Breaking- ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਮਿਲਾ ਕੇ 2 ਸਾਲਾਂ ਤੋਂ ਕਣਕ ਦੀ ਬਿਜਾਈ ਕਰ ਰਿਹਾ ਅਗਾਂਹਵਧੂ ਕਿਸਾਨ ਬਲਵਿੰਦਰ ਸਿੰਘ
ਹੋਰਨਾਂ ਕਿਸਾਨਾਂ ਨੂੰ ਵੀ ਅੱਗ ਨਾ ਲਗਾਉਣ ਦੀ ਕੀਤੀ ਅਪੀਲ
ਫਰੀਦਕੋਟ, 27 ਅਕਤੂਬਰ – (ਪੰਜਾਬ ਡਾਇਰੀ) ਜਿਲੇ ਦੇ ਪਿੰਡ ਰਾਮੇਆਣਾ ਦੇ ਅਗਾਂਹਵਧੂ ਕਿਸਾਨ ਬਲਵਿੰਦਰ ਸਿੰਘ ਨੇ ਪਿਛਲੇ 2 ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਅਤੇ ਗੱਠਾਂ ਬਣਾ ਕੇ ਮਿਸਾਲ ਬਣ ਜਿੱਥੇ ਦੂਸਰੇ ਕਿਸਾਨਾਂ ਨੂੰ ਵੀ ਇਸ ਸਬੰਧੀ ਜਾਗਰੂਕ ਕਰ ਰਿਹਾ ਹੈ,ਉੱਥੇ ਹੀ ਬਿਨਾ ਅੱਗ ਲਾ ਕੇ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਮਿਲਾ ਕੇ ਕਣਕ ਦੀ ਬਿਜਾਈ ਕਰਕੇ ਇਕ ਸਫਲ ਕਿਸਾਨ ਵਜੋਂ ਉੱਭਰ ਰਿਹਾ ਹੈ।
ਕਿਸਾਨ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ 5 ਕਿੱਲਿਆਂ ਵਿੱਚ ਖੇਤੀ ਕਰ ਰਿਹਾ ਹੈ ਅਤੇ ਪਿਛਲੇ 2 ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲੱਗਾ ਰਿਹਾ।ਉਸ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਸਾੜਨ ਨਾਲ ਜਿੱਥੇ ਧਰਤੀ ਦੀ ਉਪਜਾਊ ਸ਼ਕਤੀ ਘੱਟਦੀ ਹੈ, ਉਸ ਦੇ ਨਾਲ ਹੀ ਹਵਾ ਵਿੱਚ ਜਹਿਰੀਲੀ ਗੈਸ ਪੈਦਾ ਹੋਣ ਨਾਲ ਜੀਵ ਜੰਤੂਆਂ ਤੇ ਸਮੁੱਚੀ ਮਨੁੱਖਤਾ ਨੂੰ ਵੀ ਕਾਫੀ ਨੁਕਸਾਨ ਪਹੁੰਚਦਾ ਹੈ। ਉਸ ਦੇ ਦੱਸਿਆ ਕਿ ਪਿਛਲੇ ਸਾਲ ਉਸ ਨੇ ਪਰਾਲੀ ਦੀਆਂ ਗੱਠਾ ਬਣਾਈਆਂ ਸਨ।ਉਸ ਨੇ ਕਿਹਾ ਕਿ ਇਸ ਵਾਰ ਵੀ ਉਹ ਕਿਸਾਨ ਸੁਖਵਿੰਦਰ ਸਿੰਘ ਦੀ ਬੇਲਰ ਮਸ਼ੀਨ ਨਾਲ ਗੱਠਾਂ ਬਣਾਉਣ ਉਪਰੰਤ ਸੁਪਰ ਸੀਡਰ ਦੀ ਮਦਦ ਨਾਲ ਕਣਕ ਦੀ ਬਿਜਾਈ ਕਰੇਗਾ। ਇਸ ਨਾਲ ਖੇਤ ਵਿੱਚ ਅੱਗ ਲਗਾਉਣ ਦੀ ਲੋੜ ਨਹੀਂ ਪਵੇਗੀ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੀ ਆਪਣੇ ਖੇਤਾਂ ਵਿੱਚ ਝੋਨੇ ਦੀ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਅਤੇ ਉਸ ਨੂੰ ਖੇਤਾਂ ਵਿੱਚ ਹੀ ਵਾਹੁਣ ਤਾਂ ਜੋ ਜਮੀਨ ਵਿਚਲੇ ਮਿੱਤਰ ਕੀੜਿਆਂ ਨੂੰ ਕਿਸੇ ਕਿਸਮ ਦਾ ਨੁਕਸਾਨ ਨਾ ਹੋਵੇ ਅਤੇ ਜਮੀਨ ਦੀ ਉਪਜਾਊ ਸ਼ਕਤੀ ਬਣੀ ਰਹੇ।
ਉਨ੍ਹਾਂ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਪਰਾਲੀ ਨੂੰ ਅੱਗ ਲਾਉਣੀ ਬੰਦ ਕੀਤੀ ਹੈ, ਉਦੋਂ ਤੋਂ ਮਿੱਟੀ ਦਾ ਸਿਹਤ ਸੁਧਾਰ ਹੋਇਆ ਹੈ ਅਤੇ ਖੇਤੀ ਖਰਚੇ ਘਟੇ ਹਨ ਤੇ ਆਮਦਨ ਵਧੀ ਹੈ। ਉਨ੍ਹਾਂ ਜ਼ਿਲ੍ਹੇ ਦੇ ਹੋਰਨਾਂ ਕਿਸਾਨਾਂ ਨੂੰ ਵੀ ਫਸਲੀ ਰਹਿੰਦ ਖੂੰਹਦ ਦਾ ਵਾਤਾਵਰਨ ਪੱਖੀ ਨਿਬੇੜਾ ਕਰਨ ਦੀ ਅਪੀਲ ਕੀਤੀ।
ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਖੇਤੀਬਾੜੀ ਅਧਿਕਾਰੀਆਂ ਨੇ ਵੀ ਕਿਸਾਨ ਬਲਵਿੰਦਰ ਸਿੰਘ ਦੇ ਖੇਤਾਂ ਦਾ ਦੌਰਾ ਕੀਤਾ ਅਤੇ ਬਲਵਿੰਦਰ ਸਿੰਘ ਨੂੰ ਹੋਰਨਾਂ ਕਿਸਾਨਾਂ ਨੂੰ ਵੀ ਪ੍ਰੇਰਿਤ ਕਰਨ ਦੀ ਅਪੀਲ ਕੀਤੀ।