Breaking- ਜਨਤਕ ਇਕੱਠਾ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲਿਜਾਣ, ਪ੍ਰਦਰਸ਼ਨ ਕਰਨ ਅਤੇ ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ਤੇ ਪਾਬੰਦੀ
ਭਾਈਚਾਰੇ ਵਿਰੁੱਧ ਨਫਰਤ ਭਰਿਆ ਭਾਸ਼ਣ ਦੇਣ ਵਾਲੇ ਵਿਰੁੱਧ ਹੋਵੇਗੀ ਸਖਤ ਕਾਨੂੰਨੀ ਕਾਰਵਾਈ
ਫਰੀਦਕੋਟ, 15 ਨਵੰਬਰ – (ਪੰਜਾਬ ਡਾਇਰੀ) ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਗ੍ਰਹਿ-2 ਸ਼ਾਖਾ) ਚੰਡੀਗੜ੍ਹ ਵੱਲੋਂ ਜਾਰੀ ਹੁਕਮਾਂ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਜਨਤਕ ਇਕੱਠਾ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲਿਜਾਣ, ਪ੍ਰਦਰਸ਼ਨ ਕਰਨ ਅਤੇ ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ਤੋਂ ਪਾਬੰਦੀ ਲਗਾਉਣ ਅਤੇ ਕਿਸੇ ਵੀ ਭਾਈਚਾਰੇ ਵਿਰੁੱਧ ਨਫਰਤ ਭਰਿਆ ਭਾਸ਼ਣ ਦੇਣ ਵਾਲੇ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੇ ਜਾਣ ਦੇ ਉਪਰਾਲੇ ਕੀਤੇ ਜਾਣੇ ਜ਼ਰੂਰੀ ਹਨ। ਜਿਸ ਦੇ ਮੱਦੇਨਜ਼ਰ ਜਿਲ੍ਹਾ ਮੈਜਿਸਟਰੇਟ ਡਾ. ਰੂਹੀ ਦੁੱਗ ਆਈ.ਏ.ਐਸ ਫਰੀਦਕੋਟ ਨੇ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ਦੀ ਹਦੂਦ ਅੰਦਰ ਇਨ੍ਹਾਂ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮਾਂ ਅਨੁਸਾਰ ਜਿਲਾ ਫਰੀਦਕੋਟ ਅੰਦਰ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ/ਸੋਸ਼ਲ ਮੀਡੀਆ ਰਾਹੀਂ ਪ੍ਰਦਰਸ਼ਨ ਤੇ ਪੂਰਨ ਤੌਰ ਤੇ ਪਾਬੰਦੀ ਹੋਵੇਗੀ। ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾ ਤੇ ਪੂਰਨ ਪਾਬੰਦੀ ਲਾਗੂ ਹੋਵੇਗੀ। ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ਤੇ ਪੂਰਨ ਪਾਬੰਦੀ ਲਾਗੂ ਕੀਤੀ ਗਈ ਹੈ। ਕਿਸੇ ਵੀ ਭਾਈਚਾਰੇ ਵਿਰੁੱਧ ਨਫਰਤ ਭਰਿਆ ਭਾਸ਼ਣ ਦੇਣ ਤੇ ਵੀ ਪਾਬੰਦੀ ਲਾਗੂ ਹੋਵੇਗੀ। ਇਹ ਪਾਬੰਦੀ 12 ਜਨਵਰੀ 2023 ਤੱਕ ਲਾਗੂ ਰਹੇਗੀ।
ਉਨ੍ਹਾਂ ਕਿਹਾ ਕਿ ਜੇਕਰ ਜਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਕੋਈ ਵੀ ਆਮ ਅਤੇ ਖਾਸ ਇਹਨਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸਦੇ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇਗੀ।