰ ਨੂੰ ਭ੍ਰਿਸ਼ਟਾਚਾਰ ਦੇ ਨਾਲ-ਨਾਲ ਜਬਰੀ ਵਸੂਲੀ ਐਕਟ ਦੀਆਂ ਧਾਰਾਵਾਂ ਤਹਿਤ ਦੋਸ਼ੀ ਪਾਇਆ ਗਿਆ ਸੀ।
ਸ਼ਿਕਾਇਤਕਰਤਾ ਨੇ ਫੈਸਲੇ ‘ਤੇ ਸੰਤੁਸ਼ਟੀ ਪ੍ਰਗਟ ਕੀਤੀ
ਮਾਮਲੇ ਦੇ ਸ਼ਿਕਾਇਤਕਰਤਾ ਰਣਜੀਤ ਸਿੰਘ ਨੇ ਕਿਹਾ ਕਿ ਇਹ ਫੈਸਲਾ ਬਹੁਤ ਹੀ ਵਧੀਆ ਹੈ। ਉਨ੍ਹਾਂ ਕਿਹਾ ਕਿ ਉਹ ਇਸ ਫੈਸਲੇ ਤੋਂ ਸੰਤੁਸ਼ਟ ਹਨ। ਤੁਹਾਨੂੰ ਦੱਸ ਦੇਈਏ ਕਿ 29 ਮਾਰਚ ਨੂੰ ਅਦਾਲਤ ਨੇ ਇਸ ਮਾਮਲੇ ਦੇ ਵਿੱਚ ਚਾਰਾਂ ਨੂੰ ਦੋਸ਼ੀ ਪਾਇਆ ਸੀ। ਅਕਾਲੀ ਆਗੂ ਤੋਤਾ ਸਿੰਘ ਪੁੱਤਰ ਬਰਜਿੰਦਰ ਸਿੰਘ ਉਰਫ਼ ਮੱਖਣ ਬਰਾੜ ਅਤੇ ਸੁਖਰਾਜ ਸਿੰਘ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ।
ਇਹ ਸਜ਼ਾ ਕਿਸ ਧਾਰਾ ਅਧੀਨ ਦਿੱਤੀ ਗਈ?
ਸੀਬੀਆਈ ਅਦਾਲਤ ਨੇ ਦਵਿੰਦਰ ਸਿੰਘ ਗਰਚਾ ਅਤੇ ਪੀਐਸ ਸੰਧੂ ਨੂੰ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 13(1)(d) ਦੇ ਨਾਲ-ਨਾਲ 13(2) ਦੇ ਤਹਿਤ ਦੋਸ਼ੀ ਪਾਇਆ ਸੀ ਅਤੇ ਰਮਨ ਕੁਮਾਰ ਅਤੇ ਅਮਰਜੀਤ ਸਿੰਘ ਨੂੰ ਵੀ ਪੀਸੀ ਐਕਟ ਦੀਆਂ ਉਕਤ ਧਾਰਾਵਾਂ ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 384 (ਜ਼ਬਰਦਸਤੀ ਹਮਲਾ) ਤਹਿਤ ਦੋਸ਼ੀ ਠਹਿਰਾਇਆ ਗਿਆ ਸੀ। ਅਮਰਜੀਤ ਸਿੰਘ ਨੂੰ ਧਾਰਾ 384 ਦੇ ਨਾਲ-ਨਾਲ ਧਾਰਾ 511 ਤਹਿਤ ਵੀ ਦੋਸ਼ੀ ਪਾਇਆ ਗਿਆ।
ਇਹ ਵੀ ਪੜ੍ਹੋ- World Health Day 2025: ‘ਵਿਸ਼ਵ ਸਿਹਤ ਦਿਵਸ’ ਕਿਉਂ ਮਨਾਇਆ ਜਾਂਦਾ ਹੈ, ਆਪਣੀ ਸਿਹਤ ਦਾ ਧਿਆਨ ਕਿਵੇਂ ਰੱਖਣਾ ਹੈ
ਕੀ ਹੈ ਪੂਰਾ ਮਾਮਲਾ:-
2007 ਦੇ ਮੋਗਾ ਸੈਕਸ ਸਕੈਂਡਲ ਵਿੱਚ ਮਨਜੀਤ ਕੌਰ ਅਤੇ ਉਸਦੇ ਪਤੀ ਨੂੰ ਦੋ ਨਾਬਾਲਗ ਕੁੜੀਆਂ ਸਮੇਤ ਹਿਰਾਸਤ ਵਿੱਚ ਲਿਆ ਗਿਆ ਸੀ। ਜਿਸ ਤੋਂ ਬਾਅਦ 2013 ਵਿੱਚ ਜ਼ਮਾਨਤ ‘ਤੇ ਰਿਹਾਅ ਹੋਣ ਤੋਂ ਬਾਅਦ ਮਨਜੀਤ ਕੌਰ ਸਰਕਾਰੀ ਗਵਾਹ ਬਣ ਗਈ। ਜਿਸਦੀ ਸਤੰਬਰ 2018 ਵਿੱਚ ਜ਼ੀਰਾ ਵਿੱਚ ਉਸਦੇ ਪਤੀ ਸਮੇਤ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਅੱਜ ਇਸ ਮਾਮਲੇ ਵਿੱਚ ਇੱਕ ਮਹੱਤਵਪੂਰਨ ਫੈਸਲਾ ਸੁਣਾਉਂਦੇ ਹੋਏ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਕਿਹਾ ਕਿ ਉਸ ਸਮੇਂ ਦੇ ਆਈਪੀਐਸ ਅਧਿਕਾਰੀ ਦਵਿੰਦਰ ਸਿੰਘ ਗਰਚਾ ਐਸਐਸਪੀ ਮੋਗਾ, ਪੀਐਸ ਸੰਧੂ ਐਸਪੀ ਹੈੱਡਕੁਆਰਟਰ, ਰਮਨ ਕੁਮਾਰ ਮੋਗਾ ਸਿਟੀ ਪੁਲਿਸ ਸਟੇਸ਼ਨ ਦੇ ਮੁਖੀ ਅਤੇ ਐਸਐਚਓ ਅਮਰਜੀਤ ਸਿੰਘ ਮੋਗਾ ਵਿੱਚ ਤਾਇਨਾਤ ਸਨ। ਉਨ੍ਹਾਂ ਨੇ ਇੱਕ ਕਾਰੋਬਾਰੀ ਨੂੰ ਕਾਗਜ਼ਾਂ ਵਿੱਚ ਨਾਮ ਦਰਜ ਕਰਵਾਉਣ ਦੀ ਧਮਕੀ ਦੇ ਕੇ ਬਲੈਕਮੇਲ ਕੀਤਾ ਅਤੇ ਕਈ ਹੋਰ ਲੋਕਾਂ ਤੋਂ ਰਿਸ਼ਵਤ ਲਈ। ਮੋਗਾ ਦੇ ਇੱਕ ਕਾਰੋਬਾਰੀ ਨੇ ਇਸ ਸਬੰਧ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਅਤੇ ਕੇਸ ਸੀਬੀਆਈ ਨੂੰ ਸੌਂਪ ਦਿੱਤਾ ਗਿਆ। ਸੀਬੀਆਈ ਅਦਾਲਤ ਨੇ 29 ਮਾਰਚ ਨੂੰ ਮੁਲਜ਼ਮ ਨੂੰ ਦੋਸ਼ੀ ਠਹਿਰਾਇਆ ਸੀ।
–(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।