Breaking- ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਸਾਲ 2023 ਦਾ ਕੈਲੰਡਰ ਜਾਰੀ
ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਵਰਗਾਂ ਦੀਆਂ ਤਰੱਕੀਆਂ ਦੇ ਹੁਕਮ ਤੁਰੰਤ ਜਾਰੀ ਕਰਨ ਦੀ ਕੀਤੀ ਮੰਗ
ਕੋਟਕਪਰਾ, 3 ਜਨਵਰੀ – (ਪੰਜਾਬ ਡਾਇਰੀ) ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਇਕਾਈ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਸ਼ਿੰਦਰਪਾਲ ਸਿੰਘ ਢਿੱਲੋ , ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਸਹਿਦੇਵ, ਮਹੇਸ਼ ਜੈਨ, ਬੇਅੰਤ ਸਿੰਘ ਮੌੜ ਤੇ ਧਰਮਿੰਦਰ ਸਿੰਘ ਲੈਕਚਰਾਰ ਵੱਲੋਂ ਅੱਜ ਇੱਥੇ ਸਥਾਨਕ ਡਾ ਹਰੀ ਸਿੰਘ ਸੇਵਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਜੱਥੇਬੰਦੀ ਦੇ ਸਾਬਕਾ ਸੂਬਾ ਪ੍ਰਧਾਨ ਤੇ ਕਿਰਤ ਦੀ ਲਹਿਰ ਨੂੰ ਪ੍ਰਣਾਏ ਕਾਮਰੇਡ ਰਣਧੀਰ ਸਿੰਘ ਗਿੱਲ ਦੀ ਨਿੱਘੀ ਯਾਦ ਨੂੰ ਸਮਰਪਿਤ ਜੱਥੇਬੰਦੀ ਦਾ ਸਾਲ 2023 ਦਾ ਕੈਲੰਡਰ ਜਾਰੀ ਕੀਤਾ ਗਿਆ ਅਤੇ ਵੱਖ ਵੱਖ ਸਕੂਲਾਂ ਨੂੰ ਕੈਲੰਡਰ ਵੰਡਣ ਦੀਆਂ ਡਿਊਟੀਆਂ ਲਾਈਆਂ ਗਈਆਂ। ਇਸ ਮੌਕੇ ਤੇ ਸੰਬੋਧਨ ਕਰਦਿਆਂ ਅਧਿਆਪਕ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਨਵਰੀ 2004 ਤੋਂ ਬਾਅਦ ਭਰਤੀ ਸਮੂਹ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਨੂੰ ਹੂਬਹੂ ਬਹਾਲ ਕਰਨ ਲਈ ਵਿਸਤਾਰ ਸਹਿਤ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ, ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਵੱਲੋਂ ਪੈਦਾ ਕੀਤੀਆਂ ਤਰੁੱਟੀਆਂ ਦੂਰ ਕੀਤੀਆਂ ਜਾਣ, ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਬਕਾਇਆ 38 ਫੀਸਦੀ ਮਹਿੰਗਾਈ ਭੱਤੇ ਦੀ ਕਿਸ਼ਤ ਕੇਂਦਰੀ ਪੈਟਰਨ ਅਨੁਸਾਰ ਤੁਰੰਤ ਜਾਰੀ ਕੀਤੀ ਜਾਵੇ, ਕੰਪਿਊਟਰ ਅਧਿਆਪਕਾਂ ਦੀਆਂ ਸੇਵਾਵਾਂ ਪਿਕਟਸ ਵਿੱਚ ਬਾਹਰ ਕਰਕੇ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ, ਸਿੱਖਿਆ ਵਿਭਾਗ ਵਿੱਚ ਵੱਖ ਵੱਖ ਵਰਗਾਂ ਦੀਆਂ ਖਾਲੀ ਪਈਆਂ ਸਾਰੀਆਂ ਆਸਾਮੀਆਂ ਰੈਗੂਲਰ ਤੌਰ ਤੇ ਭਰੀਆਂ ਜਾਣ ਅਤੇ ਵੱਖ ਵੱਖ ਵਰਗਾਂ ਦੀਆਂ ਬਕਾਇਆ ਪਈਆਂ ਤਰੱਕੀਆਂ ਦੇ ਹੁਕਮ ਤੁਰੰਤ ਜਾਰੀ ਕੀਤੇ ਜਾਣ ਆਦਿ ਮਸਲੇ ਤੁਰੰਤ ਅਮਲੀ ਰੂਪ ਵਿੱਚ ਲਾਗੂ ਕੀਤੇ ਜਾਣ । ਇਸ ਮੌਕੇ ਤੇ ਆਧੁਨਿਕ ਭਾਰਤ ਦੀ ਪਹਿਲੀ ਇਸਤਰੀ ਅਧਿਆਪਕਾ ਸਵਿਤਰੀ ਬਾਈ ਫੂਲੇ ਵੱਲੋਂ ਸਮਾਜ ਪ੍ਰਤੀ ਪਾਏ ਗਏ ਯੋਗਦਾਨ ਨੂੰ ਯਾਦ ਕੀਤਾ ਗਿਆ । ਇਸ ਤੋਂ ਇਲਾਵਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਫੋਕੀ ਇਸ਼ਤਿਹਾਰਬਾਜ਼ੀ ਕਰਕੇ ਖ਼ਜ਼ਾਨੇ ਨੂੰ ਚੂਨਾ ਲਉਣ ਦੀ ਸਖ਼ਤ ਨਿਖੇਧੀ ਕੀਤੀ ਗਈ ।